ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧੀ
ਨਵੀਂ ਦਿੱਲੀ, 21 ਨਵੰਬਰ (ਰੋਜਾਨਾ ਸਪੋਕਸਮੈਨ)- ਆਬਕਾਰੀ ਨੀਤੀ ਮਾਮਲੇ ਵਿਚ ਈਡੀ ਨਾਲ ਸਬੰਧਤ ਮਾਮਲੇ ’ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਰਾਊਜ਼ ਐਵੇਨਿਊ ਅਦਾਲਤ ‘ਚ ਪੇਸ਼ ਕੀਤਾ ਗਿਆ। ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ 11 ਦਸੰਬਰ ਤਕ ਵਧਾ ਦਿਤੀ ਹੈ।
ਫਿਲਹਾਲ ਉਹ ਤਿਹਾੜ ਜੇਲ ‘ਚ ਬੰਦ ਹਨ। ਦੀਵਾਲੀ ਤੋਂ ਇਕ ਦਿਨ ਪਹਿਲਾਂ ਰਾਊਜ਼ ਐਵੇਨਿਊ ਕੋਰਟ ਦੀ ਇਜਾਜ਼ਤ ਤੋਂ ਬਾਅਦ ਦਿੱਲੀ ਪੁਲਿਸ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਅਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਲੈ ਕੇ ਆਈ ਸੀ। ਸਿਸੋਦੀਆ ਨੇ ਅਪਣੀ ਬੀਮਾਰ ਪਤਨੀ ਨਾਲ ਮੁਲਾਕਾਤ ਕੀਤੀ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਕਰਦਿਆਂ ਕਿਹਾ ਕਿ ਈਡੀ ਵਲੋਂ ਮੁਲਜ਼ਮਾਂ ਵਿਰੁਧ ਕਈ ਦਸਤਾਵੇਜ਼ ਦਾਇਰ ਕੀਤੇ ਜਾਣੇ ਬਾਕੀ ਹਨ। ਇਸ ਦੌਰਾਨ ਅਦਾਲਤ ਨੇ ਵਕੀਲਾਂ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਉਨ੍ਹਾਂ ਨੂੰ 207ਸੀ.ਆਰ.ਪੀ.ਸੀ ਦੀ ਪਾਲਣਾ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਲਈ ਕਿਹਾ ਤਾਂ ਜੋ ਸੁਣਵਾਈ ਸ਼ੁਰੂ ਹੋ ਸਕੇ। ਅਦਾਲਤ ਨੇ ਈਡੀ ਨੂੰ ਨੋਟਿਸ ਵੀ ਜਾਰੀ ਕੀਤਾ ਹੈ।