ਪੰਜਾਬ ਸਰਕਾਰ ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ -ਸੰਧਵਾਂ
ਫਰੀਦਕੋਟ, 7 ਅਗਸਤ (ਪੰਜਾਬ ਡਇਰੀ)- ਲਿਫ਼ਟ ਪੰਪਾਂ ਦੇ ਮਸਲੇ ਤੇ ਕਿਸੇ ਵੀ ਕਿਸਾਨ ਦਾ ਕਿਸੇ ਵੀ ਤਰਾਂ ਦਾ ਕੋਈ ਵੀ ਨੁਕਸਾਨ ਨਹੀਂ ਕੀਤਾ ਜਾਵੇਗਾ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਨੇ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਕਿਸਾਨ,ਹਰ ਖੇਤ ਤੱਕ ਨਹਿਰੀ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਹੋਰ ਆਸਾਨੀ ਨਾਲ ਉਪਲਬਧ ਕਰਵਾਉਣ ਲਈ ਇੱਕ ਪੈਰਲਰ ਨਹਿਰ ਬਣਾਓਣ ਦਾ ਸਰਵਾ ਚੱਲ ਰਿਹਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਿਸ਼ਚਿੰਤ ਰਹਿਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੋ ਵੀ ਕਦਮ ਉਠਾਏਗੀ,ਕਿਸਾਨਾਂ ਦੀ ਭਲਾਈ ਲਈ ਹੀ ਉਠਾਏਗੀ।
ਉਹਨਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਤਹਿਤ ਪਹਿਲਾਂ ਵੀ ਪੰਜਾਬ ਦੇ ਹਰ ਖੇਤ ਵਿੱਚ ਨਹਿਰੀ ਪਾਣੀ ਪੁੱਜਦਾ ਕੀਤਾ ਹੈ। ਜਿਸ ਨਾਲ ਕਿਸਾਨਾਂ ਵੱਲੋਂ ਮੋਟਰਾਂ ਨਹੀਂ ਚਲਾਈਆਂ ਗਈਆਂ ਸਨ ਅਤੇ ਧਰਤੀ ਹੇਠਲਾ ਜ਼ਮੀਨੀ ਪਾਣੀ ਦਾ ਪੱਧਰ ਉੱਚਾ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਲਗਾਤਾਰ ਕਿਸਾਨਾਂ ਦੇ ਹੱਕ ਵਿੱਚ ਫੈਸਲੇ ਕੀਤੇ ਜਾ ਰਹੇ ਹਨ। ਜਿਸ ਨਾਲ ਕਿਸਾਨੀ ਦਾ ਪੱਧਰ ਲਗਾਤਾਰ ਉੱਚਾ ਉਠ ਰਿਹਾ ਹੈ। ਉਨ੍ਹਾਂ ਇਹ ਦੁਹਰਾਇਆ ਕਿ ਪੰਜਾਬ ਸਰਕਾਰ ਅਜਿਹਾ ਕੋਈ ਕਦਮ ਨਹੀਂ ਚੁੱਕੇਗੀ ਜਿਸ ਨਾਲ ਕਿਸਾਨੀ ਨੂੰ ਠੇਸ ਪਹੁੰਚੇ। ਉਨ੍ਹਾਂ ਜ਼ਿਲ੍ਹਾ ਫ਼ਰੀਦਕੋਟ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਅਤੇ ਝੂਠੀਆਂ ਖਬਰਾਂ ਤੇ ਯਕੀਨ ਨਾ ਕਰਨ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾਂ ਕਿਸਾਨਾਂ ਦੇ ਨਾਲ ਹੈ।