ਪੰਜਾਬ ਦੇ ਮੌਸਮ ਨੇ ਫੜੀ ਰਫ਼ਤਾਰ, 7 ਜ਼ਿਲ੍ਹਿਆਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ
6 ਅਗਸਤ ਲਈ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਚੰਡੀਗੜ੍ਹ
ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਨੇ ਕਰਵਟ ਲੈ ਲਈ ਹੈ। ਭਾਰਤੀ ਮੌਸਮ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ। 6 ਅਗਸਤ ਲਈ ਹੁਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਮੌਸਮ ਵਿਭਾਗ ਦੇ ਅਨੁਸਾਰ ਰੂਪਨਗਰ ਅਤੇ ਮੋਹਾਲੀ ਦੇ ਜ਼ਿਆਦਾਤਰ ਖੇਤਰਾਂ ਵਿੱਚ ਚੰਗੀ ਬਾਰਿਸ਼ ਹੋ ਸਕਦੀ ਹੈ, ਜਦਕਿ ਹੋਰ ਅਲਰਟ ਵਾਲੇ ਜ਼ਿਲ੍ਹਿਆਂ ਵਿੱਚ ਵੀ ਕਈ ਥਾਵਾਂ ‘ਤੇ ਭਾਰੀ ਮੀਂਹ ਪੈਣ ਦੇ ਆਸਾਰ ਹਨ। ਸੂਬੇ ਦੇ ਬਾਕੀ ਇਲਾਕਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਹਾਲਾਂਕਿ ਉੱਥੇ ਕਿਸੇ ਤਰ੍ਹਾਂ ਦਾ ਖਾਸ ਅਲਰਟ ਜਾਰੀ ਨਹੀਂ ਕੀਤਾ ਗਿਆ।
ਇਨ੍ਹਾਂ 7 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੇ ਆਸਾਰ
ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਕਈ ਥਾਵਾਂ ‘ਤੇ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨੂੰ ਧਿਆਨ ਵਿੱਚ ਰੱਖਦਿਆਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਲੋੜੀਂਦੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਉੱਥੇ ਹੀ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ ਜ਼ਿਲ੍ਹਿਆਂ ਵਿੱਚ ਵੀ ਛਿਟਪੁੱਟ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।
ਲੋਕਾਂ ਅਤੇ ਕਿਸਾਨਾਂ ਲਈ ਅਹਿਮ ਸਲਾਹ
ਮੌਸਮ ਵਿਭਾਗ ਨੇ ਖਰਾਬ ਮੌਸਮ ਨੂੰ ਦੇਖਦੇ ਹੋਏ ਲੋਕਾਂ ਨੂੰ ਬੇਲੋੜੀ ਯਾਤਰਾ ਕਰਨ ਤੋਂ ਗੁਰੇਜ਼ ਕਰਨ, ਪਾਣੀ ਭਰੀਆਂ ਸੜਕਾਂ ਅਤੇ ਨੀਵੇਂ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਜਾਣਕਾਰੀ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ। ਨਾਲ ਹੀ ਕਿਸਾਨਾਂ ਨੂੰ ਵੀ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਖੇਤੀਬਾੜੀ ਦੇ ਕੰਮ ਦੀ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


