ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਦਾ ਹੋਇਆ ਦੇਹਾਂਤ
ਚੰਡੀਗੜ੍ਹ, 21 ਮਈ – (ਪੰਜਾਬ ਡਾਇਰੀ) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਮੰਤਰੀ ਪੰਜਾਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਜਥੇਦਾਰ ਤੋਤਾ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹਨਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ ‘ਚ ਲਿਆ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।
ਡਾ. ਦਲਜੀਤ ਸਿੰਘ ਚੀਮਾ ਨੇ ਟਵੀਟ ਕਰਦੇ ਲਿਖਿਆ ਹੈ ਕਿ ਬੜੇ ਦੁੱਖ ਦੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਜੀ ਅੱਜ ਸਦੀਵੀਂ ਵਿਛੋੜਾ ਦੇ ਗਏ ਹਨ। ਜਥੇਦਾਰ ਸਾਹਿਬ ਦਾ ਵਿਛੋੜਾ ਪਰਿਵਾਰ ਅਤੇ ਪਾਰਟੀ ਲਈ ਬਹੁਤ ਵੱਡਾ ਘਾਟਾ ਹੈ। ਵਾਹਿਗੁਰੂ ਜਥੇਦਾਰ ਸਾਹਿਬ ਦੀ ਆਤਮਾ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਟਵੀਟ ਕਰਦੇ ਲਿਖਿਆ ਹੈ ਕਿ ਮੇਰੇ ਬਹੁਤ ਹੀ ਸਤਿਕਾਰਯੋਗ ਬਜ਼ੁਰਗ, ਪੰਥ ਦੀ ਮਹਾਨ ਸ਼ਖ਼ਸੀਅਤ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ ਜੀ ਅੱਜ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਜਾਣ ਨਾਲ ਸਾਨੂੰ ਸਬ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।