ਬੇਅਦਬੀ ਕਾਨੂੰਨ ‘ਚ ਸੋਧ ਲਈ ਪੰਜਾਬ ਸਰਕਾਰ ਨੂੰ ਇੱਕ ਮਹੀਨੇ ਦੀ ਮਹਿਲਤ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਨਾਲ ਆਗੂ ਸਹਿਮਤ
ਸੁਣਵਾਈ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਦੇ ਅਨੁਕੂਲ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ।

ਸ੍ਰੀ ਅਮ੍ਰਿਤਸਰ ਸਾਹਿਬ
ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲੈ ਕੇ ਉੱਠੇ ਵਿਵਾਦ ਦੇ ਮੱਦੇਨਜ਼ਰ ਅੱਜ ਪੰਜਾਬ ਵਿਧਾਨ ਸਭਾ ਦੇ ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ। ਇਸ ਦੌਰਾਨ ਕਾਨੂੰਨ ਨਾਲ ਸਬੰਧਤ ਵੱਖ-ਵੱਖ ਨੁਕਤਿਆਂ ‘ਤੇ ਸਪੱਸ਼ਟੀਕਰਨ ਲਿਆ ਗਿਆ। ਸੁਣਵਾਈ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਸਿੱਖ ਭਾਵਨਾਵਾਂ ਦੇ ਅਨੁਕੂਲ ਇਸ ਕਾਨੂੰਨ ਵਿੱਚ ਲੋੜੀਂਦੀਆਂ ਸੋਧਾਂ ਕਰਨ ਲਈ ਇੱਕ ਮਹੀਨੇ ਦਾ ਸਮਾਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮਿਆਦ ਦੇ ਅੰਦਰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਐਕਟ ਵਿੱਚ ਜ਼ਰੂਰੀ ਤਬਦੀਲੀਆਂ ਕੀਤੀਆਂ ਜਾਣ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਇਸ ਇਕੱਤਰਤਾ ਦੌਰਾਨ ਹਾਜ਼ਰ ਸਮੂਹ ਸਿੱਖ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਵੀ ਸਿੱਖ ਭਾਵਨਾਵਾਂ ਦੇ ਮੁਤਾਬਕ ਕਾਨੂੰਨ ਵਿੱਚ ਹੋਰ ਸੋਧਾਂ ਕਰਨ ਲਈ ਆਪਣੀ ਸਹਿਮਤੀ ਪ੍ਰਗਟਾਈ। ਪੰਜ ਜੈਕਾਰਿਆਂ ਤੋਂ ਬਾਅਦ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੇ ਹੱਥ ਖੜ੍ਹੇ ਕਰਕੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਅਤੇ ਕਾਨੂੰਨ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਦੀ ਹਾਮੀ ਭਰੀ।
ਅਰਦਾਸ, ਗੁਰਬਾਣੀ ਅਤੇ ਸਿਮਰਨ ਤੋਂ ਬਾਅਦ ਸ਼ੁਰੂ ਹੋਈ ਸੁਣਵਾਈ
ਸਾਰੇ ਸਿੱਖ ਮੰਤਰੀਆਂ ਅਤੇ ਵਿਧਾਇਕਾਂ ਦੀ ਪੇਸ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਬਾਣੀ ਦੇ ਪਾਵਨ ਸ਼ਬਦਾਂ ਦਾ ਉਚਾਰਨ ਕੀਤਾ ਅਤੇ ਹਾਜ਼ਰ ਮੰਤਰੀਆਂ ਤੇ ਵਿਧਾਇਕਾਂ ਨਾਲ ਸਿਮਰਨ ਕਰਵਾਇਆ। ਸਿਮਰਨ ਉਪਰੰਤ ਕਾਰਵਾਈ ਦੀ ਸ਼ੁਰੂਆਤ ਕਰਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਿਰਭਉ ਅਤੇ ਨਿਰਵੈਰ ਦੇ ਸਿਧਾਂਤਾਂ ‘ਤੇ ਚੱਲਣ ਵਾਲੀ ਸਰਵਉੱਚ ਸੰਸਥਾ ਹੈ।
ਇਸ ਮੌਕੇ ਉਨ੍ਹਾਂ ਨੇ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਅਸੀਂ ਸਾਰੇ ਗੁਰੂ ਦੇ ਭਾਈ ਅਤੇ ਭੈਣਾਂ ਹਾਂ। ਭਾਵੇਂ ਅਸੀਂ ਪੰਜਾਬ ਦੇ ਵੱਖ-ਵੱਖ ਖੇਤਰਾਂ ਜਾਂ ਦੁਨੀਆ ਦੇ ਕਿਸੇ ਵੀ ਹਿੱਸੇ ਵਿੱਚ ਰਹਿੰਦੇ ਹੋਈਏ, ਪਰ ਗੁਰੂ ਸਾਹਿਬ ਨੇ ਸਾਨੂੰ ਇੱਕ ਸਾਂਝੇ ਪਰਿਵਾਰ ਵਜੋਂ ਜੋੜਿਆ ਹੈ। ਉਨ੍ਹਾਂ ਕਿਹਾ ਕਿ ਹਰ ਸਿੱਖ ਦਾ ਨਾਤਾ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਨਾਲ ਜੁੜਿਆ ਹੋਇਆ ਹੈ। ਇਸ ਲਈ ਸਾਰਿਆਂ ਨੂੰ ਆਪਸੀ ਸਤਿਕਾਰ ਅਤੇ ਭਾਈਚਾਰੇ ਦੀ ਭਾਵਨਾ ਨਾਲ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਨਾਲ ਹੀ ਵਿਧਾਇਕਾਂ ਨੂੰ ਆਪਣੀ ਸ਼ਬਦਾਵਲੀ ਸੋਚ-ਸਮਝ ਕੇ ਵਰਤਣ ਅਤੇ ਜ਼ਿੰਮੇਵਾਰੀ ਨਾਲ ਬੋਲਣ ਦੀ ਸਲਾਹ ਵੀ ਦਿੱ।
ਸੁਣਵਾਈ ਦੌਰਾਨ ਜਥੇਦਾਰ ਗੜਗੱਜ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਕਾਂਗਰਸੀ ਵਿਧਾਇਕ ਪਰਗਟ ਸਿੰਘ, ਆਮ ਆਦਮੀ ਪਾਰਟੀ ਦੇ ਵਿਧਾਇਕ ਇੰਦਰਬੀਰ ਸਿੰਘ ਨਿੱਜਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਵਿਧਾਇਕ ਗਨੀਵ ਕੌਰ ਸਮੇਤ ਵੱਖ-ਵੱਖ ਸਿਆਸੀ ਆਗੂਆਂ ਤੋਂ ਵੀ ਇਸ ਕਾਨੂੰਨ ਸਬੰਧੀ ਵਿਸਥਾਰ ਨਾਲ ਸਪੱਸ਼ਟੀਕਰਨ ਮੰਗਿਆ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


