ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਦੀ ਮੰਗ, ਸ਼੍ਰੋਮਣੀ ਕਮੇਟੀ ਨੇ ਡੀਜੀਪੀ ਪੰਜਾਬ ਨੂੰ ਸੌਂਪੀ ਸ਼ਿਕਾਇਤ
ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਵਾਇਰਲ ਵੀਡੀਓ ਵਿੱਚ ਦਰਸਾਈਆਂ ਗਈਆਂ ਹਰਕਤਾਂ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਸਬੰਧੀ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਚੰਡੀਗੜ੍ਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ਿਲਾਫ਼ ਇੱਕ ਵਾਇਰਲ ਵੀਡੀਓ ਦੇ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਪੰਜਾਬ ਦੇ ਡੀਜੀਪੀ ਨੂੰ ਲਿਖਤੀ ਸ਼ਿਕਾਇਤ ਸੌਂਪੀ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਵਾਇਰਲ ਵੀਡੀਓ ਵਿੱਚ ਦਰਸਾਈਆਂ ਗਈਆਂ ਹਰਕਤਾਂ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਇਸ ਸਬੰਧੀ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਇਹ ਸ਼ਿਕਾਇਤ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਵੱਲੋਂ ਪੰਜਾਬ ਪੁਲਿਸ ਦੇ ਸਪੈਸ਼ਲ ਡਾਇਰੈਕਟਰ ਜਨਰਲ ਅਮਰਬੀਰ ਸਿੰਘ ਰਾਏ ਨੂੰ ਸੌਂਪੀ ਗਈ। ਵਫ਼ਦ ਵਿੱਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਕਮੇਟੀ ਦੇ ਮੈਂਬਰ ਅਤੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ।
ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਵਾਇਰਲ ਵੀਡੀਓ ਵਿੱਚ ਦਸ ਗੁਰੂ ਸਾਹਿਬਾਨ ਦੀਆਂ ਪ੍ਰਚਲਿਤ ਤਸਵੀਰਾਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਰੂਪ ਨਾਲ ਕੀਤੀਆਂ ਗਈਆਂ ਕਥਿਤ ਹਰਕਤਾਂ ਕਾਰਨ ਦੁਨੀਆ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਲਈ ਭਾਰਤੀ ਕਾਨੂੰਨ ਅਨੁਸਾਰ ਮੁੱਖ ਮੰਤਰੀ ਖ਼ਿਲਾਫ਼ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਣੀ ਚਾਹੀਦੀ ਹੈ।
ਸ਼੍ਰੋਮਣੀ ਕਮੇਟੀ ਨੇ ਆਪਣੀ ਸ਼ਿਕਾਇਤ ਵਿੱਚ ਇਹ ਵੀ ਦੋਸ਼ ਲਗਾਇਆ ਹੈ ਕਿ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਲਈ ਕਥਿਤ ਤੌਰ ‘ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਸਾਜ਼ਿਸ਼ ਰਚੀ ਗਈ। ਕਮੇਟੀ ਨੇ ਕਿਹਾ ਕਿ ਇਸ ਸਬੰਧੀ ਹਰਿਆਣਾ ਦੇ ਗੁਰੂਗ੍ਰਾਮ ਸਥਿਤ ਡੀਐੱਲਐੱਫ ਥਾਣੇ ਵਿੱਚ ਸੰਬੰਧਿਤ ਵਿਅਕਤੀਆਂ ਖ਼ਿਲਾਫ਼ ਪਹਿਲਾਂ ਹੀ ਐੱਫ.ਆਈ.ਆਰ. ਦਰਜ ਹੋ ਚੁੱਕੀ ਹੈ।
ਡੀਜੀਪੀ ਦਫ਼ਤਰ ਵਿਖੇ ਸ਼ਿਕਾਇਤ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ 27 ਜੂਨ 2026 ਨੂੰ ਹੋਈ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੇ ਆਧਾਰ ‘ਤੇ ਅੱਜ ਡੀਜੀਪੀ ਪੰਜਾਬ ਨੂੰ ਇਹ ਸ਼ਿਕਾਇਤ ਸੌਂਪੀ ਗਈ ਹੈ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ ਅਤੇ ਇਸ ਵਿੱਚ ਕਾਨੂੰਨ ਅਨੁਸਾਰ ਨਿਰਪੱਖ ਜਾਂਚ ਅਤੇ ਲੋੜੀਂਦੀ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਜਲਦ ਤੋਂ ਜਲਦ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


