ਚੰਡੀਗੜ, 31 ਮਈ – ( ਪੰਜਾਬ ਡਾਇਰੀ ) ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ। ਰਾਮ ਰਹੀਮ ਪੰਜਾਬ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਤੋਂ ਮਿਲੇ ਇਤਰਾਜ਼ਯੋਗ ਪੋਸਟਰ ਅਤੇ ਬੇਅਦਬੀ ਦੇ ਮਾਮਲਿਆਂ ਵਿਚ ਮੁਲਜ਼ਮ ਹੈ। ਰਾਮ ਰਹੀਮ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਫਰੀਦਕੋਟ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਸਾਹਮਣੇ ਰਾਮ ਰਹੀਮ ਦੇ ਵਕੀਲ ਨੇ ਉਸ ਨੂੰ ਬੇਕਸੂਰ ਕਰਾਰ ਦਿੱਤਾ।
ਇਸ ਦੇ ਨਾਲ ਹੀ ਐਸ. ਆਈ. ਟੀ. ਵੱਲੋਂ ਤਿੰਨਾਂ ਮਾਮਲਿਆਂ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਸਬੂਤਾਂ ‘ਤੇ ਵੀ ਚਰਚਾ ਕੀਤੀ ਗਈ। ਇਸ ਦੌਰਾਨ ਹੋਰ ਮੁਲਜ਼ਮ ਸੁਖਜਿੰਦਰ ਸਿੰਘ ਉਰਫ਼ ਸੰਨੀ, ਸ਼ਕਤੀ ਸਿੰਘ, ਬਲਜੀਤ ਸਿੰਘ, ਪ੍ਰਦੀਪ ਸਿੰਘ, ਰਣਜੀਤ ਸਿੰਘ ਅਦਾਲਤ ਵਿੱਚ ਨਿੱਜੀ ਤੌਰ ’ਤੇ ਪੇਸ਼ ਹੋਏ। ਜਿੱਥੇ ਨਿਸ਼ਾਨ ਸਿੰਘ ਨੇ ਨਿੱਜੀ ਕਾਰਨਾਂ ਕਰਕੇ ਅਦਾਲਤ ਵਿੱਚ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ। ਹੁਣ ਅਦਾਲਤ ਨੇ ਸੁਣਵਾਈ ਲਈ ਅਗਲੀ ਤਰੀਕ 14 ਜੂਨ ਤੈਅ ਕੀਤੀ ਹੈ। ਅਦਾਲਤ ਨੇ ਕਿਹਾ- 50-50 ਹਜ਼ਾਰ ਰੁਪਏ ਦਾ ਮੁਚੱਲਕਾ ਭਰੋ ਜੇਕਰ ਸਜ਼ਾ ਹੋਈ ਤਾਂ ਰਾਮ ਰਹੀਮ ਦੀਆਂ ਮੁਸ਼ਕਿਲਾਂ ਵਧ ਜਾਣਗੀਆਂ। ਕੱਲ੍ਹ ਅਦਾਲਤ ਵਿੱਚ ਹੋਈ ਵੀਡੀਓ ਕਾਨਫਰੰਸ ਤੋਂ ਬਾਅਦ ਹੁਣ ਅਗਲੇ ਮਹੀਨੇ ਸੁਣਵਾਈ ਹੋਵੇਗੀ।