ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੇ ਜ਼ਿਲ੍ਹਾ ਪ੍ਰਸਾਸ਼ਨ ਸਖਤ, 18 ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ
– ਸੁਪਰ ਐਸ ਐਮ ਐਸ ਨਾ ਹੋਣ ਤੇ 6 ਕੰਬਾਈਨਾਂ ਦਾ ਚਲਾਨ
– 8 ਨੋਡਲ ਅਫ਼ਸਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ
ਫ਼ਰੀਦਕੋਟ- ਫ਼ਰੀਦਕੋਟ ਜਿਲ੍ਹੇ ਵਿੱਚ ਨੈਸ਼ਨਲ ਗਰੀਨ ਟ੍ਰਿਬਿਊਨਲ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਕਟਾਈ ਉਪਰੰਤ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵੱਲੋਂ ਜੰਗੀ ਪੱਧਰ ਤੇ ਕਾਰਜ ਕੀਤੇ ਜਾ ਰਹੇ ਹਨ ਤੇ ਟੀਮਾਂ ਲਗਾਤਾਰ ਦਿਨ ਵੇਲੇ ਪਿੰਡਾਂ ਦੇ ਵਿੱਚ ਰਹਿੰਦੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੀਤਾ।
ਇਹ ਵੀ ਪੜ੍ਹੋ-ਯੂ.ਕੇ., ਅਮਰੀਕਾ ਤੇ ਕੈਨੇਡਾ ਦੇ ਸਿੱਖਾਂ ਲਈ ਪਾਕਿਸਤਾਨ ਦਾ ਵੱਡਾ ਐਲਾਨ, ਮਿਲੇਗਾ ਮੁਫਤ ਆਨਲਾਈਨ ਵੀਜ਼ਾ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੀਮਾਂ ਤੋਂ ਇਲਾਵਾ ਉਹ ਖੁਦ ਤੇ ਐਸ.ਐਸ.ਪੀ ਡਾ. ਪ੍ਰੱਗਿਆ ਜੈਨ ਵਲੋਂ ਵੀ ਫੀਲਡ ਵਿੱਚ ਜਾ ਕੇ ਅੱਗ ਲੱਗਣ ਦੀਆਂ ਘਟਨਾਵਾਂ ਤੇ ਨਿਗਾਹ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ
ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੂਰੇ ਜਿਲ੍ਹੇ ਵਿੱਚ ਜਿੱਥੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ਤੇ ਜਾਰੀ ਹੈ, ਉੱਥੇ ਹੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਦੇ ਚਾਲਾਨ ਕੱਟੇ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਪੰਚਾਇਤਾ, ਸਹਿਕਾਰੀ ਸਭਾਵਾਂ ਤੇ ਨਿੱਜੀ ਵਿਅਕਤੀਆਂ ਨੂੰ ਖੇਤੀ ਮਸ਼ੀਨਰੀ ਸਬਸਿਡੀ ਤੇ ਮੁਹੱਈਆ ਕਰਵਾਈ ਗਈ ਹੈ ਅਤੇ ਇਸ ਸਮੇਂ ਖੇਤੀ ਮਸ਼ੀਨਰੀ ਦੀ ਉਪਲੱਬਧਤਾ ਸਬੰਧੀ ਪਿੰਡ ਪੱਧਰ ਤੇ ਲਿਸਟਾਂ ਮੁਹੱਈਆਂ ਕਰਵਾਈਆਂ ਗਈਆਂ ਹਨ ਅਤੇ ਕਿਊ.ਆਰ. ਕੋਡ ਵੀ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਅਮਰੀਕਾ ਨੇ ਲਾਰੇਂਸ ਬਿਸ਼ਨੋਈ ਦੇ ਭਰਾ ਅਨਮੋਲ ਦੀ ਦਿੱਤੀ ‘ਖ਼ਬਰ’, ਵੱਡੀ ਕਾਰਵਾਈ ਦੀ ਤਿਆਰੀ ‘ਚ ਮੁੰਬਈ ਪੁਲਿਸ
ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੇ ਸੀਜ਼ਨ ਦੌਰਾਨ ਜਿਲ੍ਹੇ ਦੇ ਸਮੂਹ ਪਿੰਡਾਂ ਲਈ 17 ਕਲੱਸਟਰ ਅਫਸਰਾਂ ਦੀ ਨਿਗਰਾਨੀ ਹੇਠ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਜਾਗਰੂਕਤਾ ਮੁਹਿੰਮ/ਕਾਰਵਾਈ ਲਈ 91 ਨੋਡਲ ਅਧਿਕਾਰੀ ਲਗਾਏ ਗਏ ਹਨ, ਜੋ ਕਿਤੇ ਵੀ ਅੱਗ ਲੱਗਣ ਦੀ ਘਟਨਾ ਦਾ ਪਤਾ ਲੱਗਣ ਤੇ ਤੁਰੰਤ ਕਾਰਵਾਈ ਹੋਂਦ ਵਿੱਚ ਲਿਆ ਰਹੇ ਹਨ। ਉਨ੍ਹਾਂ ਕਿਹਾ ਕਿ ਹਾਰਵੈਸਟ ਕੰਬਾਇਨਾਂ ਲਈ ਸੁਪਰ ਐਸ.ਐਮ.ਐਸ ਤਕਨੀਕ ਲਾਜਮੀ ਕੀਤਾ ਗਿਆ ਹੈ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸੰਭਾਲ ਅਤੇ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਦੇ ਫਾਇਦਿਆਂ ਬਾਰੇ ਵੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਰਿਮੋਰਟ ਸੈਂਸਰਿੰਗ ਸੈਂਟਰ ਲੁਧਿਆਣਾ ਵੱਲੋਂ ਜਿਲ੍ਹੇ ਵਿੱਚ ਹੁਣ ਤੱਕ 51 ਕੇਸ ਦਰਜ ਕੀਤੇ ਗਏ ਹਨ,ਜਿਨਾਂ ਦੇ ਵਿੱਚੋਂ 18 ਕੇਸ ਅੱਗ ਲੱਗਣ ਦੇ ਹਨ, ਅਤੇ 33 ਕੇਸ ਅੱਗ ਲੱਗਣ ਦੇ ਨਹੀਂ ਹਨ। ਉਹਨਾਂ ਦੱਸਿਆ ਕਿ ਇਸ ਸਬੰਧੀ 18 ਵਿਅਕਤੀਆਂ ਦੇ ਵਿਰੁੱਧ ਐਫ.ਆਈ.ਆਰ ਦਰਜ ਕੀਤੀਆਂ ਗਈਆਂ ਹਨ ਅਤੇ ਉਨ੍ਹਾਂ ਦੇ ਮਾਲ ਰਿਕਾਰਡ ਵਿੱਚ ਰੈੱਡ ਐਂਟਰੀ ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ-ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਗਿਣਿਆ ਗਿਆ ਅੰਮ੍ਰਿਤਸਰ, AQI 339, ਚੰਡੀਗੜ੍ਹ 297 ‘ਤੇ ਪਹੁੰਚਿਆ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਉਹਨਾਂ ਨੂੰ ਬਣਦਾ ਜੁਰਮਾਨਾ 50 ਹਜਾਰ ਰੁਪਏ ਵੀ ਕੀਤਾ ਗਿਆ ਹੈ।
ਜ਼ਿਲ੍ਹਾ ਮਜਿਸਟਰੇਟ ਵੱਲੋਂ ਸਾਰੀਆਂ ਕੰਬਾਈਨਾਂ ਨੂੰ ਸੁਪਰ ਐਸਐਮਐਸ ਨਾਲ ਲਗਾ ਕੇ ਕਟਾਈ ਕਰਨ ਲਈ ਕਿਹਾ ਗਿਆ ਸੀ ਤੇ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਛੇ ਕੰਬਾਈਨਾਂ ਜਿਹਨਾਂ ਤੇ ਸੁਪਰ ਐਸਐਮਐਸ ਨਹੀਂ ਲੱਗਿਆ ਹੋਇਆ ਸੀ ਉਨ੍ਹਾਂ ਦੇ ਚਲਾਨ ਕੱਟੇ ਗਏ ਹਨ। ਇਸ ਤੋਂ ਇਲਾਵਾ ਅੱਠ ਨੋਡਲ ਅਫਸਰ ਜਿਨ੍ਹਾਂ ਦੇ ਏਰੀਏ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
-(ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।