ਫਾਸਟ-ਟਰੈਕ ਕੋਰਟ ਦਾ ਪਹਿਲਾ ਦਿਨ ਹੀ ਫਿੱਕਾ! NEET ਪੇਪਰ ਲੀਕ ਕੇਸ ‘ਚ CBI ਦਾ ਵਕੀਲ ਨਾ ਪੁੱਜਿਆ, ਸੁਣਵਾਈ 3 ਅਗਸਤ ਤੱਕ ਟਲੀ
ਸੋਮਵਾਰ (27 ਜੁਲਾਈ) ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ‘ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਐਕਟ, 2024’ ਤਹਿਤ ਬਣੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਣੀ ਸੀ, ਪਰ ਪਹਿਲੇ ਹੀ ਦਿਨ ਮਾਮਲਾ ਮੁਲਤਵੀ ਕਰਨਾ ਪਿਆ।

ਨਵੀਂ ਦਿੱਲੀ
ਦੇਸ਼ ਭਰ ਵਿੱਚ NEET ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਦੇ ਰੋਸ ਵਿਚਕਾਰ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਤੇਜ਼ ਕਾਰਵਾਈ ਲਈ ਬਣਾਈ ਗਈ ਫਾਸਟ-ਟਰੈਕ ਅਦਾਲਤ ਦੀ ਪਹਿਲੀ ਹੀ ਸੁਣਵਾਈ ਅਧੂਰੀ ਰਹਿ ਗਈ। ਸੋਮਵਾਰ (27 ਜੁਲਾਈ) ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ‘ਜਨਤਕ ਪ੍ਰੀਖਿਆਵਾਂ (ਅਨਿਆਂਪੂਰਨ ਸਾਧਨਾਂ ਦੀ ਰੋਕਥਾਮ) ਐਕਟ, 2024’ ਤਹਿਤ ਬਣੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਣੀ ਸੀ, ਪਰ ਪਹਿਲੇ ਹੀ ਦਿਨ ਮਾਮਲਾ ਮੁਲਤਵੀ ਕਰਨਾ ਪਿਆ।
ਜਾਣਕਾਰੀ ਮੁਤਾਬਕ ਅੱਜ ਦੀ ਸੁਣਵਾਈ ਦੌਰਾਨ ਸੀਬੀਆਈ ਵੱਲੋਂ ਕੋਈ ਵੀ ਸਰਕਾਰੀ ਵਕੀਲ ਅਦਾਲਤ ਵਿੱਚ ਹਾਜ਼ਰ ਨਹੀਂ ਹੋਇਆ। ਇਸ ਕਾਰਨ ਅਦਾਲਤ ਨੂੰ ਕਾਰਵਾਈ ਅੱਗੇ ਨਾ ਵਧਾਉਂਦਿਆਂ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ਲਈ ਤੈਅ ਕਰਨੀ ਪਈ।
3 ਅਗਸਤ ਨੂੰ ਹੋਵੇਗੀ ਅਗਲੀ ਸੁਣਵਾਈ
ਨੀਟ-ਯੂਜੀ ਪੇਪਰ ਲੀਕ ਮਾਮਲੇ ਵਿੱਚ ਗ੍ਰਿਫ਼ਤਾਰ ਦਿਨੇਸ਼ ਬਿਵਾਲ ਅਤੇ ਵਿਕਾਸ ਬਿਵਾਲ ਦੀਆਂ ਜ਼ਮਾਨਤ ਅਰਜ਼ੀਆਂ ‘ਤੇ ਵਿਸ਼ੇਸ਼ ਜੱਜ ਅਨੁ ਗਰੋਵਰ ਬਾਲੀਗਾ ਵੱਲੋਂ ਸੁਣਵਾਈ ਕੀਤੀ ਜਾਣੀ ਸੀ। ਅਦਾਲਤ ਨੇ ਇਸਤਗਾਸਾ ਨਿਰਦੇਸ਼ਕ ਨੂੰ ਮਾਮਲੇ ਲਈ ਤੁਰੰਤ ਸਰਕਾਰੀ ਵਕੀਲ ਨਿਯੁਕਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਹੁਣ ਰਾਊਜ਼ ਐਵੇਨਿਊ ਕੋਰਟ ਵਿੱਚ ਇਸ ਕੇਸ ਦੀ ਅਗਲੀ ਸੁਣਵਾਈ 3 ਅਗਸਤ ਸਵੇਰੇ 10 ਵਜੇ ਹੋਵੇਗੀ।
CBI ਨੇ ਦੋਵਾਂ ਮੁਲਜ਼ਮਾਂ ਨੂੰ ਕੀਤਾ ਸੀ ਗ੍ਰਿਫ਼ਤਾਰ
ਸੀਬੀਆਈ ਵੱਲੋਂ ਨੀਟ-ਯੂਜੀ ਪੇਪਰ ਲੀਕ ਸਾਜ਼ਿਸ਼ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 13 ਦੋਸ਼ੀਆਂ ਵਿੱਚ ਦਿਨੇਸ਼ ਬਿਵਾਲ ਅਤੇ ਵਿਕਾਸ ਬਿਵਾਲ ਵੀ ਸ਼ਾਮਲ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਦੋਵੇਂ ਉਸ ਨੈੱਟਵਰਕ ਦਾ ਹਿੱਸਾ ਸਨ ਜਿਸ ਨੇ ਪ੍ਰੀਖਿਆ ਤੋਂ ਪਹਿਲਾਂ ਪ੍ਰਸ਼ਨ ਪੱਤਰ ਲੀਕ ਕਰਕੇ ਕਈ ਉਮੀਦਵਾਰਾਂ ਤੱਕ ਪਹੁੰਚਾਇਆ ਸੀ।
ਪ੍ਰਧਾਨ ਮੰਤਰੀ ਨੇ ਕੀਤਾ ਸੀ ਫਾਸਟ-ਟਰੈਕ ਕੋਰਟਾਂ ਦਾ ਐਲਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੇਪਰ ਲੀਕ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਜਲਦੀ ਸਜ਼ਾ ਦਿਵਾਉਣ ਲਈ ਫਾਸਟ-ਟਰੈਕ ਅਦਾਲਤਾਂ ਬਣਾਉਣ ਦਾ ਐਲਾਨ ਕੀਤਾ ਸੀ। 23 ਜੁਲਾਈ ਨੂੰ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਕਿਹਾ ਸੀ ਕਿ ਨੌਜਵਾਨਾਂ ਦਾ ਭਵਿੱਖ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੈ ਅਤੇ ਪੇਪਰ ਲੀਕ ਵਰਗੇ ਮਾਮਲਿਆਂ ਵਿੱਚ ਤੇਜ਼ ਸੁਣਵਾਈ ਅਤੇ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇਗੀ। ਇਸ ਸਬੰਧੀ ਸਾਰੇ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਸਨ। ਉਨ੍ਹਾਂ ਕਿਹਾ ਸੀ ਕਿ ਨੌਜਵਾਨਾਂ ਦੇ ਭਵਿੱਖ ਨਾਲ ਖੇਡਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।
ਇਹ ਘਟਨਾ ਉਸ ਸਮੇਂ ਸਾਹਮਣੇ ਆਈ ਹੈ ਜਦੋਂ ਕਥਿਤ ਪੇਪਰ ਲੀਕ ਦੇ ਵਿਰੋਧ ਵਿੱਚ ਦੇਸ਼ ਭਰ ਵਿੱਚ ਚੱਲ ਰਹੇ ਵਿਦਿਆਰਥੀ ਅੰਦੋਲਨ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੀ ਅਗਵਾਈ ਹੇਠ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਫਿਲਹਾਲ ਮੁਲਤਵੀ ਕਰ ਦਿੱਤੇ ਗਏ ਹਨ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


