ਪੰਜਾਬ ਵਿਧਾਨ ਸਭਾ ‘ਚ ਬੇਅਦਬੀ ਵਿਰੁੱਧ ਸਖ਼ਤ ਬਿੱਲ ਪੇਸ਼, ਉਮਰ ਕੈਦ ਤੇ 25 ਲੱਖ ਜੁਰਮਾਨੇ ਦੀ ਤਜਵੀਜ਼
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਪੇਸ਼ ਕੀਤਾ। ਬਿੱਲ ਅਨੁਸਾਰ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।

ਚੰਡੀਗੜ੍ਹ- ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਮੌਕੇ ‘ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ, ਜਿਸਦਾ ਮੁੱਖ ਉਦੇਸ਼ ਬੇਅਦਬੀ ਦੀਆਂ ਘਟਨਾਵਾਂ ਖਿਲਾਫ਼ ਕੜਾ ਕਾਨੂੰਨ ਬਣਾਉਣਾ ਸੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ 2026” ਪੇਸ਼ ਕੀਤਾ। ਬਿੱਲ ਅਨੁਸਾਰ ਬੇਅਦਬੀ ਦੇ ਦੋਸ਼ੀਆਂ ਲਈ ਉਮਰ ਕੈਦ ਅਤੇ 25 ਲੱਖ ਰੁਪਏ ਤੱਕ ਜੁਰਮਾਨੇ ਦੀ ਵਿਵਸਥਾ ਕੀਤੀ ਗਈ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਇਜਲਾਸ ਸਿਰਫ਼ ਇਸ ਗੰਭੀਰ ਮਸਲੇ ‘ਤੇ ਵਿਚਾਰ-ਵਟਾਂਦਰੇ ਲਈ ਬੁਲਾਇਆ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਸਭ ਤੋਂ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਵਿਰੋਧੀ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਰਾਜਨੀਤਿਕ ਮਤਭੇਦਾਂ ਤੋਂ ਉਪਰ ਉੱਠ ਕੇ ਇਸ ਮਾਮਲੇ ‘ਚ ਸਹਿਯੋਗ ਦਿੱਤਾ ਜਾਵੇ।
ਚਰਚਾ ਦੀ ਸ਼ੁਰੂਆਤ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਬਿੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਅਤੇ ਸਤਿਕਾਰ ਨੂੰ ਯਕੀਨੀ ਬਣਾਉਣ ਲਈ ਲਿਆਂਦਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਬਿੱਲ ਵਿੱਚ ਬੇਅਦਬੀ ਦੀ ਵਿਸਤ੍ਰਿਤ ਪਰਿਭਾਸ਼ਾ ਦਿੱਤੀ ਗਈ ਹੈ ਅਤੇ ਜਾਂਚ ਸਿਰਫ਼ ਡੀਐਸਪੀ ਜਾਂ ਇਸ ਤੋਂ ਉੱਚੇ ਅਧਿਕਾਰੀ ਦੁਆਰਾ ਹੀ ਕੀਤੀ ਜਾਵੇਗੀ।
ਬਿੱਲ ਵਿੱਚ ਇਹ ਵੀ ਪ੍ਰਬੰਧ ਕੀਤਾ ਗਿਆ ਹੈ ਕਿ ਅਜਿਹੇ ਮਾਮਲਿਆਂ ਵਿੱਚ ਜ਼ਮਾਨਤ ਨਹੀਂ ਮਿਲੇਗੀ ਅਤੇ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾ ਸਕੇਗਾ। ਇਸ ਤੋਂ ਇਲਾਵਾ, ਘਟਨਾ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਇੱਕੋ ਜਿਹੀ ਸਜ਼ਾ ਦੇਣ ਦੀ ਵਿਵਸਥਾ ਕੀਤੀ ਗਈ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਇਹ ਬਿੱਲ ਸਿਰਫ਼ ਸਿੱਖ ਭਾਈਚਾਰੇ ਲਈ ਹੀ ਨਹੀਂ, ਸਗੋਂ ਸਾਰੇ ਧਰਮਾਂ ਦੀ ਆਸਥਾ ਦਾ ਸਤਿਕਾਰ ਕਰਨ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਮੁਤਾਬਕ, ਇਸ ਨਾਲ ਲੋਕਾਂ ਵਿੱਚ ਭਰੋਸਾ ਵਧੇਗਾ ਅਤੇ ਬੇਅਦਬੀ ਵਰਗੀਆਂ ਘਟਨਾਵਾਂ ‘ਤੇ ਰੋਕ ਲੱਗੇਗੀ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


