ਭਾਖੜਾ ਬਿਆਸ ਮੈਨੇਜਮੈਂਟ ਬੋਰਡ ਪ੍ਰਤੀ ਕੇਂਦਰ ਸਰਕਾਰ ਦਾ ਫ਼ੈਸਲਾ ਤਬਾਹ ਕਰਨ ਵਾਲਾ :ਗੁਰਦਿੱਤ ਸੇਖੋਂ
ਫਰੀਦਕੋਟ, 2 ਮਾਰਚ – ਕੇਂਦਰ ‘ਚ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਪੰਜਾਬ ਨਾਲ ਲਗਾਤਾਰ ਪੱਖਪਾਤ ਅਤੇ ਰੰਜਿਸ਼ ਵਾਲਾ ਰਵੱਈਆ ਅਪਣਾ ਰਹੀ ਹੈ। ਇਸੇ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਪੰਜਾਬ ਨੂੰ ਗੁਆਂਢੀ ਸੂਬਿਆਂ ਨਾਲ ਉਲਝਾਉਣ ਦੇ ਮਨਸ਼ੇ ਨਾਲ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਸਥਾਈ ਮੈਂਬਰਾਂ ਦੀ ਨਿਯੁਕਤੀ ਸੰਬੰਧੀ ਨਿਯਮਾਂ ਵਿੱਚ ਇੱਕ ਪਾਸੜਾ ਸੋਧ ਕਰਕੇ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ। ਕੇਂਦਰ ਸਰਕਾਰ ਸੂਬੇ ਵਿੱਚ ਬੇਰੁਜ਼ਗਾਰੀ ਖਤਮ ਕਰਨ ਦੀ ਥਾਂ ਬਿਨਾਂ ਵਜ੍ਹਾ ਤਨਾਅ ਵਾਲਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ ਅਤੇ ਭਾਖੜਾ- ਬਿਆਸ ਮੈਨੇਜਮੈਂਟ ਬੋਰਡ ਵਿੱਚ 2000 ਦੇ ਕਰੀਬ ਅਸਾਮੀਆਂ ਖਾਲੀ ਪਈਆਂ ਹਨ ।ਇਸ ਦੇ ਰੋਸ ਵਜੋਂ ਅੱਜ ਆਮ ਆਦਮੀ ਪਾਰਟੀ ਫ਼ਰੀਦਕੋਟ ਵੱਲੋਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਪ੍ਰਧਾਨਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਰਾਹੀਂ ਮੰਗ ਪੱਤਰ ਵੀ ਸੌਂਪਿਆ ਗਿਆ । ਭਾਖੜਾ ਡੈਮ ਪੰਜਾਬ ਦੀ ਧਰਤੀ ‘ਤੇ ਬਣਾਇਆ ਗਿਆ ਹੈ ਅਤੇ ਪੰਜਾਬੀਆਂ ਨੇ ਇਸ ਪ੍ਰੋਜੈਕਟ ਨੂੰ ਨੇਪਰੇ ਚੜ੍ਹਾਉਣ ਵਿੱਚ ਆਪਣਾ ਪਸੀਨਾ ਵਹਾਇਆ ਹੈ। ਇਸ ਲਈ ਇਸ ਪ੍ਰੋਜੈਕਟ ਵਿੱਚੋਂ ਪੰਜਾਬ ਦੀ ਭਾਗੀਦਾਰੀ ਖਤਮ ਨਹੀਂ ਕੀਤੀ ਜਾ ਸਕਦੀ। ਆਮ ਆਦਮੀ ਪਾਰਟੀ ਦੇ ਫ਼ਰੀਦਕੋਟ ਦੇ ਆਗੂ ਗੁਰਦਿੱਤ ਸਿੰਘ ਸੇਖੋਂ, ਸਾਬਕਾ ਸਾਂਸਦ ਮੈਂਬਰ ਪ੍ਰੋ. ਸਾਧੂ ਸਿੰਘ, ਹੈਪੀ ਬਰਾੜ, ਅਮਨਦੀਪ ਸਿੰਘ, ਰਾਜਾ ਖੋਸਾ. ਗੁਰਜੰਟ ਸਿੰਘ, ਮਾਸਟਰ ਭੁਪਿੰਦਰ ਸਿੰਘ. ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਪ੍ਰਤੀ ਸਾਜਿਸ਼ਾਂ ਅਤੇ ਸ਼ਰਾਰਤਾਂ ਵਾਲਾ ਰਵੱਈਆ ਛੱਡ ਕੇ ਪੰਜਾਬ ਵੱਲੋਂ ਦੇਸ਼ ਲਈ ਦਿੱਤੀਆਂ ਕੁਰਬਾਨੀਆਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀ ਏਕਤਾ, ਅਖੰਡਤਾ ਅਤੇ ਖੁਸ਼ਹਾਲੀ ਲਈ ਜਰੂਰੀ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰੇ ਅਤੇ ਪੰਜਾਬ ਵਿਰੋਧੀ ਲਏ ਫੈਸਲੇ ਨੂੰ ਬਿਨਾਂ ਸ਼ਰਤ ਵਾਪਸ ਲਿਆ ਜਾਵੇ।ਬੇਅੰਤ ਕੌਰ ਸੇਖੋਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ ਕੇ ਪਹਿਲਾਂ ਖੇਤੀ ਕਾਨੂੰਨ ਲਾਗੂ ਕੀਤੇ ਅਤੇ ਹੁਣ ਭਾਖੜਾ -ਬਿਆਸ ਮੈਨੇਜਮੈਂਟ ਬੋਰਡ ਦਾ ਪੰਜਾਬ ਪ੍ਰਤੀ ਰਵੱਈਆ ਠੀਕ ਨਾ ਹੋਣਾ ਇਹ ਸਭ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਸਤੇ ਕੀਤਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਮੰਗ ਕਰਦੀ ਹੈ ਕਿ ਪੰਜਾਬ ਨੂੰ ਬਣਦੀ ਪ੍ਰਤੀਨਿਧਤਾ ਦਿੱਤੀ ਜਾਵੇ ਅਤ ਜਿਹੜੇ ਅਦਾਰਿਆਂ ਵਿੱਚ ਪੰਜਾਬ ਪਹਿਲਾਂ ਹੀ ਪ੍ਰਤੀਨਿੱਧਤਾ ਕਰ ਰਹੀ ਹੈ, ਉਸ ਨਾਲ ਕਿਸੇ ਵੀ ਤਰ੍ਹਾਂ ਛੇੜਛਾੜ ਨਾ ਕੀਤੀ ਜਾਵੇ। ਪਾਰਟੀ ਆਗੂਆਂ ਨੇ ਕਿਹਾ ਕਿ ਅਜਿਹੀਆਂ ਕੋਝੀਆਂ ਹਰਕਤਾਂ ਪੰਜਾਬ ਦੀ ਅਮਨ ਸ਼ਾਂਤੀ ਅਤੇ ਖੁਸ਼ਹਾਲੀ ਲਈ ਖਤਰਾ ਬਣ ਸਕਦੀਆਂ ਹਨ। ਪੱਤਰ ਪ੍ਰੇਰਕ