ਪੁਲਿਸ ਨੇ ਹਰਿਮੰਦਰ ਸਾਹਿਬ ਦੀ ਵਧਾਈ ਸੁਰੱਖਿਆ, ਡੀਜੀਪੀ ਨੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹ, 5 ਜੂਨ (ਡੇਲੀ ਪੋਸਟ ਪੰਜਾਬੀ)- ਸ੍ਰੀ ਹਰਿਮੰਦਰ ਸਾਹਿਬ ਦੇ ਨਾਲ-ਨਾਲ ਅੰਮ੍ਰਿਤਸਰ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ‘ਚ ਵਾਧੂ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਇਹ ਸੁਰੱਖਿਆ ਬਲੂ ਸਟਾਰ ਆਪ੍ਰੇਸ਼ਨ ਦੀ ਬਰਸੀ ਨੂੰ ਲੈ ਕੇ ਕੀਤੀ ਜਾ ਰਹੀ ਹੈ। ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਣ ਲਈ ਤਿਆਰ ਪੁਲਿਸ ਫੋਰਸ ਦਾ ਜਾਇਜ਼ਾ ਲੈਣ ਲਈ ਐਤਵਾਰ ਦੁਪਹਿਰ ਨੂੰ ਅੰਮ੍ਰਿਤਸਰ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਡੀਜੀਪੀ ਦੇ ਨਾਲ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਅਤੇ ਡੀਜੀਪੀ ਪਰਮਿੰਦਰ ਸਿੰਘ ਭੰਡਾਲ ਵੀ ਸਨ। ਉਨ੍ਹਾਂ ਪੁਲਿਸ ਅਧਿਕਾਰੀਆਂ ਅਤੇ ਰਿਜ਼ਰਵ ਬਲਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਵਿੱਚ ਰਿਜ਼ਰਵ ਬਲਾਂ ਦੀਆਂ 4 ਕੰਪਨੀਆਂ ਅਤੇ ਹੋਰ ਜ਼ਿਲ੍ਹਿਆਂ ਦੇ 3 ਹਜ਼ਾਰ ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪੁਲਿਸ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰਾਂ ਨਾਲ ਗੱਲਬਾਤ ਕੀਤੀ ਗਈ ਹੈ।
ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਸ਼ਰਾਰਤੀ ਅਨਸਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਖਾਸ ਤੌਰ ‘ਤੇ ਉਨ੍ਹਾਂ ਸੋਸ਼ਲ ਮੀਡੀਆ ‘ਤੇ ਫੈਲਣ ਵਾਲੀਆਂ ਅਫਵਾਹਾਂ ਨੂੰ ਰੋਕਣ ਅਤੇ ਬਿਨਾਂ ਜਾਂਚ ਦੇ ਕਿਸੇ ਵੀ ਜਾਣਕਾਰੀ ਨੂੰ ਅੱਗੇ ਭੇਜਣ ਤੋਂ ਵਰਜਿਆ ਹੈ। ਡੀਜੀਪੀ ਸ਼ੁਕਲਾ ਨੇ ਕਿਹਾ ਕਿ ਸ਼ਾਂਤੀ ਬਣਾਈ ਰੱਖਣ ਲਈ ਪੁਲਿਸ ਦੀ ਹਰ ਕੋਸ਼ਿਸ਼ ਕੀਤੀ ਜਾਵੇਗੀ।