ਸ਼੍ਰੋਮਣੀ ਕਮੇਟੀ ਦਾ ਜਨਰਲ ਇਜਲਾਸ ਸਿਰਫ਼ ਖ਼ਾਨਾਪੂਰਤੀ, ਬਾਦਲ ਪਰਿਵਾਰ ਦਾ ਪਹਿਲਾਂ ਤੋਂ ਤੈਅ ਕੀਤਾ ਫ਼ੈਸਲਾ ਹੀ ਸੁਣਾਇਆ ਜਾਵੇਗਾ : ਭਗਵੰਤ ਮਾਨ
ਚੰਡੀਗੜ੍ਹ, 26 ਜੂਨ (ਪੰਜਾਬੀ ਜਾਗਰਣ)- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਸੋਮਵਾਰ ਨੂੰ ਆਪਣੇ ਆਕਾਵਾਂ ਦੇ ਨਿਰਦੇਸ਼ਾਂ ਅਨੁਸਾਰ ਪਹਿਲਾਂ ਤੋਂ ਹੀ ਤੈਅ ਕੀਤੇ ਗਏ ਫ਼ੈਸਲੇ ਦਾ ਐਲਾਨ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਸਿੱਖਾਂ ਦੀ ਪ੍ਰਮੁੱਖ ਸੰਸਥਾ ਹੁਣ ਆਪਣੇ ਆਕਾਵਾਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਇਹ ਜਨਰਲ ਇਜਲਾਸ ਸਿਰਫ਼ ਇਕ ਢੋਂਗ ਹੈ, ਕਿਉਂਕਿ ਅਕਾਲੀ ਲੀਡਰਸ਼ਿਪ ਵੱਲੋਂ ਪਹਿਲਾਂ ਹੀ ਇਸ ਸਬੰਧੀ ਫ਼ੈਸਲਾ ਕੀਤਾ ਜਾ ਚੁੱਕਾ ਹੈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਦਾ ਅੰਦਾਜ਼ਾ ਇਸ ਗੱਲੋਂ ਲਗਾਇਆ ਜਾ ਸਕਦਾ ਹੈ ਕਿ ਐੱਸਜੀਪੀਸੀ ਦੇ ਪ੍ਰਧਾਨ ਨੂੰ ਪਹਿਲਾਂ ਹੀ ਅਕਾਲੀ ਦਲ ਦੇ ਦਫ਼ਤਰ ’ਚ ਤਲਬ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜਨਰਲ ਇਜਲਾਸ ’ਚ ਮੌਜੂਦ ਅਕਾਲੀ ਨੇਤਾ ਵੱਲੋਂ ਪ੍ਰਧਾਨ ਨੂੰ ਸਿਰਫ਼ ਬਾਦਲ ਪਰਿਵਾਰ ਦੇ ਫ਼ੈਸਲੇ ਬਾਰੇ ਜਾਣੂੰ ਕਰਵਾਇਆ ਗਿਆ। ਮਾਨ ਨੇ ਕਿਹਾ ਕਿ ਇਹ ਨੇਤਾ ਸਿੱਖ ਗੁਰਦੁਆਰਾ ਸੋਧ ਬਿੱਲ 2023 ਦੇ ਵਿਰੋਧ ਸਬੰਧੀ ਬਾਦਲ ਪਰਿਵਾਰ ਦੇ ਫ਼ੈਸਲੇ ਬਾਰੇ ਪ੍ਰਧਾਨ ਨੂੰ ਜਾਣੂੰ ਕਰਵਾ ਰਹੇ ਹਨ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਹ ਫ਼ੈਸਲਾ ਬਾਦਲ ਪਰਿਵਾਰ ਵੱਲੋਂ ਹੀ ਤੈਅ ਕੀਤਾ ਅਤੇ ਸੁਣਾਇਆ ਜਾ ਚੁੱਕਾ ਹੈ। ਐੱਸਜੀਪੀਸੀ ਪ੍ਰਧਾਨ ਵੱਲੋਂ ਮੀਟਿੰਗ ਵਿਚ ਪਹਿਲਾਂ ਤੋਂ ਨਿਰਧਾਰਤ ੍ਹਫ਼ੈਸਲੇ ਦਾ ਐਲਾਨ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਵਿਧਾਨ ਸਭਾ ਪਹਿਲਾਂ ਹੀ ਸਿੱਖ ਗੁਰਦੁਆਰਾ ਸੋਧ ਬਿੱਲ 2023 ਪਾਸ ਕਰ ਚੁੱਕੀ ਹੈ ਜਿਸ ਨੂੰ ਮਨਜ਼ੂਰੀ ਲਈ ਰਾਜਪਾਲ ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਿੱਲ ਸ੍ਰੀ ਹਰਿਮੰਦਰ ਸਾਹਿਬ ਤੋਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਸਾਰੇ ਆਡੀਓ ਤੇ ਵੀਡੀਓ ਪਲੇਟਫਾਰਮਾਂ ’ਤੇ ਮੁਫ਼ਤ ਕਰਨ ਬਾਰੇ ਹੈ। ਮਾਨ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਫ਼ੈਸਲੇ ਦਾ ਪਹਿਲਾਂ ਹੀ ਸਮਾਜ ਦੇ ਹਰ ਵਰਗ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ।