ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਦੀ ਫੀਸ ‘ਤੇ ਸਖ਼ਤੀ, ਹੁਣ ਸਾਲਾਨਾ 5% ਤੋਂ ਵੱਧ ਵਾਧਾ ਨਹੀਂ; ਰਾਜਪਾਲ ਨੇ ਆਰਡੀਨੈਂਸ ਨੂੰ ਦਿੱਤੀ ਮਨਜ਼ੂਰੀ
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਪਰਿਵਾਰਾਂ ‘ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਚੰਡੀਗੜ੍ਹ
ਪੰਜਾਬ ਦੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲ ਹੁਣ ਹਰ ਸਾਲ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕਣਗੇ। ਇਸ ਸਬੰਧੀ ਲਿਆਂਦੇ ਗਏ ਸਰਕਾਰੀ ਆਰਡੀਨੈਂਸ ਨੂੰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਸਾਂਝੀ ਕੀਤੀ।
ਮੁੱਖ ਮੰਤਰੀ ਨੇ ਆਰਡੀਨੈਂਸ ਦੀ ਕਾਪੀ ਸਾਂਝੀ ਕਰਦਿਆਂ ਲਿਖਿਆ ਕਿ ਪੰਜਾਬ ਦੇ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤ ਵਿੱਚ ਲਏ ਇਸ ਮਹੱਤਵਪੂਰਨ ਫ਼ੈਸਲੇ ਨੂੰ ਮਨਜ਼ੂਰੀ ਦੇਣ ਲਈ ਉਹ ਰਾਜਪਾਲ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਨਾਲ ਫੀਸ ਵਧਾਉਣ ‘ਤੇ ਰੋਕ ਲਗਾਉਣ ਲਈ ਲਿਆਂਦੇ ਗਏ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ‘ਤੇ ਰਾਜਪਾਲ ਨੇ ਦਸਤਖ਼ਤ ਕਰ ਦਿੱਤੇ ਹਨ। ਇਸ ਦੇ ਲਾਗੂ ਹੋਣ ਮਗਰੋਂ ਕੋਈ ਵੀ ਪ੍ਰਾਈਵੇਟ ਸਕੂਲ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ ਅਤੇ ਆਮ ਪਰਿਵਾਰਾਂ ‘ਤੇ ਪੈਣ ਵਾਲੇ ਵਾਧੂ ਆਰਥਿਕ ਬੋਝ ਨੂੰ ਘਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਆਰਡੀਨੈਂਸ ਲਿਆਉਣ ਦੀ ਲੋੜ ਕਿਉਂ ਪਈ?
ਪਿਛਲੇ ਕੁਝ ਸਾਲਾਂ ਤੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਧਾਉਣ ਦੀਆਂ ਸ਼ਿਕਾਇਤਾਂ ਲਗਾਤਾਰ ਸਾਹਮਣੇ ਆ ਰਹੀਆਂ ਸਨ। ਮਾਪਿਆਂ ਦਾ ਦੋਸ਼ ਸੀ ਕਿ ਕਈ ਸਕੂਲ ਹਰ ਸਾਲ ਬਿਨਾਂ ਕਿਸੇ ਵਾਜਬ ਕਾਰਨ ਦੇ ਫੀਸਾਂ ਵਿੱਚ ਵੱਡਾ ਵਾਧਾ ਕਰ ਰਹੇ ਹਨ। ਸਰਕਾਰ ਦਾ ਕਹਿਣਾ ਹੈ ਕਿ ਕਈ ਸੰਸਥਾਵਾਂ ਪੁਰਾਣੇ ਨਿਯਮਾਂ ਦੀਆਂ ਕਮੀਆਂ ਦਾ ਫਾਇਦਾ ਚੁੱਕ ਕੇ ਵੱਧ ਫੀਸਾਂ ਵਸੂਲ ਰਹੀਆਂ ਸਨ। ਇਸੇ ਨੂੰ ਰੋਕਣ ਲਈ ਨਵਾਂ ਆਰਡੀਨੈਂਸ ਲਿਆਂਦਾ ਗਿਆ ਹੈ।
ਹੁਣ ਕਿੰਨੀ ਫੀਸ ਵਧਾ ਸਕਣਗੇ ਸਕੂਲ?
ਨਵੇਂ ਨਿਯਮਾਂ ਅਨੁਸਾਰ ਕੋਈ ਵੀ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲ ਇੱਕ ਅਕਾਦਮਿਕ ਸਾਲ ਦੌਰਾਨ 5 ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਪਹਿਲਾਂ 8 ਫੀਸਦੀ ਤੱਕ ਵਾਧੇ ਦੀ ਇਜਾਜ਼ਤ ਸੀ, ਪਰ ਕਈ ਸਕੂਲ ਇਸ ਹੱਦ ਤੋਂ ਵੀ ਵੱਧ ਫੀਸ ਵਧਾ ਰਹੇ ਸਨ। ਉਦਾਹਰਨ ਵਜੋਂ, ਜੇਕਰ ਕਿਸੇ ਸਕੂਲ ਦੀ ਸਾਲਾਨਾ ਫੀਸ 8,200 ਰੁਪਏ ਹੈ ਤਾਂ 5 ਫੀਸਦੀ ਵਾਧੇ ਨਾਲ ਇਹ 410 ਰੁਪਏ ਵਧ ਕੇ 8,610 ਰੁਪਏ ਹੋ ਜਾਵੇਗੀ।
5% ਤੋਂ ਵੱਧ ਫੀਸ ਵਧਾਉਣੀ ਹੋਵੇ ਤਾਂ ਕੀ ਕਰਨਾ ਪਵੇਗਾ?
ਅਜਿਹੇ ਮਾਮਲਿਆਂ ਲਈ ਸਰਕਾਰ ਨੇ ਡਿਵੀਜ਼ਨਲ ਕਮਿਸ਼ਨਰ, ਦੋ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ (ਡੀਈਓ) ਅਤੇ ਇੱਕ ਵਿੱਤੀ ਮਾਹਰ ਦੀ ਕਮੇਟੀ ਬਣਾਈ ਹੈ। ਜੇਕਰ ਕੋਈ ਸਕੂਲ 5 ਫੀਸਦੀ ਤੋਂ ਵੱਧ ਫੀਸ ਵਧਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਘੱਟੋ-ਘੱਟ ਛੇ ਮਹੀਨੇ ਪਹਿਲਾਂ ਅਰਜ਼ੀ ਦੇ ਕੇ ਇਸ ਦੇ ਕਾਰਨ ਦੱਸਣੇ ਪੈਣਗੇ। ਜਿਵੇਂ ਕਿ ਨਵੀਂ ਇਮਾਰਤ, ਨਵੀਆਂ ਸਹੂਲਤਾਂ ਜਾਂ ਹੋਰ ਵਿਕਾਸ ਕਾਰਜ। ਸਿਰਫ਼ ਅਰਜ਼ੀ ਦੇਣ ਨਾਲ ਮਨਜ਼ੂਰੀ ਨਹੀਂ ਮਿਲੇਗੀ। ਪਹਿਲਾਂ ਵਿੱਤੀ ਆਡਿਟ ਹੋਵੇਗਾ ਅਤੇ ਉਸ ਦੀ ਰਿਪੋਰਟ ਦੇ ਆਧਾਰ ‘ਤੇ ਕਮੇਟੀ ਅੰਤਿਮ ਫ਼ੈਸਲਾ ਲਵੇਗੀ।
ਕੀ ਪਹਿਲਾਂ ਵਸੂਲੀ ਗਈ ਵਾਧੂ ਫੀਸ ਵੀ ਵਾਪਸ ਹੋਵੇਗੀ?
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਮੁਤਾਬਕ, ਜਿਨ੍ਹਾਂ ਸਕੂਲਾਂ ਨੇ ਪਿਛਲੇ 36 ਮਹੀਨਿਆਂ ਦੌਰਾਨ ਨਿਰਧਾਰਤ ਹੱਦ ਤੋਂ ਵੱਧ, ਯਾਨੀ 15 ਫੀਸਦੀ ਤੋਂ ਵੱਧ ਫੀਸ ਵਸੂਲੀ ਹੈ, ਉਨ੍ਹਾਂ ਨੂੰ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਨੀ ਪਵੇਗੀ। ਸਰਕਾਰ ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਵੀ ਕਰੇਗੀ।
ਨਿਯਮ ਤੋੜਨ ਵਾਲੇ ਸਕੂਲਾਂ ‘ਤੇ ਕੀ ਕਾਰਵਾਈ ਹੋਵੇਗੀ?
ਨਵੇਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ‘ਤੇ ਜੁਰਮਾਨਾ ਲਗਾਇਆ ਜਾਵੇਗਾ ਅਤੇ ਵਾਰ-ਵਾਰ ਨਿਯਮ ਤੋੜਨ ਦੀ ਸੂਰਤ ਵਿੱਚ ਉਨ੍ਹਾਂ ਦੀ ਮਾਨਤਾ ਜਾਂ ਰਜਿਸਟ੍ਰੇਸ਼ਨ ਵੀ ਰੱਦ ਕੀਤੀ ਜਾ ਸਕਦੀ ਹੈ। ਇਸ ਲਈ ਸਕੂਲਾਂ ਨੂੰ ਤਿੰਨ ਸ਼੍ਰੇਣੀਆਂ ਵਿੱਚ ਵੰਡਿਆ ਗਿਆ ਹੈ।
ਪ੍ਰਾਇਮਰੀ ਸਕੂਲਾਂ ਲਈ ਪਹਿਲੀ ਉਲੰਘਣਾ ‘ਤੇ 50 ਹਜ਼ਾਰ ਅਤੇ ਦੂਜੀ ਵਾਰ 1 ਲੱਖ ਰੁਪਏ ਜੁਰਮਾਨਾ ਹੋਵੇਗਾ। ਮਿਡਲ ਸਕੂਲਾਂ ਲਈ ਪਹਿਲੀ ਵਾਰ 1 ਲੱਖ ਅਤੇ ਦੂਜੀ ਵਾਰ 3 ਲੱਖ ਰੁਪਏ ਜੁਰਮਾਨਾ ਨਿਰਧਾਰਤ ਕੀਤਾ ਗਿਆ ਹੈ। ਜਦਕਿ 12ਵੀਂ ਜਮਾਤ ਤੱਕ ਦੇ ਸਕੂਲਾਂ ਲਈ ਪਹਿਲੀ ਵਾਰ 2 ਲੱਖ ਅਤੇ ਦੂਜੀ ਵਾਰ 5 ਲੱਖ ਰੁਪਏ ਜੁਰਮਾਨਾ ਲੱਗੇਗਾ। ਇਸ ਤੋਂ ਬਾਅਦ ਸਕੂਲ ਦੀ ਮਾਨਤਾ ਰੱਦ ਕੀਤੀ ਜਾ ਸਕਦੀ ਹੈ।
ਕਿਹੜੇ ਸਕੂਲਾਂ ‘ਤੇ ਲਾਗੂ ਹੋਣਗੇ ਇਹ ਨਿਯਮ?
ਇਹ ਆਰਡੀਨੈਂਸ ਪੰਜਾਬ ਦੇ ਸਾਰੇ ਗੈਰ-ਸਹਾਇਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ‘ਤੇ ਲਾਗੂ ਹੋਵੇਗਾ। ਇਸ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ (PSEB), CBSE, ICSE ਅਤੇ ਹੋਰ ਸਿੱਖਿਆ ਬੋਰਡਾਂ ਨਾਲ ਸੰਬੰਧਿਤ ਸਾਰੇ ਪ੍ਰਾਈਵੇਟ ਸਕੂਲ ਸ਼ਾਮਲ ਹਨ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


