ਪੰਜਾਬ ਸਰਕਾਰ ਨੂੰ ਡੀਏ ਦਾ ਬਕਾਇਆ ਦੇਣਾ ਹੀ ਪਵੇਗਾ! ਹਾਈਕੋਰਟ ਨੇ ਅਪੀਲ ਰੱਦ ਕਰਕੇ ਦਿੱਤਾ ਵੱਡਾ ਫ਼ੈਸਲਾ
ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਦੇ ਅੰਦਰ ਡੀਏ ਦਾ ਬਕਾਇਆ ਜਾਰੀ ਕੀਤਾ ਜਾਵੇ।

ਚੰਡੀਗੜ੍ਹ
ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਹਾਈਕੋਰਟ ਨੇ ਸਰਕਾਰ ਵੱਲੋਂ ਦਾਇਰ ਕੀਤੀ ਗਈ ਅਪੀਲ ਨੂੰ ਰੱਦ ਕਰਦਿਆਂ ਸਿੰਗਲ ਬੈਂਚ ਦੇ ਪਹਿਲਾਂ ਦਿੱਤੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ਦੇ ਅੰਦਰ ਡੀਏ ਦਾ ਬਕਾਇਆ ਜਾਰੀ ਕੀਤਾ ਜਾਵੇ।
ਹਾਈਕੋਰਟ ਨੇ ਸਰਕਾਰ ਨੂੰ ਦਿੱਤੀ ਸਖ਼ਤ ਚੇਤਾਵਨੀ
ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਪੰਜਾਬ ਸਰਕਾਰ ਇਸ ਮਹੀਨੇ ਦੇ ਅੰਤ ਤੱਕ ਬਕਾਇਆ ਰਕਮ ਜਾਰੀ ਨਹੀਂ ਕਰਦੀ, ਤਾਂ ਉਸ ਨੂੰ 6 ਫ਼ੀਸਦੀ ਵਿਆਜ ਸਮੇਤ ਇਹ ਰਕਮ ਅਦਾ ਕਰਨੀ ਪਵੇਗੀ। ਹਾਈਕੋਰਟ ਨੇ ਸਰਕਾਰ ਨੂੰ ਹੁਕਮਾਂ ਦੀ ਪਾਲਣਾ ਕਰਨ ਲਈ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ।
ਸਰਕਾਰ ਦੀਆਂ ਦਲੀਲਾਂ ਨੂੰ ਅਦਾਲਤ ਨੇ ਨਹੀਂ ਮੰਨਿਆ
ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੇ 18 ਜੂਨ 2021 ਦੀ ਰਿਪੋਰਟ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਦੇ ਨਾਲ ਹੀ ਸਰਕਾਰ ਨੇ ਕਿਹਾ ਕਿ 18 ਫਰਵਰੀ 2025 ਨੂੰ ਇੱਕ ਨਵੀਂ ਨੀਤੀ ਪੇਸ਼ ਕੀਤੀ ਗਈ ਸੀ। ਸਰਕਾਰ ਦਾ ਤਰਕ ਸੀ ਕਿ ਪੰਜਾਬ ਆਪਣੇ ਕਰਮਚਾਰੀਆਂ ਨੂੰ ਕਈ ਹੋਰ ਰਾਜਾਂ ਦੇ ਮੁਕਾਬਲੇ ਵੱਧ ਤਨਖਾਹ ਦੇ ਰਿਹਾ ਹੈ, ਇਸ ਲਈ ਵੱਖਰੇ ਤੌਰ ‘ਤੇ ਡੀਏ ਦੀ ਅਦਾਇਗੀ ਜ਼ਰੂਰੀ ਨਹੀਂ ਬਣਦੀ।
ਦੂਜੇ ਪਾਸੇ ਕਰਮਚਾਰੀ ਜਥੇਬੰਦੀਆਂ ਦੀ ਪੱਖੋਂ ਪੇਸ਼ ਹੋਏ ਵਕੀਲ ਸੰਨੀ ਸਿੰਗਲਾ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਕਾਨੂੰਨ ਅਨੁਸਾਰ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਮੁਤਾਬਕ ਡੀਏ ਦੇਣ ਲਈ ਬੱਝੀ ਹੋਈ ਹੈ। ਉਨ੍ਹਾਂ ਕਿਹਾ ਕਿ ਆਈਏਐਸ, ਆਈਪੀਐਸ, ਆਈਐਫਐਸ ਅਤੇ ਨਿਆਂਇਕ ਅਧਿਕਾਰੀਆਂ ਨੂੰ ਪਹਿਲਾਂ ਹੀ ਕੇਂਦਰੀ ਦਰਾਂ ਅਨੁਸਾਰ ਡੀਏ ਮਿਲ ਰਿਹਾ ਹੈ, ਪਰ ਹੋਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਇਹੀ ਲਾਭ ਦੇਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


