ਮਾਨਸੂਨ ਸੀਜ਼ਨ ਦੌਰਾਨ ਸੰਭਾਵਿਤ ਹੜ੍ਹਾਂ ਲਈ ਕੀਤੇ ਜਾਣ ਅਗੇਤੇ ਪ੍ਰਬੰਧ- ਵਧੀਕ ਡਿਪਟੀ ਕਮਿਸ਼ਨਰ
ਫ਼ਰੀਦਕੋਟ, 12 ਮਈ (ਪੰਜਾਬ ਡਾਇਰੀ)- ਮਾਨਸੂਨ ਸੀਜ਼ਨ 2023 ਦੌਰਾਨ ਸੰਭਾਵਿਤ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗੇਤੇ ਪ੍ਰਬੰਧ ਕਰਨ ਲਈ ਵੱਖ ਵੱਖ ਵਿਭਾਗਾਂ ਦੀ ਵਿਸ਼ੇਸ਼ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸ.ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਵਣ ਵਿਭਾਗ, ਰੈੱਡ ਕ੍ਰਾਸ, ਪੁਲਿਸ, ਹੋਮਗਾਰਡ, ਸੈਨਿਕ ਭਲਾਈ, ਮਾਲ ਵਿਭਾਗ, ਸਿੱਖਿਆ ਵਿਭਾਗ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ.ਰਾਜਪਾਲ ਸਿੰਘ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਸੰਭਾਵਿਤ ਹੜ੍ਹਾਂ ਤੋਂ ਬਚਾਅ ਸਬੰਧੀ ਕੀਤੇ ਗਏ ਅਗਾਊਂ ਪ੍ਰਬੰਧਾਂ ਸਬੰਧੀ ਰਿਪੋਰਟ ਡੀ.ਆਰ.ਏ ਸ਼ਾਖਾ ਵਿੱਚ ਜਮ੍ਹਾਂ ਕਰਵਾਉਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪੱਧਰ ਤੇ ਹੜ੍ਹਾਂ ਤੋਂ ਬਚਾਅ ਸਬੰਧੀ ਡੀਸੀ ਦਫ਼ਤਰ ਵਿਖੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦੀ ਸ਼ਨਾਖਤ, ਰਿਲੀਫ਼ ਕੈਂਪਾਂ ਦੀ ਸਥਾਪਨਾ , ਖਾਣਾ ਤੇ ਹੋਰ ਜ਼ਰੂਰੀ ਵਸਤਾਂ, ਮੈਡੀਕਲ ਸਹੂਲਤਾਂ, ਪੀਣ ਵਾਲੇ ਪਾਣੀ, ਪਸ਼ੂਆਂ ਦੇ ਚਾਰੇ, ਸਿਹਤ ਟੀਮਾਂ , ਵੈਟਰਨਰੀ ਡਾਕਟਰਾਂ ਦੀਆਂ ਟੀਮਾਂ, ਬਿਜਲੀ ਸਪਲਾਈ, ਪੁਲਿਸ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਪ੍ਰਬੰਧ, ਸਿਵਲ ਡਿਫੈਂਸ, ਪੰਜਾਬ ਹੋਮਗਾਰਡ, ਡਰੇਨਾਂ ਦੀ ਸਫ਼ਾਈ ਸਮੇਤ ਹੋਰ ਜਾਣਕਾਰੀ ਹਾਸਲ ਕੀਤੀ ਹੈ।
ਇਸ ਮੌਕੇ ਪੀ.ਸੀ.ਐਸ ਮੈਡਮ ਤੁਸ਼ਿਤਾ ਗੁਲਾਟੀ, ਐਸ.ਡੀ.ਐਮ ਕੋਟਕਪੂਰਾ ਵੀਰਪਾਲ ਕੌਰ, ਐਸ.ਡੀ.ਐਮ ਜੈਤੋ ਨਿਰਮਲ ਓਸੇਪਚਨ, ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।