ਵਿਦਿਆਰਥਣਾਂ ਦੀ ਸ਼ਿਕਾਇਤ ਮਗਰੋਂ ਮੋਗਾ ਦਾ ਅਧਿਆਪਕ ਮੁਅੱਤਲ, ਸਿੱਖਿਆ ਵਿਭਾਗ ਨੇ ਕੀਤੀ ਤੁਰੰਤ ਕਾਰਵਾਈ
ਸ਼ਿਕਾਇਤ ਕਰਨ ਵਾਲੀਆਂ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਸੰਬੰਧਤ ਅਧਿਆਪਕ ਨੇ ਉਨ੍ਹਾਂ ਨਾਲ ਗਲਤ ਢੰਗ ਨਾਲ ਛੇੜਛਾੜ ਕੀਤੀ ਅਤੇ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ।

ਚੰਡੀਗੜ੍ਹ
ਵਿਦਿਆਰਥਣਾਂ ਵੱਲੋਂ ਗਲਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਤਾਇਨਾਤ ਸਮਾਜਿਕ ਸਿੱਖਿਆ ਦੇ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਭੇਜੀ ਗਈ ਮੁੱਢਲੀ ਰਿਪੋਰਟ ਦੇ ਆਧਾਰ ‘ਤੇ ਕੀਤੀ ਗਈ ਹੈ।
ਸ਼ਿਕਾਇਤ ਕਰਨ ਵਾਲੀਆਂ ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਗਾਇਆ ਕਿ ਸੰਬੰਧਤ ਅਧਿਆਪਕ ਨੇ ਉਨ੍ਹਾਂ ਨਾਲ ਗਲਤ ਢੰਗ ਨਾਲ ਛੇੜਛਾੜ ਕੀਤੀ ਅਤੇ ਇਹ ਵੀ ਧਮਕੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਇਹ ਗੱਲ ਕਿਸੇ ਨੂੰ ਦੱਸੀ ਤਾਂ ਉਨ੍ਹਾਂ ਨੂੰ ਪ੍ਰੀਖਿਆ ਵਿੱਚ ਫੇਲ੍ਹ ਕਰ ਦਿੱਤਾ ਜਾਵੇਗਾ।
ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਰ ਵਿਦਿਆਰਥੀ ਦੀ ਸੁਰੱਖਿਆ ਅਤੇ ਭਲਾਈ ਸਭ ਤੋਂ ਵੱਡੀ ਤਰਜੀਹ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕਿਸੇ ਵੀ ਵਿਦਿਆਰਥੀ ਦੀ ਸੁਰੱਖਿਆ, ਮਾਣ-ਸਨਮਾਨ ਅਤੇ ਮਾਨਸਿਕ ਸਿਹਤ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹੇ ਕਿਸੇ ਵੀ ਅਧਿਆਪਕ ਨੂੰ ਬਰਦਾਸ਼ਤ ਨਹੀਂ ਕਰੇਗੀ ਜੋ ਆਪਣੇ ਅਹੁਦੇ ਦੀ ਦੁਰਵਰਤੋਂ ਕਰਕੇ ਬੱਚਿਆਂ ਨੂੰ ਧਮਕਾਉਂਦਾ ਜਾਂ ਨੁਕਸਾਨ ਪਹੁੰਚਾਉਂਦਾ ਹੋਵੇ। ਇਸ ਮਾਮਲੇ ਦੀ ਸਮਾਂਬੱਧ ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਦੋਸ਼ ਸਾਬਤ ਹੋਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਸੂਬੇ ਦੇ ਹਰ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਲਈ ਸੁਰੱਖਿਅਤ ਅਤੇ ਭਰੋਸੇਯੋਗ ਮਾਹੌਲ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਜੁੜੀ ਹਰ ਸ਼ਿਕਾਇਤ ‘ਤੇ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਮੁਅੱਤਲੀ ਦੇ ਸਮੇਂ ਦੌਰਾਨ ਸੰਬੰਧਤ ਅਧਿਆਪਕ ਨੂੰ ਸੇਵਾ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲੇਗਾ। ਇਸ ਤੋਂ ਇਲਾਵਾ ਉਸ ਦਾ ਮੁੱਖ ਦਫ਼ਤਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਮੋਗਾ ਦਾ ਦਫ਼ਤਰ ਨਿਰਧਾਰਤ ਕੀਤਾ ਗਿਆ ਹੈ, ਜਿੱਥੇ ਉਸ ਨੂੰ ਅਗਲੇ ਹੁਕਮਾਂ ਤੱਕ ਹਰ ਰੋਜ਼ ਆਪਣੀ ਹਾਜ਼ਰੀ ਲਗਾਉਣੀ ਲਾਜ਼ਮੀ ਹੋਵੇਗੀ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


