ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਮੁਹਿੰਮ ਸ਼ੁਰੂ, 1 ਅਕਤੂਬਰ ਨੂੰ ਜਾਰੀ ਹੋਣਗੀਆਂ ਅੰਤਿਮ ਵੋਟਰ ਲਿਸਟਾਂ
ਉਨ੍ਹਾਂ ਦੱਸਿਆ ਕਿ 25 ਜੂਨ ਤੋਂ ਸੂਬੇ ਭਰ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ।

ਚੰਡੀਗੜ੍ਹ
ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਇੱਕ ਅਹਿਮ ਮੀਟਿੰਗ ਕਰਕੇ ਵੋਟਰ ਸੂਚੀਆਂ ਦੀ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ (ਐਸਆਈਆਰ) ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ 25 ਜੂਨ ਤੋਂ ਸੂਬੇ ਭਰ ਵਿੱਚ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕਰਨ ਦੀ ਮੁਹਿੰਮ ਸ਼ੁਰੂ ਹੋ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ ਇਹ ਪ੍ਰਕਿਰਿਆ 24 ਜੁਲਾਈ ਤੱਕ ਜਾਰੀ ਰਹੇਗੀ। ਇਸ ਦੌਰਾਨ ਪੰਜਾਬ ਦੇ 24,453 ਬੂਥ ਲੈਵਲ ਅਫ਼ਸਰ (ਬੀਐਲਓ) ਘਰ-ਘਰ ਪਹੁੰਚ ਕੇ ਗਿਣਤੀ ਫਾਰਮ ਵੰਡਣ, ਇਕੱਠੇ ਕਰਨ ਅਤੇ ਯੋਗ ਵੋਟਰਾਂ ਦੇ ਵੇਰਵਿਆਂ ਦੀ ਜਾਂਚ ਕਰਨਗੇ।
ਇਸ ਵਿਸ਼ੇਸ਼ ਤਸਦੀਕ ਅਭਿਆਨ ਵਿੱਚ ਸੂਬੇ ਦੇ 2.14 ਕਰੋੜ ਤੋਂ ਵੱਧ ਰਜਿਸਟਰਡ ਵੋਟਰ ਸ਼ਾਮਲ ਹੋਣਗੇ। ਇਸ ਦੇ ਨਾਲ-ਨਾਲ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦਾ ਕੰਮ ਵੀ ਕੀਤਾ ਜਾਵੇਗਾ, ਜੋ 24 ਜੁਲਾਈ ਤੱਕ ਮੁਕੰਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ। ਨਿਰਧਾਰਤ ਸ਼ਡਿਊਲ ਮੁਤਾਬਕ ਡਰਾਫਟ ਵੋਟਰ ਸੂਚੀਆਂ 3 ਅਗਸਤ ਨੂੰ ਜਾਰੀ ਕੀਤੀਆਂ ਜਾਣਗੀਆਂ। ਵੋਟਰ 2 ਅਗਸਤ ਤੋਂ 2 ਸਤੰਬਰ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਰਜ ਕਰਵਾ ਸਕਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 9 ਸਤੰਬਰ ਦੇ ਵਿਚਕਾਰ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀਆਂ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀਆਂ ਜਾਣਗੀਆਂ।
86 ਫ਼ੀਸਦੀ ਵੋਟਰਾਂ ਦੀ ਮੈਪਿੰਗ ਪਹਿਲਾਂ ਹੀ ਮੁਕੰਮਲ
ਮੁੱਖ ਚੋਣ ਅਧਿਕਾਰੀ ਅਨਿੰਦਿਤਾ ਮਿੱਤਰਾ ਨੇ ਮੀਟਿੰਗ ਦੌਰਾਨ ਜਾਣਕਾਰੀ ਦਿੱਤੀ ਕਿ ਪੰਜਾਬ ਦੇ ਕਰੀਬ 86 ਫ਼ੀਸਦੀ ਵੋਟਰਾਂ ਦੀ ਮੈਪਿੰਗ ਦਾ ਕੰਮ ਪਹਿਲਾਂ ਹੀ ਪੂਰਾ ਹੋ ਚੁੱਕਾ ਹੈ। ਜਿਨ੍ਹਾਂ ਵੋਟਰਾਂ ਦੀ ਮੈਪਿੰਗ ਅਜੇ ਬਾਕੀ ਹੈ, ਉਨ੍ਹਾਂ ਦੀ ਜਾਣਕਾਰੀ ਸਿਆਸੀ ਪਾਰਟੀਆਂ ਨਾਲ ਸਾਂਝੀ ਕੀਤੀ ਗਈ ਹੈ ਤਾਂ ਜੋ ਇਸ ਪ੍ਰਕਿਰਿਆ ਨੂੰ ਹੋਰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਨੇ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸੋਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਚੋਣ ਅਧਿਕਾਰੀਆਂ ਨਾਲ ਪੂਰਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਇਸ ਨਾਲ ਵੋਟਰ ਤਸਦੀਕ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ, ਸੁਚਾਰੂ ਅਤੇ ਸਹੀ ਢੰਗ ਨਾਲ ਮੁਕੰਮਲ ਕਰਨ ਵਿੱਚ ਮਦਦ ਮਿਲੇਗੀ।
ਮੀਟਿੰਗ ਦੌਰਾਨ ਵਿਸ਼ੇਸ਼ ਇੰਟੈਂਸਿਵ ਰੀਵੀਜ਼ਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਸਮੇਤ ਸੀਨੀਅਰ ਚੋਣ ਅਧਿਕਾਰੀ ਵੀ ਮੌਜੂਦ ਰਹੇ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


