ਪੰਜਾਬ ‘ਚ ਲੂ ਦਾ ਖ਼ਤਰਾ ਵਧਿਆ, 3 ਦਿਨਾਂ ਲਈ ਯੈਲੋ ਅਲਰਟ ਜਾਰੀ
India Meteorological Department ਵੱਲੋਂ 21 ਤੋਂ 23 ਅਪ੍ਰੈਲ ਤੱਕ ਲੂ ਦੀ ਚੇਤਾਵਨੀ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ- ਪੰਜਾਬ ਅਤੇ ਚੰਡੀਗੜ੍ਹ ਵਿੱਚ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਤੀਬਰ ਹੋਣ ਦੀ ਸੰਭਾਵਨਾ ਹੈ। India Meteorological Department ਵੱਲੋਂ 21 ਤੋਂ 23 ਅਪ੍ਰੈਲ ਤੱਕ ਲੂ ਦੀ ਚੇਤਾਵਨੀ ਦੇ ਨਾਲ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਤਾਪਮਾਨ 40 ਡਿਗਰੀ ਤੋਂ ਪਾਰ
ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ ਲਗਭਗ 4.5 ਡਿਗਰੀ ਜ਼ਿਆਦਾ ਹੈ। ਇਸ ਕਰਕੇ ਲੋਕਾਂ ਨੂੰ ਦਿਨ ਦੇ ਸਮੇਂ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ‘ਚ ਅਚਾਨਕ ਬਦਲਾਅ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ ਇੱਕ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਤੱਕ ਪਹੁੰਚ ਰਹੀ ਹੈ, ਜਿਸਦਾ ਅਸਰ ਪੰਜਾਬ ‘ਚ ਵੀ ਵੇਖਣ ਨੂੰ ਮਿਲ ਸਕਦਾ ਹੈ। ਇਸ ਕਰਕੇ ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਛਿੱਟੇ-ਪੱਟੇ ਮੀਂਹ ਦੀ ਸੰਭਾਵਨਾ ਹੈ। ਕੁਝ ਇਲਾਕਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਹਲਕੀਆਂ ਹਵਾਵਾਂ ਵੀ ਚੱਲ ਸਕਦੀਆਂ ਹਨ।
ਲੂ ਦੇ ਦਿਨ ਵਧਣ ਦੀ ਸੰਭਾਵਨਾ
ਮੌਸਮ ਵਿਗਿਆਨੀਆਂ ਮੁਤਾਬਕ 21 ਤੋਂ 23 ਅਪ੍ਰੈਲ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਅੱਤ ਦੀ ਗਰਮੀ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਲੂ ਦੇ ਮਾਮਲੇ ਵਧ ਸਕਦੇ ਹਨ।
ਦੇਸ਼ ਦੇ ਹੋਰ ਹਿੱਸਿਆਂ ‘ਚ ਵੀ ਅਸਰ
ਮੌਸਮ ਵਿਭਾਗ ਨੇ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਵੀ ਲੂ ਦੀ ਚੇਤਾਵਨੀ ਜਾਰੀ ਕੀਤੀ ਹੈ:
19-20 ਅਪ੍ਰੈਲ: ਪੱਛਮੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ
19-23 ਅਪ੍ਰੈਲ: ਪੂਰਬੀ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਪੂਰਬੀ ਮੱਧ ਪ੍ਰਦੇਸ਼
20-21 ਅਪ੍ਰੈਲ: ਝਾਰਖੰਡ
20-22 ਅਪ੍ਰੈਲ: ਪੱਛਮੀ ਉੱਤਰ ਪ੍ਰਦੇਸ਼
20-23 ਅਪ੍ਰੈਲ: ਪੱਛਮੀ ਰਾਜਸਥਾਨ
21-23 ਅਪ੍ਰੈਲ: ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਓਡੀਸ਼ਾ
ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਸਾਵਧਾਨ ਰਹਿਣ ਅਤੇ ਜ਼ਰੂਰੀ ਸੁਰੱਖਿਆ ਉਪਾਅ ਅਪਣਾਉਣ ਦੀ ਅਪੀਲ ਕੀਤੀ ਹੈ।
–(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


