ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 51,000 ਨਵੇਂ ਭਰਤੀ ਹੋਏ ਕਰਮਚਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
ਨਵੀਂ ਦਿੱਲੀ, 28 ਅਗਸਤ (ਰੋਜਾਨਾ ਸਪੋਕਸਮੈਨ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ‘ਰੁਜ਼ਗਾਰ ਮੇਲੇ’ ਤਹਿਤ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਵਿਚ 51,000 ਤੋਂ ਵੱਧ ਨਵੇਂ ਭਰਤੀ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਪ੍ਰਦਾਨ ਕੀਤੇ।
ਇਸ ਮੌਕੇ ‘ਤੇ ਵੀਡੀਉ ਕਾਨਫਰੰਸ ਰਾਹੀਂ ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਾਰ ਰੁਜ਼ਗਾਰ ਮੇਲੇ ਦਾ ਆਯੋਜਨ ਅਜਿਹੇ ਮਾਹੌਲ ‘ਚ ਕੀਤਾ ਜਾ ਰਿਹਾ ਹੈ, ਜਦੋਂ ਦੇਸ਼ ਮਾਣ ਅਤੇ ਆਤਮ-ਵਿਸ਼ਵਾਸ ਨਾਲ ਭਰਿਆ ਹੋਇਆ ਹੈ।
ਉਨ੍ਹਾਂ ਕਿਹਾ, “ਸਾਡਾ ਚੰਦਰਯਾਨ ਅਤੇ ਇਸ ਦਾ ਰੋਵਰ ਪ੍ਰਗਿਆਨ ਚੰਦਰਮਾ ਤੋਂ ਲਗਾਤਾਰ ਇਤਿਹਾਸਕ ਤਸਵੀਰਾਂ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਨੌਂ ਸਾਲਾਂ ਵਿਚ ਉਨ੍ਹਾਂ ਦੀ ਸਰਕਾਰ ਦੇ ਯਤਨਾਂ ਕਾਰਨ ਬਦਲਾਅ ਦਾ ਇਕ ਹੋਰ ਨਵਾਂ ਦੌਰ ਦਿਖਾਈ ਦੇਣ ਲੱਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਭਾਰਤ ਨੇ ਰਿਕਾਰਡ ਨਿਰਯਾਤ ਕੀਤਾ ਜੋ ਕਿ ਇਸ ਗੱਲ ਦਾ ਸੰਕੇਤ ਹੈ ਕਿ ਦੁਨੀਆਂ ਭਰ ਦੇ ਬਾਜ਼ਾਰਾਂ ਵਿਚ ਭਾਰਤੀ ਵਸਤਾਂ ਦੀ ਮੰਗ ਲਗਾਤਾਰ ਵਧ ਰਹੀ ਹੈ।
ਉਨ੍ਹਾਂ ਕਿਹਾ, “‘ਵੋਕਲ ਫਾਰ ਲੋਕਲ’ ਦੇ ਮੰਤਰ ‘ਤੇ ਚੱਲਦਿਆਂ, ਭਾਰਤ ਸਰਕਾਰ ਮੇਡ ਇਨ ਇੰਡੀਆ ਲੈਪਟਾਪ ਅਤੇ ਕੰਪਿਊਟਰ ਵਰਗੇ ਉਤਪਾਦ ਖਰੀਦਣ ‘ਤੇ ਵੀ ਜ਼ੋਰ ਦੇ ਰਹੀ ਹੈ। ਇਸ ਨਾਲ ਉਤਪਾਦਨ ਵਿਚ ਵੀ ਵਾਧਾ ਹੋ ਰਿਹਾ ਹੈ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਹੋ ਰਹੇ ਹਨ”।
ਪ੍ਰਧਾਨ ਮੰਤਰੀ ਮੋਦੀ ਨੇ ਇਸ ਮੌਕੇ ‘ਤੇ ਪ੍ਰਧਾਨ ਮੰਤਰੀ ਜਨ-ਧਨ ਯੋਜਨਾ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਇਸ ਨੇ ਪਿੰਡਾਂ ਅਤੇ ਗਰੀਬਾਂ ਦੇ ਆਰਥਕ ਸਸ਼ਕਤੀਕਰਨ ਦੇ ਨਾਲ-ਨਾਲ ਰੁਜ਼ਗਾਰ ਸਿਰਜਣ ‘ਚ ਵੀ ਵੱਡੀ ਭੂਮਿਕਾ ਨਿਭਾਈ ਹੈ।
ਦੱਸ ਦੇਈਏ ਕਿ ਇਹ ਰੁਜ਼ਗਾਰ ਮੇਲਾ ਦੇਸ਼ ਭਰ ਵਿਚ 45 ਥਾਵਾਂ ’ਤੇ ਲਗਾਇਆ ਗਿਆ। ਰੁਜ਼ਗਾਰ ਮੇਲੇ ਰਾਹੀਂ ਕੇਂਦਰੀ ਗ੍ਰਹਿ ਮੰਤਰਾਲੇ ਵੱਖ-ਵੱਖ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ, ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਦਿੱਲੀ ਪੁਲਿਸ ਦੀ ਭਰਤੀ ਕਰਦਾ ਹੈ।
ਪ੍ਰਧਾਨ ਮੰਤਰੀ ਦਫਤਰ (ਪੀ. ਐਮ. ਓ.) ਮੁਤਾਬਕ ਇਹ ਰੁਜ਼ਗਾਰ ਮੇਲਾ ਪ੍ਰਧਾਨ ਮੰਤਰੀ ਦੀ ਰੁਜ਼ਗਾਰ ਸਿਰਜਣ ਪ੍ਰਤੀ ਵਚਨਬੱਧਤਾ ਨੂੰ ਤਰਜੀਹ ਦੇਣ ਦੀ ਦਿਸ਼ਾ ‘ਚ ਇਕ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਰੁਜ਼ਗਾਰ ਪੈਦਾ ਕਰਨ ਨੂੰ ਹੁਲਾਰਾ ਦੇਣ ਅਤੇ ਰਾਸ਼ਟਰ ਨਿਰਮਾਣ ਵਿਚ ਨੌਜਵਾਨਾਂ ਦੀ ਭਾਗੀਦਾਰੀ ਅਤੇ ਸਸ਼ਕਤੀਕਰਨ ਦਾ ਮੌਕਾ ਪ੍ਰਦਾਨ ਕਰਨ ਦੀ ਸਮਰੱਥਾ ਹੈ।