ਫਰੀਦਕੋਟ ਦੇ ਮੈਡੀਕਲ ਹਸਪਤਾਲ ‘ਚ ਹੰਗਾਮਾ, ਸੁਰੱਖਿਆ ਕਰਮਚਾਰੀ ‘ਤੇ ਤਾਣੀ ਪਿਸਤੌਲ
ਇਸ ਵੀਡੀਓ ਵਿੱਚ ਕੁਝ ਨੌਜਵਾਨ ਪਹਿਲਾਂ ਸੁਰੱਖਿਆ ਕਰਮਚਾਰੀਆਂ ਨਾਲ ਬਦਸਲੂਕੀ ਅਤੇ ਧੱਕਾਮੁੱਕੀ ਕਰਦੇ ਦਿਖਾਈ ਦੇ ਰਹੇ ਹਨ ਅਤੇ ਬਾਅਦ ਵਿੱਚ ਇਕ ਵਿਅਕਤੀ ਵੱਲੋਂ ਪਿਸਤੌਲ ਤਾਣੀ ਗਈ।

ਫਰੀਦਕੋਟ- ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਗੁੰਡਾਗਰਦੀ ਦਾ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿਸਦੀ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਕੁਝ ਨੌਜਵਾਨ ਪਹਿਲਾਂ ਸੁਰੱਖਿਆ ਕਰਮਚਾਰੀਆਂ ਨਾਲ ਬਦਸਲੂਕੀ ਅਤੇ ਧੱਕਾਮੁੱਕੀ ਕਰਦੇ ਦਿਖਾਈ ਦੇ ਰਹੇ ਹਨ ਅਤੇ ਬਾਅਦ ਵਿੱਚ ਇਕ ਵਿਅਕਤੀ ਵੱਲੋਂ ਪਿਸਤੌਲ ਤਾਣੀ ਗਈ।
ਜਾਣਕਾਰੀ ਮੁਤਾਬਕ ਇਹ ਘਟਨਾ ਸ਼ਨਿੱਚਰਵਾਰ ਸ਼ਾਮ ਦੀ ਹੈ, ਜਦੋਂ ਕੁਝ ਲੋਕ ਥਾਰ ਗੱਡੀ ਵਿੱਚ ਹਸਪਤਾਲ ਆਪਣੇ ਮਰੀਜ਼ ਨੂੰ ਮਿਲਣ ਪਹੁੰਚੇ। ਹਸਪਤਾਲ ਦੇ ਦਰਵਾਜ਼ੇ ‘ਤੇ ਚੈਕਿੰਗ ਦੌਰਾਨ ਜਦ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਤਾਂ ਮਾਮਲਾ ਤਣਾਅਪੂਰਨ ਹੋ ਗਿਆ। ਪਹਿਲਾਂ ਉਨ੍ਹਾਂ ਵੱਲੋਂ ਸੁਰੱਖਿਆ ਕਰਮਚਾਰੀਆਂ ਨਾਲ ਧੱਕਾਮੁੱਕੀ ਕੀਤੀ ਗਈ ਅਤੇ ਫਿਰ ਹੱਥਾਪਾਈ ਦੌਰਾਨ ਇਕ ਨੌਜਵਾਨ ਨੇ ਪਿਸਤੌਲ ਤਾਣ ਦਿੱਤੀ।
ਖੁਸ਼ਕਿਸਮਤੀ ਨਾਲ ਉਸਦੇ ਸਾਥੀਆਂ ਨੇ ਉਸਨੂੰ ਤੁਰੰਤ ਰੋਕ ਲਿਆ, ਨਹੀਂ ਤਾਂ ਕੋਈ ਵੱਡੀ ਘਟਨਾ ਵਾਪਰ ਸਕਦੀ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਜਿੱਥੇ ਇਹ ਸਾਰੀ ਘਟਨਾ ਵਾਪਰੀ, ਉੱਥੇ ਤੋਂ ਸਿਰਫ਼ 50 ਮੀਟਰ ਦੀ ਦੂਰੀ ‘ਤੇ ਹੀ ਹਸਪਤਾਲ ਅੰਦਰ ਪੁਲਿਸ ਚੌਂਕੀ ਮੌਜੂਦ ਹੈ, ਫਿਰ ਵੀ ਦੋਸ਼ੀ ਬੇਖੌਫ ਨਜ਼ਰ ਆਏ।
ਮੈਡੀਕਲ ਸੁਪਰਡੈਂਟ ਡਾ. ਨੀਤੂ ਕੁੱਕੜ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੁਰੱਖਿਆ ਕਰਮਚਾਰੀਆਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧੀ ਜ਼ਿਲ੍ਹਾ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਗਈ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।
ਦੂਜੇ ਪਾਸੇ, ਡੀਐਸਪੀ ਫਰੀਦਕੋਟ ਤਰਲੋਚਨ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਈ ਅਧਿਕਾਰੀ ਨਿਯੁਕਤ ਕਰ ਦਿੱਤਾ ਗਿਆ ਹੈ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਸੂਤਰਾਂ ਅਨੁਸਾਰ, ਇਸ ਘਟਨਾ ਵਿੱਚ ਸ਼ਾਮਲ ਮੁੱਖ ਵਿਅਕਤੀ ਕਿਸੇ ਪਿੰਡ ਦਾ ਸਾਬਕਾ ਸਰਪੰਚ ਦੱਸਿਆ ਜਾ ਰਿਹਾ ਹੈ। ਹਾਲਾਂਕਿ ਘਟਨਾ ਨੂੰ ਲਗਭਗ ਤਿੰਨ ਦਿਨ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਕੋਈ ਵੱਡੀ ਪੁਲਿਸ ਕਾਰਵਾਈ ਸਾਹਮਣੇ ਨਹੀਂ ਆਈ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜੇ ਹੋ ਰਹੇ ਹਨ।
-(ਜੀ ਨਿਊਜ, ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


