ਮਨਪ੍ਰੀਤ ਬਾਦਲ ਦੀਆਂ ਵਧੀਆਂ ਮੁਸ਼ਕਲਾਂ! ਬਠਿੰਡਾ ਅਦਾਲਤ ਨੇ ਅਗਾਊਂ ਜ਼ਮਾਨਤ ਅਰਜ਼ੀ ਕੀਤੀ ਖਾਰਜ
ਬਠਿੰਡਾ, 4 ਅਕਤੂਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀਆਂ ਮੁਸ਼ਕਲਾਂ ਘੱਟ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ। ਬਠਿੰਡਾ ਦੀ ਅਦਾਲਤ ਨੇ ਮਾਡਲ ਟਾਊਨ ਵਿਚ ਦੋ ਪਲਾਟਾਂ ਦੀ ਖਰੀਦ ਨਾਲ ਸਬੰਧਤ ਮਾਮਲੇ ‘ਚ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਮ ਕੁਮਾਰ ਸਿੰਗਲਾ ਦੀ ਅਦਾਲਤ ਨੇ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ।
ਜਾਣਕਾਰੀ ਦਿੰਦਿਆਂ ਮਨਪ੍ਰੀਤ ਦੇ ਕਾਨੂੰਨੀ ਵਕੀਲ ਐਡਵੋਕੇਟ ਐਸਐਸ ਭਿੰਡਰ ਨੇ ਕਿਹਾ ਕਿ ਅਸੀਂ ਮਨਪ੍ਰੀਤ ਬਾਦਲ ਨੂੰ ਜ਼ਮਾਨਤ ਦੇਣ ਦੇ ਹੱਕ ਵਿੱਚ ਅਦਾਲਤ ਵਿੱਚ ਆਪਣੀਆਂ ਦਲੀਲਾਂ ਪੇਸ਼ ਕੀਤੀਆਂ, ਪਰ ਅਦਾਲਤ ਨੇ ਸਾਡੀਆਂ ਦਲੀਲਾਂ ਨਾਲ ਸਹਿਮਤ ਨਾ ਹੋਣ ਕਾਰਨ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਹੈ। ਹੁਣ ਅਸੀਂ ਜ਼ਮਾਨਤ ਲਈ ਹਾਈ ਕੋਰਟ ਜਾਵਾਂਗੇ।
ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਜਾਇਦਾਦ ਦੀ ਖਰੀਦ ਵਿੱਚ ਬੇਨਿਯਮੀਆਂ ਦੇ ਦੋਸ਼ ਹੇਠ ਭਾਜਪਾ ਆਗੂ ਮਨਪ੍ਰੀਤ ਬਾਦਲ ਅਤੇ ਪੰਜ ਹੋਰਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਨਪ੍ਰੀਤ ਤੋਂ ਇਲਾਵਾ ਬਠਿੰਡਾ ਨਗਰ ਨਿਗਮ ਦੇ ਸਾਬਕਾ ਕਮਿਸ਼ਨਰ ਬਿਕਰਮਜੀਤ ਸ਼ੇਰਗਿੱਲ, ਰਾਜੀਵ ਕੁਮਾਰ, ਅਮਨਦੀਪ ਸਿੰਘ, ਵਿਕਾਸ ਅਰੋੜਾ ਅਤੇ ਪੰਕਜ ਖ਼ਿਲਾਫ਼ ਵੀ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ ਰਾਜੀਵ ਕੁਮਾਰ ਅਤੇ ਅਮਨਦੀਪ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਹੋ ਚੁੱਕੇ ਹਨ।
2021 ਵਿੱਚ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਬਿਊਰੋ ਨੇ ਜਾਂਚ ਸ਼ੁਰੂ ਕਰ ਕੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।