ਵੱਡੀ ਖ਼ਬਰ – ਕੋਟਕਪੂਰਾ ਗੋਲੀਕਾਂਡ ਦੀ ਚਾਰਜਸ਼ੀਟ ਦੇਖਣ ਲਈ ਸੁਖਬੀਰ ਸਿੰਘ ਬਾਦਲ ਦੇ ਵਕੀਲ ਵਲੋਂ ਪਾਈ ਪਟੀਸ਼ਨ ਅਦਾਲਤ ਨੇ ਖਾਰਜ ਕੀਤੀ
14 ਮਾਰਚ – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਵਕੀਲ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਅਦਾਲਤ ਵਿੱਚ ਦਾਇਰ ਚਲਾਨ ਦੀ ਕਾਪੀ ਮੰਗੀ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਇਸ ਮੰਗ ਨੂੰ ਰੱਦ ਕਰ ਦਿੱਤਾ।
ਇਹ ਦੱਸਣਯੋਗ ਹੋਵੇਗਾ ਕਿ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਜ਼ਿਲ੍ਹਾ ਅਦਾਲਤ ਵਿੱਚ ਅਗਾਊਂ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਇਸ ਦੀ ਸੁਣਵਾਈ ਮੰਗਲਵਾਰ 14 ਮਾਰਚ ਨੂੰ ਹੋਵੇਗੀ। ਜ਼ਮਾਨਤ ਦੀ ਅਪੀਲ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਆਪਣੇ ਵਕੀਲ ਰਾਹੀਂ ਚਾਰਜਸ਼ੀਟ ਦੀ ਕਾਪੀ ਦਿਖਾਉਣ ਦੀ ਬੇਨਤੀ ਕੀਤੀ ਸੀ ਪਰ ਐਸਆਈਟੀ ਨੇ ਇਸ ‘ਤੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਅਦਾਲਤ ਨੇ ਪਟੀਸ਼ਨ ਖਾਰਜ ਕਰ ਦਿੱਤੀ।
ਕੋਟਕਪੂਰਾ ਗੋਲੀ ਕਾਂਡ ਵਿੱਚ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਪਿਛਲੇ ਮਹੀਨੇ 24 ਫਰਵਰੀ ਨੂੰ ਫਰੀਦਕੋਟ ਦੇ ਜੇਐਮਆਈਸੀ ਅਜੈਪਾਲ ਸਿੰਘ ਦੀ ਅਦਾਲਤ ਵਿੱਚ ਕਰੀਬ ਸੱਤ ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਵਿੱਚ ਸੁਖਬੀਰ ਸਿੰਘ ਬਾਦਲ, ਪ੍ਰਕਾਸ਼ ਸਿੰਘ ਬਾਦਲ ਤੋਂ ਇਲਾਵਾ ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਛੇ ਪੁਲਿਸ ਅਧਿਕਾਰੀਆਂ ਦੇ ਨਾਂ ਸ਼ਾਮਲ ਹਨ। ਇਸ ਚਾਰਜਸ਼ੀਟ ਦੇ ਆਧਾਰ ‘ਤੇ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਨੋਟਿਸ ਜਾਰੀ ਕਰਕੇ 23 ਮਾਰਚ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਹੁਕਮ ਦਿੱਤੇ ਸਨ।