ਚੰਡੀਗੜ , 31 ਮਈ – ( ਪੰਜਾਬ ਡਾਇਰੀ ) ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਮਿੱਡੂਖੇੜਾ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪੰਜਾਬ ਦੇ ਸਾਬਕਾ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਭਰਾ ਅਜੈ ਪਾਲ ਮਿੱਡੂਖੇੜਾ ਨੇ ਹਾਈਕੋਰਟ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਵਿੱਕੀ ਮਿੱਡੂਖੇੜਾ ਦੀ ਮੌਤ ਤੋਂ ਬਾਅਦ ਅਜੇ ਪਾਲ ਨੇ ਕਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ, ਇਸ ਲਈ ਉਸ ਦੀ ਸੁਰੱਖਿਆ ਵਧਾਈ ਜਾਵੇ। ਇਸ ਤੋਂ ਬਾਅਦ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਅਦਾਲਤ ‘ਚ ਪਟੀਸ਼ਨ ਦਾਇਰ ਕੀਤੀ ਹੈ। ਵਿੱਕੀ ਮਿੱਡੂਖੇੜਾ ਕਤਲ ਕਾਂਡ ਬਾਰੇ ਗੱਲ ਕਰਦਿਆਂ ਉਸ ਨੇ ਆਪਣੀ ਜਾਨ ਨੂੰ ਖ਼ਤਰਾ ਦੱਸ ਕੇ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸਣਯੋਗ ਹੈ ਕਿ ਨੋਟਿਸ ਜਾਰੀ ਕਰਦਿਆਂ ਐੱਸ.ਐੱਸ.ਪੀ. ਨੂੰ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਅਜੇ ਪਾਲ ਸਿੰਘ ਮਿੱਡੂਖੇੜਾ ਦੀ ਸੁਰੱਖਿਆ ਵਧਾ ਦਿੱਤੀ ਹੈ। ਦੱਸ ਦੇਈਏ ਕਿ ਮੋਹਾਲੀ ‘ਚ ਨੌਜਵਾਨ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਸਿੱਧੂ ਮੂਸੇਵਾਲ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਪੰਜਾਬ ਪੁਲਿਸ ਨਾਲ ਐਨਕਾਊਂਟਰ ਦੇ ਡਰੋਂ ਦਿੱਲੀ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਲਾਰੈਂਸ ਬਿਸ਼ਨੋਈ ਨੇ ਦਿੱਲੀ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕੀਤੀ ਹੈ। ਸਿੱਧੂ ਮੂਸੇਵਾਲਾ ਦੇ ਕਤਲ ਨੂੰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਬਦਲਾ ਦੱਸਿਆ ਜਾ ਰਿਹਾ ਹੈ। ਗੋਲਡੀ ਬਰਾੜ ਨੇ ਬਿਸ਼ਨੋਈ ਨਾਲ ਮਿਲ ਕੇ ਮੂਸੇਵਾਲਾ ਦੇ ਕਤਲ ਨੂੰ ਸੋਸ਼ਲ ਮੀਡੀਆ ‘ਤੇ ਵਿੱਕੀ ਮਿੱਡੂ ਖੇੜਾ ਦੇ ਕਤਲ ਦਾ ਬਦਲਾ ਦੱਸਿਆ ਸੀ।