ਪੰਜਾਬ ਸਰਕਾਰ ਦੀ ਸਖ਼ਤੀ, ਬਿਨਾਂ ਮਨਜ਼ੂਰੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਦੀ ਬਣੇਗੀ ਸੂਚੀ
ਇਸ ਸਬੰਧੀ ਪ੍ਰਸੋਨਲ ਪਾਲਿਸੀਜ਼-2 ਸ਼ਾਖਾ ਵੱਲੋਂ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।

ਚੰਡੀਗੜ੍ਹ
ਪੰਜਾਬ ਸਰਕਾਰ ਨੇ ਸਰਕਾਰੀ ਦਫ਼ਤਰਾਂ ਵਿੱਚ ਡਿਊਟੀ ਤੋਂ ਬਿਨਾਂ ਮਨਜ਼ੂਰੀ ਜਾਂ ਬਿਨਾਂ ਕਿਸੇ ਸੂਚਨਾ ਦੇ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਨੇ ਅਜਿਹੇ ਮੁਲਾਜ਼ਮਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਨਿਯਮਾਂ ਮੁਤਾਬਕ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।
ਇਸ ਸਬੰਧੀ ਪ੍ਰਸੋਨਲ ਪਾਲਿਸੀਜ਼-2 ਸ਼ਾਖਾ ਵੱਲੋਂ ਸੂਬੇ ਦੇ ਸਾਰੇ ਵਿਸ਼ੇਸ਼ ਮੁੱਖ ਸਕੱਤਰਾਂ, ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ ਅਤੇ ਪ੍ਰਸ਼ਾਸਨਿਕ ਸਕੱਤਰਾਂ ਨੂੰ ਅਧਿਕਾਰਤ ਪੱਤਰ ਜਾਰੀ ਕੀਤਾ ਗਿਆ ਹੈ।
ਸਰਕਾਰੀ ਦਫ਼ਤਰਾਂ ’ਚ ਮੁਲਾਜ਼ਮਾਂ ਦੀ ਗੈਰ-ਹਾਜ਼ਰੀ ’ਤੇ ਸਰਕਾਰ ਗੰਭੀਰ
ਸਰਕਾਰ ਨੂੰ ਆਮ ਲੋਕਾਂ ਵੱਲੋਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਕਈ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀ ਅਤੇ ਕਰਮਚਾਰੀ ਆਪਣੀ ਡਿਊਟੀ ਵਾਲੀ ਸੀਟ ’ਤੇ ਮੌਜੂਦ ਨਹੀਂ ਹੁੰਦੇ। ਇਸ ਕਾਰਨ ਸਰਕਾਰੀ ਕੰਮਕਾਜ ਲਈ ਦਫ਼ਤਰਾਂ ਵਿੱਚ ਆਉਣ ਵਾਲੇ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਨ੍ਹਾਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਹੁਣ ਸਰਕਾਰ ਨੇ ਸਾਰੇ ਵਿਭਾਗਾਂ ਨੂੰ ਇਸ ਮਾਮਲੇ ਵਿੱਚ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਅੱਜ ਸ਼ਾਮ ਤੱਕ ਮੰਗੀ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ
ਸਰਕਾਰ ਵੱਲੋਂ ਪ੍ਰਸ਼ਾਸਨਿਕ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ-ਆਪਣੇ ਵਿਭਾਗਾਂ ਵਿੱਚ ਬਿਨਾਂ ਮਨਜ਼ੂਰੀ ਜਾਂ ਬਿਨਾਂ ਸੂਚਨਾ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੂਚੀ ਤਿਆਰ ਕਰਨ।
ਇਹ ਸੂਚੀ ਅੱਜ ਕਾਰਜਕਾਰੀ ਦਿਨ ਖ਼ਤਮ ਹੋਣ ਤੱਕ ਆਮ ਪ੍ਰਸ਼ਾਸਨ ਵਿਭਾਗ ਨੂੰ ਭੇਜਣ ਦੇ ਨਿਰਦੇਸ਼ ਦਿੱਤੇ ਗਏ ਹਨ।
ਸੇਵਾ ਨਿਯਮਾਂ ਤਹਿਤ ਹੋਵੇਗੀ ਕਾਰਵਾਈ
ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਗੈਰ-ਹਾਜ਼ਰ ਮੁਲਾਜ਼ਮਾਂ ਦੀ ਸੂਚੀ ਮਿਲਣ ਤੋਂ ਬਾਅਦ ਸੰਬੰਧਿਤ ਸੇਵਾ ਨਿਯਮਾਂ ਦੇ ਤਹਿਤ ਉਨ੍ਹਾਂ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਇਸ ਕਾਰਵਾਈ ਦਾ ਮੁੱਖ ਮਕਸਦ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣਾ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਲੈਣ ਸਮੇਂ ਹੋਣ ਵਾਲੀ ਪਰੇਸ਼ਾਨੀ ਨੂੰ ਘਟਾਉਣਾ ਹੈ।
ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ਵਿੱਚ ਹਲਚਲ ਵਧਣ ਦੀ ਸੰਭਾਵਨਾ ਹੈ ਅਤੇ ਸੂਚੀ ਤਿਆਰ ਹੋਣ ਤੋਂ ਬਾਅਦ ਕਈ ਕਰਮਚਾਰੀਆਂ ’ਤੇ ਵਿਭਾਗੀ ਕਾਰਵਾਈ ਦੀ ਤਲਵਾਰ ਲਟਕ ਸਕਦੀ ਹੈ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


