ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰੀ ਕੰਗਨਾ ਰਣੌਤ ਦੀ ਐਮਰਜੈਂਸੀ, ਪੰਜਾਬ ‘ਚ ਉੱਠੀ ਫਿਲਮ ‘ਤੇ ਪਾਬੰਦੀ ਦੀ ਮੰਗ
ਦਿੱਲੀ, 21 ਅਗਸਤ (ਵੈਬ ਦੁਨੀਆ)- ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਸੰਸਦ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰ ਫਿਲਮ ‘ਐਮਰਜੈਂਸੀ’ ਵਿੱਚ ਨਜ਼ਰ ਆਉਣ ਵਾਲੀ ਹੈ। ਹਾਲ ਹੀ ‘ਚ ਇਸ ਫਿਲਮ ਦਾ ਟ੍ਰੇਲਰ ਰਿਲੀਜ਼ ਹੋਇਆ ਹੈ, ਜਿਸ ਨੂੰ ਦਰਸ਼ਕਾਂ ਦਾ ਚੰਗਾ ਹੁੰਗਾਰਾ ਮਿਲਿਆ ਹੈ। ਇਸ ਫਿਲਮ ‘ਚ ਕੰਗਨਾ ਰਣੌਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ ਨਿਭਾਉਣ ਜਾ ਰਹੀ ਹੈ।
ਕੰਗਨਾ ਦੀ ਫਿਲਮ ਦੀ ਕਹਾਣੀ ਇੰਦਰਾ ਗਾਂਧੀ ਦੇ ਕਾਰਜਕਾਲ ਦੌਰਾਨ ਆਈ ਐਮਰਜੈਂਸੀ ‘ਤੇ ਆਧਾਰਿਤ ਹੈ। ਇਹ ਫਿਲਮ 6 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਹੀ ‘ਐਮਰਜੈਂਸੀ’ ਨੂੰ ਲੈ ਕੇ ਵਿਵਾਦ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਇਸ ਫਿਲਮ ‘ਤੇ ਇਤਰਾਜ਼ ਪ੍ਰਗਟਾਇਆ ਹੈ।
ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਸੀਨੀਅਰ ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਪੰਜਾਬ ਵਿੱਚ ਫਿਲਮ ‘ਐਮਰਜੈਂਸੀ’ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਫਿਲਮ ਸੂਬੇ ਵਿੱਚ ਰਿਲੀਜ਼ ਹੁੰਦੀ ਹੈ ਤਾਂ ਇਸ ਨਾਲ ਸਥਿਤੀ ਅਤੇ ਕਾਨੂੰਨ ਵਿਵਸਥਾ ਵਿਗੜ ਸਕਦੀ ਹੈ। ਸਰਬਜੀਤ ਸਿੰਘ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਸ਼ੇਅਰ ਕੀਤੀ ਹੈ।
ਸਰਬਜੀਤ ਸਿੰਘ ਖਾਲਸਾ ਨੇ ਲਿਖਿਆ, ਅਜਿਹੀਆਂ ਖਬਰਾਂ ਆ ਰਹੀਆਂ ਹਨ ਕਿ ਨਵੀਂ ਫਿਲਮ ਐਮਰਜੈਂਸੀ ਵਿੱਚ ਸਿੱਖਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇਸ ਕਾਰਨ ਸਮਾਜ ਵਿੱਚ ਕਾਨੂੰਨ ਵਿਵਸਥਾ ਵਿਗੜਨ ਦਾ ਡਰ ਬਣਿਆ ਹੋਇਆ ਹੈ। ਜੇਕਰ ਫਿਲਮ ਵਿੱਚ ਸਿੱਖਾਂ ਨੂੰ ਵੱਖਵਾਦੀ ਅਤੇ ਅੱਤਵਾਦੀ ਵਜੋਂ ਦਿਖਾਇਆ ਗਿਆ ਹੈ ਤਾਂ ਇਹ ਇੱਕ ਡੂੰਘੀ ਸਾਜ਼ਿਸ਼ ਹੈ।
ਉਨ੍ਹਾਂ ਲਿਖਿਆ, ਇਹ ਫਿਲਮ ਸਿੱਖ ਕੌਮ ਦੇ ਖਿਲਾਫ ਨਫਰਤ ਭੜਕਾਏਗੀ। ਸਿੱਖ ਕੌਮ ਨੇ ਇਸ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਜਿਨ੍ਹਾਂ ਨੂੰ ਫਿਲਮਾਂ ਵਿਚ ਪੂਰੀ ਤਰ੍ਹਾਂ ਨਾਲ ਦਰਸਾਇਆ ਨਹੀਂ ਗਿਆ। ਭਾਈਚਾਰਕ ਸਾਂਝ ਅਤੇ ਅਮਨ-ਕਾਨੂੰਨ ਨੂੰ ਕਾਇਮ ਰੱਖਣ ਲਈ ਇਤਰਾਜ਼ਯੋਗ ਫਿਲਮਾਂ ਅਤੇ ਗੀਤਾਂ ‘ਤੇ ਪਾਬੰਦੀ ਲਗਾਈ ਜਾਵੇ। ਮੈਂ ਹਮੇਸ਼ਾ ਸਮਾਜ ਅਤੇ ਸ਼ਾਂਤੀ ਬਣਾਈ ਰੱਖਣ ਲਈ ਅਜਿਹੀਆਂ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕਰਦਾ ਹਾਂ।
ਦੱਸ ਦੇਈਏ ਕਿ ਸਰਬਜੀਤ ਸਿੰਘ ਖਾਲਸਾ ਬੇਅੰਤ ਸਿੰਘ ਦੇ ਬੇਟੇ ਹਨ। ਬੇਅੰਤ ਸਿੰਘ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਦੋ ਅੰਗ ਰੱਖਿਅਕਾਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ 1984 ਵਿੱਚ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।