ਸੁਪਰੀਮ ਕੋਰਟ ਦੀ ਰਾਹਤ ਮਗਰੋਂ CBI ਦਫ਼ਤਰ ਪਹੁੰਚੇ CM ਮਾਨ ਦੇ OSD ਰਾਜਬੀਰ ਘੁੰਮਣ, ਜਾਂਚ ’ਚ ਸ਼ਾਮਲ
ਵਕੀਲ ਨੇ ਦੱਸਿਆ ਕਿ ਰਾਜਬੀਰ ਘੁੰਮਣ ਨੂੰ ਸੀਬੀਆਈ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸੇ ਨੋਟਿਸ ਦੇ ਤਹਿਤ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਦਫ਼ਤਰ ਪਹੁੰਚੇ।

ਚੰਡੀਗੜ੍ਹ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਕੇਂਦਰੀ ਜਾਂਚ ਬਿਊਰੋ (CBI) ਦੇ ਦਫ਼ਤਰ ਵਿੱਚ ਪੇਸ਼ ਹੋਏ। ਸੁਪਰੀਮ ਕੋਰਟ ਵੱਲੋਂ ਉਨ੍ਹਾਂ ਦੀ ਗ੍ਰਿਫ਼ਤਾਰੀ ਅਤੇ ਜ਼ਬਰਦਸਤੀ ਕਾਰਵਾਈ ’ਤੇ ਅੰਤਰਿਮ ਰੋਕ ਲਗਾਏ ਜਾਣ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਉਹ ਜਾਂਚ ਏਜੰਸੀ ਸਾਹਮਣੇ ਪੇਸ਼ ਹੋਏ। ਇਸ ਮੌਕੇ ਉਨ੍ਹਾਂ ਦੇ ਵਕੀਲ ਜੀਪੀਐੱਸ ਘੁੰਮਣ ਵੀ ਨਾਲ ਸਨ।
ਵਕੀਲ ਨੇ ਦੱਸਿਆ ਕਿ ਰਾਜਬੀਰ ਘੁੰਮਣ ਨੂੰ ਸੀਬੀਆਈ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸ਼ੁੱਕਰਵਾਰ ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸੇ ਨੋਟਿਸ ਦੇ ਤਹਿਤ ਉਹ ਜਾਂਚ ਵਿੱਚ ਸ਼ਾਮਲ ਹੋਣ ਲਈ ਦਫ਼ਤਰ ਪਹੁੰਚੇ। ਵਕੀਲ ਮੁਤਾਬਕ, ਰਾਜਬੀਰ ਘੁੰਮਣ ਅਦਾਲਤ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ ਅਤੇ ਜਾਂਚ ਵਿੱਚ ਪੂਰਾ ਸਹਿਯੋਗ ਦੇ ਰਹੇ ਹਨ।
ED ਨੇ ਵੀ ਸ਼ੁਰੂ ਕੀਤੀ ਜਾਂਚ
ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੀ ਜਾਂਚ ਕਰ ਰਿਹਾ ਹੈ। ਜਾਣਕਾਰੀ ਅਨੁਸਾਰ, ਈਡੀ ਨੇ 13 ਅਕਤੂਬਰ ਨੂੰ ਜਲੰਧਰ ਵਿੱਚ ਕੇਸ ਦਰਜ ਕੀਤਾ ਸੀ। ਇਸ ਤਰ੍ਹਾਂ ਮਾਮਲੇ ਦੀ ਜਾਂਚ ਸੀਬੀਆਈ ਦੇ ਨਾਲ-ਨਾਲ ਈਡੀ ਵੱਲੋਂ ਵੀ ਅੱਗੇ ਵਧਾਈ ਜਾ ਰਹੀ ਹੈ।
ਸੁਪਰੀਮ ਕੋਰਟ ਨੇ ਗ੍ਰਿਫ਼ਤਾਰੀ ’ਤੇ ਲਾਈ ਸੀ ਰੋਕ
12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਨੂੰ ਅੰਤਰਿਮ ਰਾਹਤ ਦਿੰਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ। ਅਦਾਲਤ ਨੇ ਨਿਰਦੇਸ਼ ਦਿੱਤਾ ਸੀ ਕਿ ਸੀਬੀਆਈ ਵੱਲੋਂ ਦਰਜ ਐੱਫਆਈਆਰ ਦੇ ਸਬੰਧ ਵਿੱਚ ਉਨ੍ਹਾਂ ਖ਼ਿਲਾਫ਼ ਕੋਈ ਜ਼ਬਰਦਸਤੀ ਕਾਰਵਾਈ ਨਾ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੂੰ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਸੀ।
ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਹੁਕਮਾਂ ਨੂੰ ਦਿੱਤੀ ਚੁਣੌਤੀ
ਇਸ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਜਾਣਕਾਰੀ ਮੁਤਾਬਕ, 6 ਅਕਤੂਬਰ ਨੂੰ ਸੂਬਾ ਸਰਕਾਰ ਨੇ ਵਿਸ਼ੇਸ਼ ਲੀਵ ਪਟੀਸ਼ਨ (SLP) ਦਾਇਰ ਕਰਕੇ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ। ਇਸ ਤੋਂ ਬਾਅਦ 12 ਅਕਤੂਬਰ ਨੂੰ ਸੁਪਰੀਮ ਕੋਰਟ ਨੇ ਰਾਜਬੀਰ ਘੁੰਮਣ ਨੂੰ ਗ੍ਰਿਫ਼ਤਾਰੀ ਅਤੇ ਜ਼ਬਰਦਸਤੀ ਕਾਰਵਾਈ ਤੋਂ ਅੰਤਰਿਮ ਰਾਹਤ ਦਿੱਤੀ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


