ਬਲੋਚਿਸਤਾਨ ’ਚ ਸਿੱਖ ਵਿਰਾਸਤ ਨੂੰ ਵੱਡਾ ਝਟਕਾ! ਪੁਰਾਤਨ ਗੁਰਦੁਆਰਾ ਢਾਹ ਕੇ ਵਪਾਰਕ ਕੰਪਲੈਕਸ ਬਣਾਉਣ ਦਾ ਦੋਸ਼
ਪਾਕਿਸਤਾਨ ਦੇ ਬਲੋਚਿਸਤਾਨ ਤੋਂ ਸਿੱਖ ਭਾਈਚਾਰੇ ਦੀ ਧਾਰਮਿਕ ਵਿਰਾਸਤ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਲਾਕੇ ਵਿੱਚ ਕਰੀਬ 200 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹ ਦਿੱਤਾ ਗਿਆ ਹੈ

ਚੰਡੀਗੜ੍ਹ
ਪਾਕਿਸਤਾਨ ਦੇ ਬਲੋਚਿਸਤਾਨ ਤੋਂ ਸਿੱਖ ਭਾਈਚਾਰੇ ਦੀ ਧਾਰਮਿਕ ਵਿਰਾਸਤ ਨਾਲ ਜੁੜੀ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਇਲਾਕੇ ਵਿੱਚ ਕਰੀਬ 200 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹ ਦਿੱਤਾ ਗਿਆ ਹੈ ਅਤੇ ਇਸ ਦੀ ਥਾਂ ’ਤੇ ਹੁਣ ਇੱਕ ਮਾਲ ਜਾਂ ਵਪਾਰਕ ਕੰਪਲੈਕਸ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਜਾਣਕਾਰੀ ਮੁਤਾਬਕ ਇੱਥੇ ਪਹਿਲਾਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਮੌਜੂਦ ਸੀ। ਸਥਾਨਕ ਸਿੱਖ ਭਾਈਚਾਰੇ ਵੱਲੋਂ ਇਸ ਕਾਰਵਾਈ ਦਾ ਵਿਰੋਧ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆ ਰਹੀ ਹੈ। ਹਾਲਾਂਕਿ ਦੋਸ਼ ਹੈ ਕਿ ਵਿਰੋਧ ਦੇ ਬਾਵਜੂਦ ਸਰਕਾਰੀ ਪੱਧਰ ’ਤੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ।
ਬਲੋਚਿਸਤਾਨ ’ਚ 12 ’ਚੋਂ ਸਿਰਫ਼ 2 ਗੁਰਦੁਆਰੇ ਬਚਣ ਦਾ ਦਾਅਵਾ
ਭਾਜਪਾ ਦੇ ਕੌਮੀ ਬੁਲਾਰੇ ਆਰ.ਪੀ. ਸਿੰਘ ਨੇ ਵੀ ਇਸ ਮਾਮਲੇ ਨੂੰ ਸੋਸ਼ਲ ਮੀਡੀਆ ’ਤੇ ਉਠਾਇਆ ਹੈ। ਉਨ੍ਹਾਂ ਵੱਲੋਂ ਸਾਂਝੀ ਕੀਤੀ ਜਾਣਕਾਰੀ ਵਿੱਚ ਬਲੋਚਿਸਤਾਨ ਸਿੱਖ ਕੌਂਸਲ ਦੇ ਹਵਾਲੇ ਨਾਲ ਦਾਅਵਾ ਕੀਤਾ ਗਿਆ ਹੈ ਕਿ ਸੂਬੇ ਵਿੱਚ ਪਹਿਲਾਂ 12 ਗੁਰਦੁਆਰੇ ਮੌਜੂਦ ਸਨ, ਪਰ ਹੁਣ ਇਨ੍ਹਾਂ ਵਿੱਚੋਂ ਸਿਰਫ਼ 2 ਹੀ ਬਚੇ ਹਨ।
ਆਰ.ਪੀ. ਸਿੰਘ ਨੇ ਇਸ ਨੂੰ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਵਿਰਾਸਤ ਦੇ ਕਥਿਤ ਤੌਰ ’ਤੇ ਲਗਾਤਾਰ ਖ਼ਤਮ ਹੋਣ ਦੀ ਇੱਕ ਹੋਰ ਉਦਾਹਰਣ ਦੱਸਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਦੀ ਗਿਣਤੀ ਘਟਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ।
‘ਗੁਰਦੁਆਰਾ ਸਿਰਫ਼ ਇਮਾਰਤ ਨਹੀਂ, ਸਿੱਖ ਇਤਿਹਾਸ ਦੀ ਨਿਸ਼ਾਨੀ’

ਆਰ.ਪੀ. ਸਿੰਘ ਨੇ ਕਿਹਾ ਕਿ ਇਤਿਹਾਸਕ ਗੁਰਦੁਆਰੇ ਸਿਰਫ਼ ਇਮਾਰਤਾਂ ਜਾਂ ਜ਼ਮੀਨ ਦੇ ਟੁਕੜੇ ਨਹੀਂ ਹੁੰਦੇ। ਇਨ੍ਹਾਂ ਸਥਾਨਾਂ ਨਾਲ ਸਿੱਖ ਧਰਮ ਦਾ ਇਤਿਹਾਸ, ਆਸਥਾ, ਸੰਘਰਸ਼ ਅਤੇ ਕੁਰਬਾਨੀਆਂ ਜੁੜੀਆਂ ਹੋਈਆਂ ਹਨ।
ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਇਤਿਹਾਸਕ ਗੁਰਦੁਆਰਾ ਸਾਹਿਬ ਨੂੰ ਢਾਹ ਕੇ ਉਸੇ ਥਾਂ ’ਤੇ ਵਪਾਰਕ ਨਿਰਮਾਣ ਕਰਨਾ ਸਿੱਖ ਵਿਰਾਸਤ ਅਤੇ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਗੰਭੀਰ ਮਾਮਲਾ ਹੈ।
ਭਾਰਤ ਸਰਕਾਰ ਤੋਂ ਮਾਮਲਾ ਪਾਕਿਸਤਾਨ ਕੋਲ ਚੁੱਕਣ ਦੀ ਮੰਗ
ਭਾਜਪਾ ਆਗੂ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਅਪੀਲ ਕੀਤੀ ਹੈ ਕਿ ਮਾਮਲੇ ਦਾ ਤੁਰੰਤ ਨੋਟਿਸ ਲੈ ਕੇ ਇਸ ਨੂੰ ਪਾਕਿਸਤਾਨ ਸਰਕਾਰ ਦੇ ਸਾਹਮਣੇ ਉਠਾਇਆ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਨਿਰਪੱਖ ਅਤੇ ਪੂਰੀ ਜਾਂਚ ਕਰਵਾਈ ਜਾਵੇ।
ਇਸ ਦੇ ਨਾਲ ਹੀ ਉਨ੍ਹਾਂ ਗੁਰਦੁਆਰਾ ਸਾਹਿਬ ਦੀ ਜ਼ਮੀਨ ’ਤੇ ਹੋ ਰਹੀ ਕਥਿਤ ਵਪਾਰਕ ਉਸਾਰੀ ਨੂੰ ਰੋਕਣ ਅਤੇ ਇਤਿਹਾਸਕ ਸਥਾਨ ਦੀ ਮੁੜ ਉਸਾਰੀ, ਸੰਭਾਲ ਅਤੇ ਬਹਾਲੀ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ।
ਅਕਾਲ ਤਖ਼ਤ ਸਾਹਿਬ ਤੋਂ ਵੀ ਦਖ਼ਲ ਦੀ ਅਪੀਲ
ਆਰ.ਪੀ. ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਵੀ ਇਸ ਮਾਮਲੇ ਦਾ ਤੁਰੰਤ ਨੋਟਿਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵਿੱਚ ਸਿੱਖ ਧਾਰਮਿਕ ਵਿਰਾਸਤ ਨਾਲ ਜੁੜੇ ਸਥਾਨਾਂ ਦੀ ਸੁਰੱਖਿਆ ਲਈ ਸਪੱਸ਼ਟ ਅਤੇ ਸਖ਼ਤ ਆਵਾਜ਼ ਉਠਾਉਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਮਾਮਲਾ ਸਿਰਫ਼ ਇੱਕ ਪੁਰਾਣੀ ਇਮਾਰਤ ਦਾ ਨਹੀਂ, ਸਗੋਂ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਜੁੜੇ ਸਥਾਨਾਂ ਦੀ ਸੰਭਾਲ ਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਇਤਿਹਾਸਕ ਧਾਰਮਿਕ ਸਥਾਨਾਂ ਨੂੰ ਵਪਾਰਕ ਗਤੀਵਿਧੀਆਂ ਦੀ ਭੇਟ ਚੜ੍ਹਨ ਤੋਂ ਬਚਾਉਣਾ ਜ਼ਰੂਰੀ ਹੈ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


