ਪੰਜਾਬ ਦੀਆਂ ਜੇਲ੍ਹਾਂ ’ਚ ਨਸ਼ਾ ਛੁਡਾਉਣ ਦੀ ਵਿਵਸਥਾ ’ਤੇ ਹਾਈ ਕੋਰਟ ਸਖ਼ਤ, ਮਾਨਸਾ ਦੇ ਅੰਕੜਿਆਂ ਤੋਂ ਬਾਅਦ ਮੰਗਿਆ ਪੂਰਾ ਵੇਰਵਾ
ਕਾਰਜਕਾਰੀ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਓਪਿਓਇਡ ਅਸਿਸਟਿਡ ਟ੍ਰੀਟਮੈਂਟ (ਓਓਏਟੀ) ਲੈ ਰਹੇ ਕੈਦੀਆਂ ਦਾ ਜੇਲ੍ਹਵਾਰ ਵੇਰਵਾ ਹਲਫ਼ਨਾਮੇ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।

ਚੰਡੀਗੜ੍ਹ
ਪੰਜਾਬ ਦੀਆਂ ਜੇਲ੍ਹਾਂ ਵਿੱਚ ਨਸ਼ੇ ਦੀ ਸਮੱਸਿਆ ਅਤੇ ਕੈਦੀਆਂ ਦੇ ਇਲਾਜ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਵਿਸਥਾਰਤ ਜਾਣਕਾਰੀ ਮੰਗੀ ਹੈ। ਕਾਰਜਕਾਰੀ ਮੁੱਖ ਜੱਜ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਜਸਟਿਸ ਰੋਹਿਤ ਕਪੂਰ ਦੀ ਬੈਂਚ ਨੇ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਓਪਿਓਇਡ ਅਸਿਸਟਿਡ ਟ੍ਰੀਟਮੈਂਟ (ਓਓਏਟੀ) ਲੈ ਰਹੇ ਕੈਦੀਆਂ ਦਾ ਜੇਲ੍ਹਵਾਰ ਵੇਰਵਾ ਹਲਫ਼ਨਾਮੇ ਰਾਹੀਂ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਮਾਮਲਾ ਮਾਨਸਾ ਸੈਸ਼ਨ ਡਿਵੀਜ਼ਨ ਦੇ ਪ੍ਰਸ਼ਾਸਨਿਕ ਜੱਜ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ਦੇ ਆਧਾਰ ’ਤੇ ਅਦਾਲਤ ਦੇ ਧਿਆਨ ਵਿੱਚ ਆਇਆ। ਰਿਪੋਰਟ ਵਿੱਚ ਦੱਸਿਆ ਗਿਆ ਕਿ ਮਾਨਸਾ ਜੇਲ੍ਹ ਵਿੱਚ ਕੁੱਲ 767 ਕੈਦੀ ਬੰਦ ਸਨ, ਜਿਨ੍ਹਾਂ ਵਿੱਚੋਂ 530 ਕੈਦੀ ਓਓਏਟੀ ਕਲੀਨਿਕ ਵਿੱਚ ਰਜਿਸਟਰਡ ਸਨ। ਇਸ ਤਰ੍ਹਾਂ ਲਗਭਗ 69 ਫ਼ੀਸਦੀ ਕੈਦੀ ਇਸ ਇਲਾਜ ਪ੍ਰਣਾਲੀ ਨਾਲ ਜੁੜੇ ਹੋਏ ਸਨ।
ਨਸ਼ਾ ਛੁਡਾਉਣ ਦੇ ਇਲਾਜ ਬਾਰੇ ਵੀ ਮੰਗਿਆ ਵੇਰਵਾ
ਹਾਈ ਕੋਰਟ ਨੇ ਓਓਏਟੀ ਕਲੀਨਿਕਾਂ ਵਿੱਚ ਕੈਦੀਆਂ ਦੀ ਰਜਿਸਟ੍ਰੇਸ਼ਨ ਲਈ ਅਪਣਾਈ ਜਾਣ ਵਾਲੀ ਮਿਆਰੀ ਕਾਰਜ ਪ੍ਰਣਾਲੀ ਬਾਰੇ ਵੀ ਜਾਣਕਾਰੀ ਮੰਗੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਇਹ ਵੀ ਪੁੱਛਿਆ ਹੈ ਕਿ ਕੈਦੀਆਂ ਨੂੰ ਨਸ਼ੇ ਦੀ ਆਦਤ ਤੋਂ ਹੌਲੀ-ਹੌਲੀ ਬਾਹਰ ਕੱਢਣ ਲਈ ਕਿਹੜੀ ਪ੍ਰਕਿਰਿਆ ਅਪਣਾਈ ਜਾ ਰਹੀ ਹੈ।
ਅਦਾਲਤ ਨੇ ਕੈਦੀਆਂ ਨੂੰ ਬਿਊਪ੍ਰੇਨੋਰਫਿਨ ਅਤੇ ਨੈਲੋਕਸੋਨ ਵਰਗੀਆਂ ਦਵਾਈਆਂ ਮੁਹੱਈਆ ਕਰਵਾਉਣ ਦੀ ਵਿਵਸਥਾ ਬਾਰੇ ਵੀ ਸਰਕਾਰ ਤੋਂ ਪੂਰਾ ਬਿਓਰਾ ਮੰਗਿਆ ਹੈ।
ਜੇਲ੍ਹਾਂ ’ਚ ਮਾਹਿਰ ਸਟਾਫ ਦੀ ਉਪਲਬਧਤਾ ’ਤੇ ਸਵਾਲ
ਹਾਈ ਕੋਰਟ ਨੇ ਪੰਜਾਬ ਦੀਆਂ ਜੇਲ੍ਹਾਂ ਅਤੇ ਨਿੱਜੀ ਓਪੀਓਇਡ ਇਲਾਜ ਕੇਂਦਰਾਂ ਵਿੱਚ ਮਨੋਚਿਕਿਤਸਕਾਂ, ਨਰਸਾਂ ਅਤੇ ਮਨੋ-ਸਮਾਜਿਕ ਸਹਾਇਤਾ ਦੀ ਉਪਲਬਧਤਾ ਬਾਰੇ ਵੀ ਜਾਣਕਾਰੀ ਮੰਗੀ ਹੈ। ਅਦਾਲਤ ਇਹ ਜਾਣਨਾ ਚਾਹੁੰਦੀ ਹੈ ਕਿ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਕੈਦੀਆਂ ਨੂੰ ਇਲਾਜ ਦੇ ਨਾਲ-ਨਾਲ ਮਾਨਸਿਕ ਅਤੇ ਸਮਾਜਿਕ ਸਹਾਇਤਾ ਕਿੰਨੀ ਮਿਲ ਰਹੀ ਹੈ।
ਰਿਹਾਈ ਤੋਂ ਬਾਅਦ ਮੁੜ ਨਸ਼ੇ ਤੋਂ ਬਚਾਉਣ ਦੀ ਯੋਜਨਾ ਕੀ?
ਅਦਾਲਤ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਕੈਦੀਆਂ ਨੂੰ ਮੁੜ ਨਸ਼ੇ ਦੀ ਲਤ ਵਿੱਚ ਜਾਣ ਤੋਂ ਰੋਕਣ ਲਈ ਕੀ ਪ੍ਰਬੰਧ ਕੀਤੇ ਜਾ ਰਹੇ ਹਨ। ਰਿਹਾਈ ਤੋਂ ਬਾਅਦ ਉਨ੍ਹਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਸਰਕਾਰ ਦੀ ਯੋਜਨਾ ਦਾ ਵੇਰਵਾ ਵੀ ਮੰਗਿਆ ਗਿਆ ਹੈ।
ਮਾਮਲੇ ਵਿੱਚ ਵਕੀਲ ਤਨੂ ਬੇਦੀ ਨੂੰ ਐਮੀਕਸ ਕਿਊਰੀ ਨਿਯੁਕਤ ਕੀਤਾ ਗਿਆ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 1 ਸਤੰਬਰ ਨੂੰ ਹੋਵੇਗੀ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


