‘ਸਤਲੁਜ’ ਫ਼ਿਲਮ ‘ਤੇ ਪਾਬੰਦੀ ਦੇ ਵਿਰੋਧ ਵਿੱਚ SGPC ਅਤੇ ਸ਼੍ਰੋਮਣੀ ਅਕਾਲੀ ਦਲ ਦਾ ਵਿਸ਼ਾਲ ਰੋਸ ਮਾਰਚ, ਐੱਸਡੀਐੱਮ ਨੂੰ ਸੌਂਪਿਆ ਮੰਗ ਪੱਤਰ

ਸ੍ਰੀ ਆਨੰਦਪੁਰ ਸਾਹਿਬ
ਦਿਲਜੀਤ ਦੁਸਾਂਝ ਦੀ ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਪਾਬੰਦੀ ਦੇ ਵਿਰੋਧ ਵਿੱਚ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਸ੍ਰੀ ਆਨੰਦਪੁਰ ਸਾਹਿਬ ਵਿੱਚ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ। ਇਸ ਰੋਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਅਕਾਲੀ ਆਗੂ, ਪਾਰਟੀ ਵਰਕਰ, ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਅਤੇ ਸਿੱਖ ਸੰਗਤਾਂ ਸ਼ਾਮਲ ਹੋਈਆਂ। ਪ੍ਰਦਰਸ਼ਨਕਾਰੀਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ। ਮਾਰਚ ਤੋਂ ਬਾਅਦ ਐੱਸਡੀਐੱਮ ਸ੍ਰੀ ਆਨੰਦਪੁਰ ਸਾਹਿਬ ਨੂੰ ਪੰਜਾਬ ਦੇ ਰਾਜਪਾਲ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ।
ਰੋਸ ਮਾਰਚ ਦੀ ਅਗਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਸੀ। ਉਨ੍ਹਾਂ ਨੇ ਪੰਜਾਬ ਵਿੱਚ ਕਥਿਤ ਜਾਅਲੀ ਪੁਲਿਸ ਮੁਕਾਬਲਿਆਂ ਅਤੇ ਲਾਪਤਾ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੁਨੀਆ ਦੇ ਸਾਹਮਣੇ ਲਿਆਂਦੇ, ਜਿਸ ਦੀ ਕੀਮਤ ਉਨ੍ਹਾਂ ਨੂੰ ਆਪਣੀ ਜਾਨ ਦੇ ਕੇ ਚੁਕਾਉਣੀ ਪਈ। ਉਨ੍ਹਾਂ ਕਿਹਾ ਕਿ ਭਾਈ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ ਨੂੰ ਬਿਨਾਂ ਕਿਸੇ ਵਾਜਬ ਕਾਰਨ ਰਿਲੀਜ਼ ਤੋਂ ਰੋਕਣਾ ਲੋਕਤੰਤਰ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਖ਼ਿਲਾਫ਼ ਹੈ।
ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ ਫ਼ਿਲਮ ‘ਤੇ ਲਗਾਈ ਗਈ ਪਾਬੰਦੀ ਤੁਰੰਤ ਹਟਾਈ ਜਾਵੇ ਅਤੇ ਇਸ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਿਨੇਮਾਘਰਾਂ ਵਿੱਚ ਰਿਲੀਜ਼ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਨਾਲ ਜੁੜੇ ਦੋਸ਼ੀ ਪੁਲਿਸ ਅਧਿਕਾਰੀਆਂ ਦੀ ਰਿਹਾਈ ਰੱਦ ਕਰਕੇ ਉਨ੍ਹਾਂ ਨੂੰ ਮੁੜ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਦਿੱਤੇ ਗਏ ਸਨਮਾਨ ਅਤੇ ਮੈਡਲ ਵੀ ਵਾਪਸ ਲਏ ਜਾਣ।
ਇਸ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਗਈ ਕਿ ਮਨੁੱਖੀ ਅਧਿਕਾਰਾਂ ਲਈ ਆਪਣਾ ਸਰਵਉੱਚ ਬਲਿਦਾਨ ਦੇਣ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਕੌਮੀ ਸ਼ਹੀਦ ਐਲਾਨਿਆ ਜਾਵੇ। ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਭਾਈ ਖਾਲੜਾ ਦੀ ਕੁਰਬਾਨੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਉਨ੍ਹਾਂ ਨੂੰ ਯੋਗ ਸਨਮਾਨ ਮਿਲਣਾ ਚਾਹੀਦਾ ਹੈ। ਇਸ ਦੌਰਾਨ ਫ਼ਿਲਮ ‘ਤੇ ਪਾਬੰਦੀ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ, ਜਦਕਿ ਪੰਜਾਬ ਸਰਕਾਰ ‘ਤੇ ਇਸ ਮੁੱਦੇ ‘ਤੇ ਚੁੱਪ ਰਹਿਣ ਦੇ ਦੋਸ਼ ਵੀ ਲਗਾਏ ਗਏ। ਭਾਈ ਚਾਵਲਾ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ‘ਤੇ ਵੀ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪੰਥਕ ਮਸਲਿਆਂ ਵਿੱਚ ਬਿਆਨਬਾਜ਼ੀ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਇਸ ਮਾਮਲੇ ‘ਤੇ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਜਥੇਦਾਰ ਸੁਰਿੰਦਰ ਸਿੰਘ ਮਟੌਰ, ਮੈਨੇਜਰ ਮਲਕੀਤ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਨੰਬਰਦਾਰ ਸੰਦੀਪ ਕਲੋਤਾ, ਭੁਪਿੰਦਰ ਸਿੰਘ ਬੀਕਾਪੁਰ, ਦਵਿੰਦਰ ਸਿੰਘ ਢਿੱਲੋਂ, ਜਥੇਦਾਰ ਰਾਮ ਸਿੰਘ, ਕਮਲ ਸਿੰਘ ਬੇਲਾ, ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਮਲਹੋਤਰਾ, ਆਤਮਾ ਸਿੰਘ ਘਟੀਵਲ, ਮਨਜੀਤ ਸਿੰਘ ਰਿੰਕਾ, ਦਿਲਬਾਗ ਸਿੰਘ, ਕਮਲ ਸਿੰਘ ਮਜਾਰੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਆਗੂ, ਵਰਕਰ ਅਤੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
-(ਪੰਜਾਬੀ ਜਾਗਰਣ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


