ਵਾਇਰਲ ਵੀਡੀਓ ਵਿਵਾਦ ‘ਤੇ CM ਮਾਨ ਦਾ ਜਵਾਬ, ਕਿਹਾ- ਸਿਆਸੀ ਮਕਸਦ ਤਹਿਤ ਮੇਰੇ ਖ਼ਿਲਾਫ਼ ਚਲਾਇਆ ਜਾ ਰਿਹਾ ਹੈ ਕੂੜ ਪ੍ਰਚਾਰ
ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਨੂੰ ਲੈ ਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੁਝ ਹੁਕਮਨਾਮੇ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਕਿਹਾ ਗਿਆ ਕਿ ਉਹ ਵੀਡੀਓ ਉਨ੍ਹਾਂ ਦੀ ਹੈ ਅਤੇ ਉਹ ਏਆਈ ਰਾਹੀਂ ਤਿਆਰ ਨਹੀਂ ਕੀਤੀ ਗਈ।

ਚੰਡੀਗੜ੍ਹ
ਕਥਿਤ ਵਾਇਰਲ ਵੀਡੀਓ ਮਾਮਲੇ ਵਿੱਚ ਬੀਤੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੰਬੋਧਨ ਕਰਦਿਆਂ ਆਪਣਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਇੱਕ ਵੀਡੀਓ ਨੂੰ ਲੈ ਕੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੁਝ ਹੁਕਮਨਾਮੇ ਜਾਰੀ ਕੀਤੇ ਗਏ, ਜਿਨ੍ਹਾਂ ਵਿੱਚ ਕਿਹਾ ਗਿਆ ਕਿ ਉਹ ਵੀਡੀਓ ਉਨ੍ਹਾਂ ਦੀ ਹੈ ਅਤੇ ਉਹ ਏਆਈ ਰਾਹੀਂ ਤਿਆਰ ਨਹੀਂ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜਦੋਂ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਬੁਲਾਇਆ ਗਿਆ ਸੀ ਤਾਂ ਉਸ ਵੇਲੇ ਵੀ ਉਨ੍ਹਾਂ ਸਪੱਸ਼ਟ ਕੀਤਾ ਸੀ ਕਿ ਵੀਡੀਓ ਵਿੱਚ ਦਿਖਾਈ ਦੇ ਰਿਹਾ ਵਿਅਕਤੀ ਉਹ ਨਹੀਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਵੀਡੀਓ ਵਿੱਚ ਮੌਜੂਦ ਵਿਅਕਤੀ ਨਾਲ ਨਾ ਉਨ੍ਹਾਂ ਦਾ ਕੱਦ-ਕਾਠ ਮਿਲਦਾ ਹੈ ਅਤੇ ਨਾ ਹੀ ਸਰੀਰਕ ਬਣਤਰ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਧਾਰਮਿਕ ਅਹੁਦਿਆਂ ‘ਤੇ ਬੈਠੇ ਲੋਕ ਸਿਆਸੀ ਦਬਾਅ ਹੇਠ ਅਜਿਹਾ ਪ੍ਰਚਾਰ ਕਰ ਰਹੇ ਹਨ।
‘ਮੈਨੂੰ ਬਦਨਾਮ ਕਰਨ ਲਈ ਕੀਤਾ ਜਾ ਰਿਹਾ ਹੈ ਪ੍ਰਚਾਰ’
ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਬਦਨਾਮ ਕਰਨ ਲਈ ਕਥਿਤ ਤੌਰ ‘ਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਪਾਣੀਆਂ, ਗੁਰੂ ਸਾਹਿਬ ਦੀ ਬਾਣੀ, ਕਿਸਾਨਾਂ ਅਤੇ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਲਈ ਲਗਾਤਾਰ ਫ਼ੈਸਲੇ ਲੈ ਰਹੇ ਹਨ, ਪਰ ਕੁਝ ਲੋਕਾਂ ਨੂੰ ਇਹ ਗੱਲ ਰਾਸ ਨਹੀਂ ਆ ਰਹੀ ਅਤੇ ਇਸੇ ਕਾਰਨ ਉਨ੍ਹਾਂ ਖ਼ਿਲਾਫ਼ ਧਰਮ ਨੂੰ ਆਧਾਰ ਬਣਾ ਕੇ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਉਨ੍ਹਾਂ ਲਈ ਸਰਵਉੱਚ ਹੈ ਅਤੇ ਉਹ ਹਮੇਸ਼ਾ ਉਸ ਅੱਗੇ ਸਿਰ ਝੁਕਾਉਂਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਬਾਰੇ ਸੋਚਣਾ ਵੀ ਸੰਭਵ ਨਹੀਂ, ਪਰ ਉੱਥੇ ਹੋਈਆਂ ਸਿਆਸੀ ਨਿਯੁਕਤੀਆਂ ਅਤੇ ਉਨ੍ਹਾਂ ਦੇ ਫ਼ੈਸਲਿਆਂ ਬਾਰੇ ਸਿੱਖ ਸੰਗਤ ਖ਼ੁਦ ਜਾਣਦੀ ਹੈ।
‘ਮੈਂ ਇਸ ਵੀਡੀਓ ਨੂੰ ਪੂਰੀ ਤਰ੍ਹਾਂ ਨਕਾਰਦਾ ਹਾਂ’
ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਵੀਡੀਓ ਨੂੰ ਸਿਰੇ ਤੋਂ ਨਕਾਰਦੇ ਹਨ ਅਤੇ ਇਸ ਨੂੰ ਉਨ੍ਹਾਂ ਦੀ ਛਵੀ ਖ਼ਰਾਬ ਕਰਨ ਦੀ ਕੋਸ਼ਿਸ਼ ਕਰਾਰ ਦਿੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪ੍ਰਬੰਧਕ ਢਾਂਚੇ ਵਿੱਚ ਬੈਠੇ ਕੁਝ ਲੋਕ ਸਿਆਸੀ ਪ੍ਰਭਾਵ ਹੇਠ ਕੰਮ ਕਰ ਰਹੇ ਹਨ, ਜੋ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਰੋਮ-ਰੋਮ ਵਿੱਚ ਪੰਜਾਬ ਵੱਸਦਾ ਹੈ ਅਤੇ ਉਹ ਦਿਨ-ਰਾਤ ਸੂਬੇ ਦੇ ਹਿੱਤਾਂ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਬੇਅਦਬੀ ਵਿਰੋਧੀ ਕਾਨੂੰਨ ਬਣਾਉਣ ਤੋਂ ਬਾਅਦ ਕੁਝ ਲੋਕਾਂ ਨੂੰ ਲੱਗਣ ਲੱਗਾ ਹੈ ਕਿ ਇਹ ਕਾਨੂੰਨ ਉਨ੍ਹਾਂ ਖ਼ਿਲਾਫ਼ ਜਾ ਸਕਦੇ ਹਨ ਅਤੇ ਇਸੇ ਕਾਰਨ ਵਿਰੋਧ ਕੀਤਾ ਜਾ ਰਿਹਾ ਹੈ।
2 ਦਸੰਬਰ ਦੇ ਫ਼ੈਸਲੇ ਦਾ ਵੀ ਕੀਤਾ ਜ਼ਿਕਰ
ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਇਹੀ ਲੋਕ ਬੇਅਦਬੀ ਮਾਮਲਿਆਂ ਵਿੱਚ ਕਾਨੂੰਨ ਬਣਾਉਣ ਦੀ ਮੰਗ ਕਰਦੇ ਸਨ, ਪਰ ਜਦੋਂ ਕਾਨੂੰਨ ਬਣਾਇਆ ਗਿਆ ਤਾਂ ਉਸ ਦਾ ਵਿਰੋਧ ਸ਼ੁਰੂ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਸਾਬਤ ਹੁੰਦਾ ਹੈ ਕਿ ਸਮੇਂ-ਸਮੇਂ ‘ਤੇ ਫ਼ੈਸਲੇ ਬਦਲੇ ਜਾਂਦੇ ਰਹੇ ਹਨ ਅਤੇ ਸੰਗਤ ਸਭ ਕੁਝ ਦੇਖ ਰਹੀ ਹੈ।
ਉਨ੍ਹਾਂ ਨੇ 2 ਦਸੰਬਰ ਦੇ ਘਟਨਾਕ੍ਰਮ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਸ ਵੇਲੇ ਕੁਝ ਲੋਕਾਂ ਨੇ ਕਈ ਗੱਲਾਂ ਮੰਨੀਆਂ ਸਨ, ਪਰ ਕੁਝ ਦਿਨਾਂ ਬਾਅਦ ਉਨ੍ਹਾਂ ਆਪਣੇ ਹੀ ਬਿਆਨਾਂ ਤੋਂ ਪਿੱਛੇ ਹਟਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਭ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਹੀ ਲਗਾਤਾਰ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਅੰਤ ਵਿੱਚ ਮੁੱਖ ਮੰਤਰੀ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕਥਿਤ ਕੂੜ ਪ੍ਰਚਾਰ ਤੋਂ ਪ੍ਰਭਾਵਿਤ ਨਾ ਹੋਣ। ਉਨ੍ਹਾਂ ਕਿਹਾ ਕਿ ਆਖ਼ਰੀ ਫ਼ੈਸਲਾ ਸੰਗਤ ਨੇ ਹੀ ਕਰਨਾ ਹੈ ਅਤੇ ਉਹ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਹਿੱਤ ਵਿੱਚ ਫ਼ੈਸਲੇ ਲੈਂਦੇ ਰਹਿਣਗੇ।
-(ਟੀਵੀ 9 ਪੰਜਾਬੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


