ਮੋਹਾਲੀ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਨਿਸ਼ਾਨ ਸਿੰਘ ਗ੍ਰਿਫ਼ਤਾਰ
ਚੰਡੀਗੜ, 11 ਮਈ – (ਪੰਜਾਬ ਡਾਇਰੀ) ਮੋਹਾਲੀ ਦੇ ਸੈਕਟਰ-77 ਸਥਿਤ ਪੰਜਾਬ ਪੁਲਸ ਦੇ ਖੁਫੀਆ ਵਿਭਾਗ ਦੇ ਹੈੱਡਕੁਆਰਟਰ ‘ਤੇ ਰਾਕੇਟ ਪ੍ਰੋਪੇਲਡ ਗ੍ਰਨੇਡ ਹਮਲੇ ‘ਚ ਪੁਲਸ ਨੂੰ ਵੱਡੀ ਸਫਲਤਾ ਮਿਲੀ ਹੈ। ਫਰੀਦਕੋਟ ਪੁਲੀਸ ਨੇ ਇਸ ਮਾਮਲੇ ਵਿੱਚ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਕੁੱਲਾ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਨੂੰ ਮੁਹਾਲੀ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਨਿਸ਼ਾਨ ਦੀ ਗ੍ਰਿਫ਼ਤਾਰੀ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ!
ਨਿਸ਼ਾਨ ਸਿੰਘ ਦੀ ਗ੍ਰਿਫਤਾਰੀ ਨੂੰ ਬੰਬ ਧਮਾਕੇ ਦੇ ਮਾਮਲੇ ਵਿੱਚ ਪੁਲਿਸ ਲਈ ਵੱਡੀ ਕਾਮਯਾਬੀ ਵਜੋਂ ਦੇਖਿਆ ਜਾ ਰਿਹਾ ਹੈ। ਅਮਨ-ਕਾਨੂੰਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੱਲੋਂ ਸੂਬਾ ਸਰਕਾਰ ਨੂੰ ਘੇਰਿਆ ਜਾ ਰਿਹਾ ਹੈ, ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਗੰਭੀਰ ਮੁੱਦੇ ‘ਤੇ ਪੁਲਸ-ਪ੍ਰਸ਼ਾਸਨ ਨੂੰ ਸਖਤ ਕਦਮ ਚੁੱਕਣ ਦੇ ਨਿਰਦੇਸ਼ ਦੇ ਰਹੇ ਹਨ। ਇਸ ਦੇ ਨਾਲ ਹੀ ਪੰਜਾਬ ਭਰ ਦੀਆਂ ਸਾਰੀਆਂ ਸੁਰੱਖਿਆ ਏਜੰਸੀਆਂ ਵੀ ਅਲਰਟ ‘ਤੇ ਹਨ। ਅਜਿਹੇ ‘ਚ ਫਰੀਦਕੋਟ ਸੀ.ਆਈ.ਏ ਸਟਾਫ ਵੀ ਇਸ ਘਟਨਾ ਦੀ ਜਾਂਚ ‘ਚ ਜੁਟ ਗਿਆ ਅਤੇ ਨਿਸ਼ਾਨ ਸਿੰਘ ਨੂੰ ਅੰਮ੍ਰਿਤਸਰ ਤੋਂ ਸ਼ੱਕ ਦੇ ਆਧਾਰ ‘ਤੇ ਗ੍ਰਿਫਤਾਰ ਕਰ ਲਿਆ। ਮੁੱਢਲੀ ਪੁੱਛਗਿੱਛ ਤੋਂ ਬਾਅਦ ਨਿਸ਼ਾਨ ਸਿੰਘ ਨੂੰ ਸੀਆਈਏ ਸਟਾਫ ਫਰੀਦਕੋਟ ਤੋਂ ਮੋਹਾਲੀ ਲੈ ਗਿਆ।
ਨਿਸ਼ਾਨ ਸਿੰਘ ਦਾ ਅਪਰਾਧਿਕ ਰਿਕਾਰਡ
ਨਿਸ਼ਾਨ ਸਿੰਘ ਦਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਸੂਬੇ ਦੇ ਵੱਖ-ਵੱਖ ਥਾਣਿਆਂ ਵਿਚ ਕਈ ਗੰਭੀਰ ਅਪਰਾਧਾਂ ਵਿਚ ਕੇਸ ਦਰਜ ਹਨ। ਨਿਸ਼ਾਨ ਸਿੰਘ ਦੇ ਪਿਛਲੇ ਅਪਰਾਧਿਕ ਰਿਕਾਰਡ ਸਮੇਤ ਪੁਲਿਸ ਨੂੰ ਮਿਲੇ ਕੁੱਝ ਹੋਰ ਇਨਪੁਟਸ ਦੇ ਅਧਾਰ ‘ਤੇ ਸੀ.ਆਈ.ਏ. ਫਰੀਦਕੋਟ ਨੇ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਉਮੀਦ ਹੈ ਕਿ ਨਿਸ਼ਾਨ ਸਿੰਘ ਕੋਲੋਂ ਕਈ ਅਹਿਮ ਸੁਰਾਗ ਮਿਲਣਗੇ।