ਮਲੋਟ ਰੈਲੀ ’ਚ ਸੁਖਬੀਰ ਬਾਦਲ ਦਾ ਅੰਮ੍ਰਿਤਪਾਲ ਸਿੰਘ ’ਤੇ ਤਿੱਖਾ ਹਮਲਾ, ਪੰਜਾਬ ਦੇ ਭਵਿੱਖ ਨੂੰ ਲੈ ਕੇ ਕੀਤੇ ਵੱਡੇ ਐਲਾਨ
ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਾਲ ਹੀ ਵਿੱਚ ਵਾਪਰੀ ਹਿੰਸਕ ਘਟਨਾ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਵਿਚਾਰਧਾਰਾ ਅਤੇ ਸਿਆਸੀ ਭੂਮਿਕਾ ’ਤੇ ਸਵਾਲ ਚੁੱਕੇ।

ਮਲੋਟ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਨੂੰ ਮਲੋਟ ਦੀ ਦਾਣਾ ਮੰਡੀ ਵਿੱਚ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੌਰਾਨ ਅੰਮ੍ਰਿਤਪਾਲ ਸਿੰਘ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨੂੰ ਨਿਸ਼ਾਨੇ ’ਤੇ ਲਿਆ। ਰੈਲੀ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।
ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਾਲ ਹੀ ਵਿੱਚ ਵਾਪਰੀ ਹਿੰਸਕ ਘਟਨਾ ਦਾ ਜ਼ਿਕਰ ਕਰਦਿਆਂ ਸੁਖਬੀਰ ਬਾਦਲ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਵਿਚਾਰਧਾਰਾ ਅਤੇ ਸਿਆਸੀ ਭੂਮਿਕਾ ’ਤੇ ਸਵਾਲ ਚੁੱਕੇ।
ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਸੁਖਬੀਰ ਦਾ ਤਿੱਖਾ ਬਿਆਨ
ਸੁਖਬੀਰ ਬਾਦਲ ਨੇ ਕਿਹਾ ਕਿ ਸਾਲ 2022 ਵਿੱਚ ਦੁਬਈ ਤੋਂ ਪੰਜਾਬ ਪਰਤਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਵੱਲੋਂ ਆਪਣੇ ਆਪ ਨੂੰ ਪੰਜਾਬ ਦਾ ਵਾਰਿਸ ਦੱਸਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਲੋਕ ਗੁਰਦੁਆਰਾ ਸਾਹਿਬਾਨ ਦੀ ਆੜ ਲੈ ਕੇ ਆਪਣੀ ਸਿਆਸਤ ਨੂੰ ਅੱਗੇ ਵਧਾ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਨਾਲ ਜੁੜੇ ਲੋਕ ਪੰਜਾਬ ਦੇ ਵਾਰਿਸ ਨਹੀਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ਦੀ ਆੜ ਵਿੱਚ ਸਿਰਫ਼ ਅੰਮ੍ਰਿਤਪਾਲ ਦੀ ਰਿਹਾਈ ਅਤੇ ਗੁਰੂ-ਘਰਾਂ ਤੇ ਗੋਲਕਾਂ ’ਤੇ ਕਬਜ਼ਾ ਕਰਨ ਦੀ ਸਿਆਸਤ ਕੀਤੀ ਜਾ ਰਹੀ ਹੈ।
ਅਕਾਲੀ ਸਰਕਾਰ ਦੇ ਵਿਕਾਸ ਕਾਰਜ ਗਿਣਾਏ
ਰੈਲੀ ਦੌਰਾਨ ਸੁਖਬੀਰ ਬਾਦਲ ਨੇ ਅਕਾਲੀ ਸਰਕਾਰ ਦੇ ਪਿਛਲੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਏਮਜ਼ ਵਰਗੇ ਵੱਡੇ ਹਸਪਤਾਲ, ਸੜਕਾਂ ਦਾ ਵਿਸ਼ਾਲ ਨੈੱਟਵਰਕ, ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਵਿਰਾਸਤੀ ਮਾਰਗ ਦਾ ਵਿਕਾਸ ਅਤੇ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਯਾਦਗਾਰਾਂ ਦੀ ਉਸਾਰੀ ਅਕਾਲੀ ਸਰਕਾਰ ਦੇ ਵਿਕਾਸ ਮਾਡਲ ਦਾ ਹਿੱਸਾ ਰਹੀ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਨਕਾਰਨਾ ਵਿਰੋਧੀ ਪਾਰਟੀਆਂ ਦੀ ਸਿਆਸੀ ਮਜਬੂਰੀ ਹੈ।
ਪੰਜਾਬ ਦੇ ਪਾਣੀਆਂ ਅਤੇ ਨੌਜਵਾਨਾਂ ਦੇ ਮੁੱਦੇ ਚੁੱਕੇ
ਸੁਖਬੀਰ ਬਾਦਲ ਨੇ ਪੰਜਾਬ ਦੇ ਪਾਣੀਆਂ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੈ ਕੇ ਵੀ ਆਪਣੀ ਗੱਲ ਰੱਖੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦਾ ਪਾਣੀ ਰਾਜਸਥਾਨ ਵੱਲ ਭੇਜਿਆ ਜਾ ਰਿਹਾ ਹੈ ਅਤੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣ, ਉਦਯੋਗਿਕ ਇਕਾਈਆਂ ਸਥਾਪਿਤ ਕੀਤੀਆਂ ਜਾਣ, ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣ ਅਤੇ ਬੰਦ ਹੋਈਆਂ ਭਲਾਈ ਸਕੀਮਾਂ ਨੂੰ ਮੁੜ ਚਾਲੂ ਕੀਤਾ ਜਾਵੇ।
ਅਕਾਲੀ ਸਰਕਾਰ ਬਣਨ ’ਤੇ ਸ਼ਗਨ ਰਾਸ਼ੀ 1 ਲੱਖ ਕਰਨ ਦਾ ਐਲਾਨ
ਰੈਲੀ ਵਿੱਚ ਸੁਖਬੀਰ ਬਾਦਲ ਨੇ ਆਉਣ ਵਾਲੇ ਸਮੇਂ ਲਈ ਕਈ ਵੱਡੇ ਵਾਅਦੇ ਵੀ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 1 ਲੱਖ ਰੁਪਏ ਕੀਤੀ ਜਾਵੇਗੀ।
ਇਸ ਦੇ ਨਾਲ ਉਨ੍ਹਾਂ ਗਰੀਬ ਵਰਗ ਦੇ ਵਿਦਿਆਰਥੀਆਂ ਲਈ ਕਾਲਜ ਤੱਕ ਮੁਫ਼ਤ ਸਿੱਖਿਆ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦਾ ਲਾਭ ਐੱਸਸੀ, ਬੀਸੀ ਅਤੇ ਜਨਰਲ ਵਰਗ ਨਾਲ ਸਬੰਧਤ ਗਰੀਬ ਵਿਦਿਆਰਥੀਆਂ ਨੂੰ ਦਿੱਤਾ ਜਾਵੇਗਾ।
ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਨਿੱਜੀ ਸਕੂਲਾਂ ਵਿੱਚ ਗਰੀਬ ਪਰਿਵਾਰਾਂ ਦੇ ਬੱਚਿਆਂ ਲਈ 50 ਫ਼ੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਖੁਸ਼ਹਾਲੀ ਲਈ ਨੌਜਵਾਨਾਂ ਨੂੰ ਚੰਗੀ ਸਿੱਖਿਆ ਦੇਣਾ ਸਭ ਤੋਂ ਜ਼ਰੂਰੀ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


