ਪੰਜਾਬ ਦੇ 16 ਜ਼ਿਲ੍ਹਿਆਂ ਲਈ ਅੱਜ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
18 ਜੂਨ ਲਈ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

ਚੰਡੀਗੜ੍ਹ
ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਅੱਜ ਮੌਸਮ ਕਰਵਟ ਲੈ ਸਕਦਾ ਹੈ। ਮੌਸਮ ਵਿਭਾਗ ਵੱਲੋਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਦੇ ਕੁਝ ਖੇਤਰਾਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਨਾਲ ਹੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਵੀ ਉਮੀਦ ਜਤਾਈ ਗਈ ਹੈ।
ਅਗਲੇ ਤਿੰਨ ਦਿਨਾਂ ਦੌਰਾਨ ਮੌਸਮ ਦੀ ਸਥਿਤੀ
18 ਜੂਨ ਲਈ ਕਿਸੇ ਕਿਸਮ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ, ਪਰ ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
19 ਜੂਨ ਨੂੰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਲਾਗੂ ਰਹੇਗਾ। ਇਸ ਦਿਨ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਸੂਬੇ ਭਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
20 ਜੂਨ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ), ਰੂਪਨਗਰ ਅਤੇ ਐਸਏਐਸ ਨਗਰ (ਮੁਹਾਲੀ) ਦੇ ਕੁਝ ਇਲਾਕਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਇਨ੍ਹਾਂ ਜ਼ਿਲ੍ਹਿਆਂ ਵਿੱਚ ਬੱਦਲ ਗਰਜਣ, ਬਿਜਲੀ ਚਮਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦਕਿ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਵੀ ਸੰਭਾਵਨਾ ਹੈ।
ਤਾਪਮਾਨ ਵਿੱਚ ਆਈ ਗਿਰਾਵਟ
ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ਵਿੱਚ 0.9 ਡਿਗਰੀ ਸੈਲਸੀਅਸ ਦੀ ਕਮੀ ਦਰਜ ਕੀਤੀ ਗਈ ਹੈ। ਮੌਜੂਦਾ ਤਾਪਮਾਨ ਆਮ ਨਾਲੋਂ 2.2 ਡਿਗਰੀ ਸੈਲਸੀਅਸ ਘੱਟ ਰਿਹਾ। ਸਭ ਤੋਂ ਵੱਧ ਤਾਪਮਾਨ ਸ੍ਰੀ ਅਨੰਦਪੁਰ ਸਾਹਿਬ ਵਿੱਚ 37.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਚੰਡੀਗੜ੍ਹ ਸ਼ਹਿਰ ਦਾ ਵੱਧੋ-ਵੱਧ ਤਾਪਮਾਨ 36.9 ਡਿਗਰੀ, ਚੰਡੀਗੜ੍ਹ ਹਵਾਈ ਅੱਡੇ ਦਾ 36.2 ਡਿਗਰੀ, ਅੰਮ੍ਰਿਤਸਰ ਦਾ 33.9 ਡਿਗਰੀ, ਲੁਧਿਆਣਾ ਦਾ 35.8 ਡਿਗਰੀ, ਪਟਿਆਲਾ ਦਾ 36.4 ਡਿਗਰੀ, ਪਠਾਨਕੋਟ ਦਾ 35.4 ਡਿਗਰੀ, ਫਰੀਦਕੋਟ ਦਾ 34.5 ਡਿਗਰੀ, ਬੱਲੋਵਾਲ ਸੌਂਖੜੀ (ਐਸਬੀਐਸ ਨਗਰ) ਦਾ 33.8 ਡਿਗਰੀ, ਬਠਿੰਡਾ ਏਅਰਪੋਰਟ ਦਾ 37.0 ਡਿਗਰੀ ਅਤੇ ਅਬੋਹਰ (ਫਾਜ਼ਿਲਕਾ) ਦਾ 33.0 ਡਿਗਰੀ ਦਰਜ ਕੀਤਾ ਗਿਆ।
ਇਸ ਤੋਂ ਇਲਾਵਾ ਫਿਰੋਜ਼ਪੁਰ ਦਾ ਤਾਪਮਾਨ 35.7 ਡਿਗਰੀ, ਹੁਸ਼ਿਆਰਪੁਰ ਦਾ 34.5 ਡਿਗਰੀ, ਸਾਲੇਰਨ (ਹੁਸ਼ਿਆਰਪੁਰ) ਦਾ 35.4 ਡਿਗਰੀ, ਮੁਹਾਲੀ ਦਾ 36.0 ਡਿਗਰੀ, ਪਠਾਨਕੋਟ ਖੇਤਰ ਦਾ 33.7 ਡਿਗਰੀ, ਥੀਨ ਡੈਮ ਦਾ 33.4 ਡਿਗਰੀ ਅਤੇ ਭਾਖੜਾ ਡੈਮ (ਰੂਪਨਗਰ) ਦਾ 35.2 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


