Saturday, November 28, 2026
Google search engine
Homeਤਾਜ਼ਾ ਖਬਰਪੰਜਾਬ ਦੇ ਸੇਵਾ ਕੇਂਦਰਾਂ ’ਚ ਕੰਮਕਾਜ ਰੁਕਣ ਦੇ ਆਸਾਰ, ਮੁਲਾਜ਼ਮਾਂ ਨੇ ਵਿੱਢੀ...

ਪੰਜਾਬ ਦੇ ਸੇਵਾ ਕੇਂਦਰਾਂ ’ਚ ਕੰਮਕਾਜ ਰੁਕਣ ਦੇ ਆਸਾਰ, ਮੁਲਾਜ਼ਮਾਂ ਨੇ ਵਿੱਢੀ ਅਣਮਿੱਥੇ ਸਮੇਂ ਦੀ ਹੜਤਾਲ

ਪੰਜਾਬ ਦੇ ਸੇਵਾ ਕੇਂਦਰਾਂ ’ਚ ਕੰਮਕਾਜ ਰੁਕਣ ਦੇ ਆਸਾਰ, ਮੁਲਾਜ਼ਮਾਂ ਨੇ ਵਿੱਢੀ ਅਣਮਿੱਥੇ ਸਮੇਂ ਦੀ ਹੜਤਾਲ

ਸਰਕਾਰ ਨਾਲ ਗੱਲਬਾਤ ਬੇਸਿੱਟਾ ਰਹਿਣ ਦਾ ਯੂਨੀਅਨ ਵੱਲੋਂ ਦਾਅਵਾ; ਡੀਸੀ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਅਤੇ 4 ਦਸੰਬਰ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਪੱਕਾ ਮੋਰਚਾ ਲਾਉਣ ਦਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਅੱਜ ਤੋਂ ਕੰਮਕਾਜ ਬੰਦ ਹੋਣ ਕਾਰਨ ਆਮ ਲੋਕਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਸੇਵਾ ਕੇਂਦਰਾਂ ਦੇ ਮੁਲਾਜ਼ਮਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਹੜਤਾਲ ਕਾਰਨ ਲੋਕਾਂ ਦੇ ਰੋਜ਼ਾਨਾ ਸਰਕਾਰੀ ਕੰਮ ਅਤੇ ਜ਼ਰੂਰੀ ਦਸਤਾਵੇਜ਼ ਬਣਵਾਉਣ ਦੀ ਪ੍ਰਕਿਰਿਆ ਪ੍ਰਭਾਵਿਤ ਹੋ ਸਕਦੀ ਹੈ।

ਜਾਣਕਾਰੀ ਅਨੁਸਾਰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ 26 ਨਵੰਬਰ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਤੈਅ ਕੀਤੀ ਗਈ ਸੀ। ਯੂਨੀਅਨ ਦਾ ਦੋਸ਼ ਹੈ ਕਿ ਨਿਰਧਾਰਤ ਸਮੇਂ ’ਤੇ ਮੀਟਿੰਗ ਵਿੱਚ ਸਰਕਾਰ ਦਾ ਕੋਈ ਵੀ ਨੁਮਾਇੰਦਾ ਨਹੀਂ ਪਹੁੰਚਿਆ। ਇਸ ਕਾਰਨ ਮੁਲਾਜ਼ਮਾਂ ਵਿੱਚ ਰੋਸ ਵਧ ਗਿਆ ਅਤੇ ਉਨ੍ਹਾਂ ਨੇ ਹੜਤਾਲ ’ਤੇ ਜਾਣ ਦਾ ਐਲਾਨ ਕਰ ਦਿੱਤਾ।

ਯੂਨੀਅਨ ਅਨੁਸਾਰ ਮੁਲਾਜ਼ਮ ਆਪਣੀਆਂ ਮੰਗਾਂ ਸਬੰਧੀ ਸਿਵਲ ਸਕੱਤਰੇਤ ਵੀ ਪਹੁੰਚੇ ਸਨ, ਪਰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਰਕਾਰ ਵੱਲੋਂ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।

ਕੰਪਨੀ ਦੀ ਚਿਤਾਵਨੀ ਦੇ ਬਾਵਜੂਦ ਹੜਤਾਲ ਜਾਰੀ ਰੱਖਣ ’ਤੇ ਅੜੇ ਮੁਲਾਜ਼ਮ

ਹੜਤਾਲ ਦੇ ਐਲਾਨ ਤੋਂ ਬਾਅਦ ਕੰਪਨੀ ਵੱਲੋਂ ਬੀਤੀ ਰਾਤ ਮੁਲਾਜ਼ਮਾਂ ਨੂੰ ਈ-ਮੇਲ ਭੇਜਣ ਦਾ ਦਾਅਵਾ ਕੀਤਾ ਗਿਆ ਹੈ। ਇਸ ਵਿੱਚ ਚਿਤਾਵਨੀ ਦਿੱਤੀ ਗਈ ਕਿ ਜੇਕਰ ਮੁਲਾਜ਼ਮ ਆਪਣੀ ਡਿਊਟੀ ’ਤੇ ਨਹੀਂ ਪਹੁੰਚਦੇ ਤਾਂ ਉਨ੍ਹਾਂ ਨੂੰ ਨੌਕਰੀ ਤੋਂ ਕੱਢਿਆ ਜਾ ਸਕਦਾ ਹੈ।

ਇਸ ਸਬੰਧੀ ਪੰਜਾਬ ਸੇਵਾ ਕੇਂਦਰ ਯੂਨੀਅਨ ਦੇ ਪ੍ਰਧਾਨ ਬਲਜਿੰਦਰ ਸਿੰਘ ਮਾਝਾ ਨੇ ਕਿਹਾ ਕਿ ਮੁਲਾਜ਼ਮ ਅਜਿਹੀਆਂ ਚਿਤਾਵਨੀਆਂ ਤੋਂ ਪਿੱਛੇ ਹਟਣ ਵਾਲੇ ਨਹੀਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਡੀਸੀ ਦਫ਼ਤਰਾਂ ਦੇ ਬਾਹਰ ਅੱਜ ਤੋਂ ਪ੍ਰਦਰਸ਼ਨ, 4 ਦਸੰਬਰ ਨੂੰ ਸੰਗਰੂਰ ’ਚ ਲੱਗੇਗਾ ਧਰਨਾ

ਯੂਨੀਅਨ ਵੱਲੋਂ ਅੱਜ ਤੋਂ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰ ਦਫ਼ਤਰਾਂ ਦੇ ਬਾਹਰ ਧਰਨੇ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ 4 ਦਸੰਬਰ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਧਰਨਾ ਲਾਉਣ ਦੀ ਵੀ ਚਿਤਾਵਨੀ ਦਿੱਤੀ ਗਈ ਹੈ।

ਸੂਬੇ ਭਰ ਦੇ ਸੇਵਾ ਕੇਂਦਰਾਂ ਵਿੱਚ ਕੰਮਕਾਜ ਬੰਦ ਹੋਣ ਨਾਲ ਆਮ ਲੋਕਾਂ ਨੂੰ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ ਅਤੇ ਹੋਰ ਜ਼ਰੂਰੀ ਸਰਕਾਰੀ ਸੇਵਾਵਾਂ ਲੈਣ ਵਿੱਚ ਦੇਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਹੁਣ ਸਭ ਦੀਆਂ ਨਜ਼ਰਾਂ ਪੰਜਾਬ ਸਰਕਾਰ ’ਤੇ ਟਿਕੀਆਂ ਹੋਈਆਂ ਹਨ ਕਿ ਉਹ ਮੁਲਾਜ਼ਮਾਂ ਨਾਲ ਗੱਲਬਾਤ ਕਰਕੇ ਹੜਤਾਲ ਖ਼ਤਮ ਕਰਵਾਉਣ ਲਈ ਕੀ ਕਦਮ ਚੁੱਕਦੀ ਹੈ।

-(ਪੀਟੀਸੀ ਨਿਊਜ)

ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments