ਮੁੱਖ ਮੰਤਰੀ ਬਿਆਨ ਦੇਣ ਦੀ ਬਜਾਏ ਨਸ਼ਿਆਂ ਖਿਲਾਫ ਸਖਤ ਕਾਰਵਾਈ ਕਰਨ-ਭਾਕਿਯੂ ਏਕਤਾ ਉਗਰਾਹਾਂ
ਫ਼ਰੀਦਕੋਟ 11 ਅਕਤੂਬਰ (ਪੰਜਾਬ ਡਾਇਰੀ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਰਿਹਾਈਸ਼ ਅੱਗੇ ਰੋਸ ਧਰਨਾ ਲਗਾ ਕੇ ਜੱਥੇਬੰਦੀ ਦੇ ਬੁਲਾਰਿਆਂ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਪੰਜਾਬ ਦੇ ਵਿੱਚ ਜਾਨਲੇਵਾ ਨਸ਼ਿਆਂ ਦਾ ਗੈਰ ਕਾਨੂੰਨੀ ਕਾਰੋਬਾਰ ਵੱਡੀ ਪੱਧਰ ਤੇ ਵੱਧ ਚੁੱਕਿਆ ਹੈ। ਹਰ ਰੋਜ਼ ਦਰਜਨਾੰ ਨੌਜਵਾਨ ਇਸ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਪੰਜਾਬ ਦਾ ਮੁੱਖ ਮੰਤਰੀ ਨਸ਼ਿਆਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਆਏ ਦਿਨ ਊਟ ਪਟਾਂਗ ਬਿਆਨ ਦੇ ਕੇ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਭਟਕਾ ਰਹੇ ਹਨ|
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਜਿੰਮੇਵਾਰ ਦੋਸ਼ੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ, ਉਚ ਅਫਸਰਸ਼ਾਹੀ, ਉੱਗੇ ਸਿਆਸਤਦਾਨਾਂ ਅਤੇ ਵੱਡੇ ਸਮਗਲਰਾਂ ਦੇ ਨਾਮ ਜਨਤਕ ਕਰਕੇ ਪ੍ਰਮੁੱਖ ਦੋਸ਼ੀਆਂ ਨੂੰ ਮੌਤ ਵਰਗੀਆਂ ਸਖਤ ਸਜ਼ਾਵਾਂ ਦੇਣ ਦੇ ਕਾਨੂੰਨ ਬਣਾ ਕੇ ਕਾਰਵਾਈ ਨੂੰ ਤੁਰੰਤ ਅਮਲ ਵਿੱਚ ਲੈ ਕੇ ਆਵੇ | ਇਸ ਤੋਂ ਇਲਾਵਾ ਨਸ਼ਾ ਫੈਕਟਰੀਆਂ ਦੇ ਮਾਲਕਾਂ ਅਤੇ ਉਹਨਾਂ ਦੀ ਵੰਡ ਵਡਾਈ ਕਰਨ ਵਾਲੇ ਢਾਂਚੇ ਖਿਲਾਫ ਕਾਨੂੰਨੀ ਕਾਰਵਾਈ ਕਰਕੇ ਇਹਨਾਂ ਫੈਕਟਰੀਆਂ ਨੂੰ ਤਬਾਹ ਕੀਤਾ ਜਾਵੇ, ਨਸ਼ਾ ਪੀੜਤਾਂ ਦੇ ਇਲਾਜ ਲਈ ਢੁਕਵੇਂ ਪ੍ਰਬੰਧ ਕਰਨ ਅਤੇ ਉਹਨਾਂ ਲਈ ਰੁਜ਼ਗਾਰ ਦੇ ਢੁਕਵੇ ਪ੍ਰਬੰਧ ਕੀਤੇ ਜਾਣ ਅਤੇ ਔਰਤਾਂ ਲਈ ਸ਼ਰਾਬ ਦੇ ਠੇਕੇ ਬੰਦ ਕੀਤੇ ਜਾਣ ਦੀ ਮੰਗ ਕੀਤੀ ਗਈ|
ਇਸ ਮੌਕੇ ਜਥੇਬੰਦੀ ਦੇ ਆਗੂਆਂ ਅਤੇ ਕਿਸਾਨ ਔਰਤਾਂ ਵੱਲੋਂ ਸਾਂਝੇ ਤੌਰ ਤੇ ਵਿਧਾਇਕ ਅਮੋਲਕ ਸਿੰਘ ਨੂੰ ਪੰਜਾਬ ਸਰਕਾਰ ਦੇ ਨਾਮ ਨਸ਼ਿਆਂ ਨੂੰ ਰੋਕਣ ਲਈ ਮੰਗ ਪੱਤਰ ਸੌਂਪਿਆ ਗਿਆ| ਇਸ ਮੌਕੇ ਜ਼ਿਲਾ ਪ੍ਰਧਾਨ ਜਸਪਾਲ ਸਿੰਘ ਨੰਗਲ, ਜਿਲਾ ਜਨਰਲ ਸਕੱਤਰ ਨੱਥਾ ਸਿੰਘ ਰੋੜੀ ਕਪੂਰਾ, ਜ਼ਿਲਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਾ ਸੀਨੀਅਰ ਮੀਤ ਪ੍ਰਧਾਨ ਨਿਰਮਲ ਸਿੰਘ ਜਿਉਣਵਾਲਾ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ।