ਪੰਜਾਬ ਪੁਲਿਸ ਨੂੰ ਮਿਲਿਆ ਨਿਯਮਤ ਮੁਖੀ, ਗੌਰਵ ਯਾਦਵ ਦੀ ਡੀਜੀਪੀ ਵਜੋਂ ਨਿਯੁਕਤੀ
ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਪੁਲਿਸ ਮੁਖੀ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਉਹ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ।

ਚੰਡੀਗੜ੍ਹ
ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਗੌਰਵ ਯਾਦਵ ਨੂੰ ਸੂਬੇ ਦਾ ਨਿਯਮਤ ਪੁਲਿਸ ਮੁਖੀ (ਡੀਜੀਪੀ) ਨਿਯੁਕਤ ਕਰ ਦਿੱਤਾ ਹੈ। ਉਹ ਜੁਲਾਈ 2022 ਤੋਂ ਕਾਰਜਕਾਰੀ ਡੀਜੀਪੀ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਸਨ। ਇਸ ਨਿਯੁਕਤੀ ਨਾਲ ਪੰਜਾਬ ਪੁਲਿਸ ਨੂੰ ਲੰਮੇ ਸਮੇਂ ਬਾਅਦ ਨਿਯਮਤ ਮੁਖੀ ਮਿਲ ਗਿਆ ਹੈ।
ਸਥਾਈ ਡੀਜੀਪੀ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਨੇ 14 ਆਈਪੀਐਸ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਯੂਨੀਅਨ ਪਬਲਿਕ ਸਰਵਿਸ ਕਮਿਸ਼ਨ (ਯੂਪੀਐੱਸਸੀ) ਨੂੰ ਭੇਜਿਆ ਸੀ। ਕਮਿਸ਼ਨ ਵੱਲੋਂ ਵਿਚਾਰ ਕਰਨ ਮਗਰੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਸੂਬਾ ਸਰਕਾਰ ਨੂੰ ਭੇਜਿਆ ਗਿਆ। ਇਸ ਪੈਨਲ ਵਿੱਚ ਗੌਰਵ ਯਾਦਵ, ਸ਼ਰਦ ਸੱਤਿਆ ਚੌਹਾਨ ਅਤੇ ਹਰਪ੍ਰੀਤ ਸਿੰਘ ਸਿੱਧੂ ਸ਼ਾਮਲ ਸਨ। ਤਿੰਨੇ ਅਧਿਕਾਰੀ 1992 ਬੈਚ ਦੇ ਆਈਪੀਐੱਸ ਅਧਿਕਾਰੀ ਹਨ।
ਹਾਈ ਕੋਰਟ ਨੇ 13 ਅਕਤੂਬਰ ਤੱਕ ਮੰਗੀ ਸੀ ਕਾਰਵਾਈ ਦੀ ਰਿਪੋਰਟ
ਪੰਜਾਬ ਵਿੱਚ ਨਿਯਮਤ ਡੀਜੀਪੀ ਦੀ ਨਿਯੁਕਤੀ ਦਾ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵੀ ਪਹੁੰਚਿਆ ਸੀ। ਵਕੀਲ ਨਿਖਿਲ ਥਮਨ ਵੱਲੋਂ ਦਾਇਰ ਜਨਹਿਤ ਪਟੀਸ਼ਨ ਵਿੱਚ ਲੰਮੇ ਸਮੇਂ ਤੋਂ ਕਾਰਜਕਾਰੀ ਡੀਜੀਪੀ ਰਾਹੀਂ ਪੁਲਿਸ ਵਿਭਾਗ ਚਲਾਏ ਜਾਣ ’ਤੇ ਸਵਾਲ ਉਠਾਏ ਗਏ ਸਨ।
ਯੂਪੀਐੱਸਸੀ ਵੱਲੋਂ ਤਿੰਨ ਅਧਿਕਾਰੀਆਂ ਦੇ ਨਾਵਾਂ ਦਾ ਪੈਨਲ ਭੇਜੇ ਜਾਣ ਦੇ ਬਾਵਜੂਦ ਨਿਯੁਕਤੀ ਦਾ ਫ਼ੈਸਲਾ ਲਟਕਿਆ ਹੋਇਆ ਸੀ। ਇਸ ਮਾਮਲੇ ਵਿੱਚ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 13 ਅਕਤੂਬਰ ਤੱਕ ਪਾਲਣਾ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਹੁਣ ਗੌਰਵ ਯਾਦਵ ਦੀ ਨਿਯੁਕਤੀ ਨਾਲ ਇਸ ਪ੍ਰਕਿਰਿਆ ਨੂੰ ਅੱਗੇ ਵਧਾਇਆ ਗਿਆ ਹੈ।
ਜੁਲਾਈ 2022 ਤੋਂ ਸੰਭਾਲ ਰਹੇ ਸਨ ਪੁਲਿਸ ਮੁਖੀ ਦੀ ਜ਼ਿੰਮੇਵਾਰੀ

ਗੌਰਵ ਯਾਦਵ ਜੁਲਾਈ 2022 ਵਿੱਚ ਪੰਜਾਬ ਪੁਲਿਸ ਦੇ ਮੁਖੀ ਬਣੇ ਸਨ। ਉਦੋਂ ਤੋਂ ਉਹ ਕਾਰਜਕਾਰੀ ਡੀਜੀਪੀ ਵਜੋਂ ਸੇਵਾਵਾਂ ਨਿਭਾ ਰਹੇ ਸਨ। ਸਥਾਈ ਨਿਯੁਕਤੀ ਨਾ ਹੋਣ ਕਾਰਨ ਇਹ ਮਾਮਲਾ ਲੰਮੇ ਸਮੇਂ ਤੋਂ ਚਰਚਾ ਵਿੱਚ ਸੀ।
ਹੁਣ ਸਰਕਾਰ ਵੱਲੋਂ ਉਨ੍ਹਾਂ ਨੂੰ ਨਿਯਮਤ ਡੀਜੀਪੀ ਨਿਯੁਕਤ ਕੀਤੇ ਜਾਣ ਨਾਲ ਪੰਜਾਬ ਪੁਲਿਸ ਦੀ ਅਗਵਾਈ ਨੂੰ ਲੈ ਕੇ ਚੱਲ ਰਹੀ ਪ੍ਰਕਿਰਿਆ ਦਾ ਅਹਿਮ ਪੜਾਅ ਪੂਰਾ ਹੋ ਗਿਆ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


