ਪੰਜਾਬ ਸਰਕਾਰ ਖੇਤੀ ਨੂੰ ਲਾਹੇਵੰਦ ਧੰਦਾ ਬਣਾਏਗੀ -ਸੰਧਵਾਂ
ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਖੇਤੀ ਮਾਹਿਰਾਂ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨਾਲ ਉਪਜਾਊ ਸ਼ਕਤੀ ਵਧਾਉਣੀ ਦੀ ਸਲਾਹ
ਵਾਤਾਵਰਨ ਦੀ ਸੰਭਾਲ ਵਾਲੇ ਕਿਸਾਨਾਂ ਨੂੰ ਵਿਧਾਨ ਸਭਾ ਵਿੱਚ ਸਨਮਾਨਿਤ ਕੀਤਾ ਜਾਵੇਗਾ।
ਫਰੀਦਕੋਟ, 9 ਮਾਰਚ – (ਗੁਰਮੀਤ ਸਿੰਘ ਬਰਾੜ) ਪੰਜਾਬ ਦੇ ਕਿਸਾਨਾਂ ਨੇ ਆਪਣੀ ਮਿਹਨਤ ਨਾਲ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਪੁਲਾਂਘਾਂ ਪੁੱਟ ਕੇ ਜਿੱਥੇ ਦੇਸ਼ ਨੂੰ ਖੁਰਾਕ ਦੇ ਖੇਤਰ ਵਿੱਚ ਆਤਮ ਨਿਰਭਰ ਬਣਾਇਆ ਉਥੇ ਹੀ ਉਨ੍ਹਾਂ ਨੇ ਪੰਜਾਬ ਤੇ ਦੇਸ਼ ਦੀ ਆਰਥਿਕਤਾ ਨੂੰ ਵੱਡਾ ਹੁਲਾਰਾ ਦਿੱਤਾ ਹੈ ।ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਫਰੀਦਕੋਟ ਵਿਖੇ ਲਗਾਏ ਗਏ ਜ਼ਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਡਾ ਰੂਹੀ ਦੁੱਗ ਵੱਲੋਂ ਕੀਤਾ ਗਿਆ ਜਦਕਿ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ. ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ,ਸ. ਅਮੋਲਕ ਸਿੰਘ ਵਿਧਾਇਕ ਜੈਤੋ ਨੇ ਵੀ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਵੱਲੋ ਸਮੂਹ ਮਹਿਮਾਨਾਂ ਨੂੰ ਜੀ ਆਇਆ ਕਿਹਾ ਗਿਆ । ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਂਪ ਵਿਚ ਸ਼ਾਮਿਲ ਹੋਏ ਕਿਸਾਨਾਂ ਨੂੰ ਕਿਹਾ ਗਿਆ ਕਿ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਨੂੰ ਵਿਧਾਨ ਸਭਾ ਵਿਚ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਤੀਬਾੜੀ ਖੇਤਰ ਅਤੇ ਕਿਸਾਨਾਂ ਦੀ ਉੱਨਤੀ ਤੇ ਵਿਕਾਸ ਲਈ ਹਰ ਸੰਭਵ ਯਤਨ ਕਰੇਗੀ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਇਆ ਜਾਵੇਗਾ। ਸ਼੍ਰੀਮਤੀ ਰੂਹੀ ਦੁੱਗ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਆਤਮਾ ਵੱਲੋ ਵੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਖੇਤੀਬਾੜੀ ਦੇ ਖੇਤਰ ਵਿੱਚ ਨਵੀਆਂ ਤਕਨੀਕਾਂ ਅਪਣਾਉਣ ਦੇ ਨਾਲ ਨਾਲ ਵਾਤਾਵਰਨ ਦੀ ਸੰਭਾਲ ਲਈ ਵੀ ਕੰਮ ਕਰਨ । ਖੇਤੀ ਮਾਹਿਰ ਬੁਲਾਰੇ ਡਾ. ਕੁਲਵੰਤ ਸਿੰਘ ਨੇ ਜਮੀਨ ਦੀ ਸਿਹਤ ਬਾਰੇ, ਡਾ .ਆਰ.ਕੇ.ਸਿੰਘ ਪਰਾਲੀ ਦੀ ਸਾਂਭ ਸੰਭਾਲ ਬਾਰੇ, ਡਾ. ਯਾਦਵਿੰਦਰ ਸਿੰਘ ਨੇ ਝੋਨੇ ਦੀ ਸੁਚੱਜੀ ਕਾਸ਼ਤ ਬਾਰੇ, ਡਾ ਸੁਭਕਰਨ ਸਿੰਘ ਨੇ ਨਰਮੇ ਦਾ ਵਧੀਆ ਝਾੜ ਲੈਣ ਬਾਰੇ, ਡਾ. ਸਤਨਾਮ ਸਿੰਘ ਨੇ ਸਾਉਣੀ ਫਸਲਾਂ ਦੇ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਬਾਰੇ, ਡਾ. ਗੁਰਦਰਸ਼ਨ ਸਿੰਘ ਨੇ ਸਬਜੀਆਂ ਦੇ ਫਸਲਾਂ ਬਾਰੇ ਅਤੇ ਡਾ. ਗੁਰਲਾਲ ਸਿੰਘ ਨੇ ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਤਕਨੀਕੀ ਜਾਣਕਾਰੀ ਦਿੱਤੀ। ਆਪਣੇ ਵਿਭਾਗ ਦੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵੱਲੋ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਦਰਸਾਉਂਦੀਆਂ ਪ੍ਰਦਰਸ਼ਨੀਆਂ ਲਗਾਈਆਂ ਗਈਆਂ। ਇਸ ਮੌਕੇ ਤੇ ਖੇਤੀਬਾੜੀ ਮਸ਼ੀਨਰੀ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਅਤੇ ਬਿਜਾਈ ਕਰਨ ਵਾਲੀਆਂ ਮਸ਼ੀਨਾਂ ਕਿਸਾਨਾਂ ਦੀ ਖਿੱਚ ਦਾ ਕੇਂਦਰ ਰਹੀਆਂ। ਖੇਤੀ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਸਾਹਿਤ ਸਾਉਣੀ 2022 ਪੀ.ਏ.ਯੂ ਕਿਤਾਬਚਾ ਕਿਸਾਨਾਂ ਨੂੰ ਮੁਫ਼ਤ ਵੰਡਿਆ ਗਿਆ। ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਵਿਚ ਲਗਭਗ 1000 ਦੇ ਕਰੀਬ ਕਿਸਾਨ ਸ਼ਾਮਿਲ ਸਨ। ਇਸ ਕੈਂਪ ਮੌਕੇ ਡਾ. ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ, ਫਰੀਦਕੋਟ ,ਡਾ. ਭੂਪੇਸ਼ ਜੋਸ਼ੀ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ,ਡਾ. ਜਗਸੀਰ ਸਿੰਘ ਟਰੇਨਿੰਗ ਅਫਸਰ, ਡਾ. ਕੁਲਦੀਪ ਸਿੰਘ ਡਾਇਰੈਕਟਰ ਖੇਤਰੀ ਖੋਜ਼ ਕੇਦਰ, ਡਾ. ਰਾਮ ਸਿੰਘ ਬਲਾਕ ਅਫਸਰ, ਡਾ. ਗੁਰਪ੍ਰੀਤ ਸਿੰਘ ਬਲਾਕ ਅਫਸਰ, ਡਾ. ਚਰਨਜੀਤ ਸਿੰਘ, ਡਾ. ਸੁਰਿੰਦਰ ਪਾਲ ਸਿੰਘ, ਇਜੰ. ਹਰਚਰਨ ਸਿੰਘ, ਡਾ. ਗੁਰਿੰਦਰਪਾਲ ਸਿੰਘ, ਡਾ. ਸੁਰਜੀਤ ਸਿੰਘ, ਡਾ.ਖੁਸਵੰਤ ਸਿੰਘ ਡੀ.ਪੀ.ਡੀ. ਅਤੇ ਸਮੂਹ ਖੇਤੀਬਾੜੀ ਵਿਭਾਗ ਦੇ ਅਧਿਕਾਰੀ/ ਕਰਮਚਾਰੀ ਹਾਜ਼ਰ ਸਨ।