ਸੇਵਾ ਕੇਂਦਰਾਂ ਵਿੱਚ ਜ਼ਿਲ੍ਹੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ 425 ਪ੍ਰਕਾਰ ਦੀਆਂ ਸੇਵਾਵਾਂ –ਡਾ. ਰੂਹੀ ਦੁੱਗ
ਫਰੀਦਕੋਟ, 29 ਅਪ੍ਰੈਲ (ਪੰਜਾਬ ਡਾਇਰੀ)- ਪੰਜਾਬ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਸਾਰੇ ਵਿਭਾਗਾਂ ਦੀਆਂ ਸੇਵਾਵਾਂ ਇਕੋਂ ਛੱਤ ਥੱਲੇ ਦੇਣ, ਸੇਵਾਵਾਂ ਉਨ੍ਹਾਂ ਦੇ ਘਰ ਦੇ ਨਜ਼ਦੀਕ ਪ੍ਰਦਾਨ ਕਰਨ ਅਤੇ ਨਵੇਂ ਡਿਜੀਟਲ ਯੁੱਗ ਵਿੱਚ ਸਰਕਾਰੀ ਕੰਮਕਾਰ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਸੇਵਾ ਕੇਂਦਰ ਲਗਾਤਾਰ ਕਾਰਜ਼ਸ਼ੀਲ ਹਨ। ਫ਼ਰੀਦਕੋਟ ਜ਼ਿਲ੍ਹੇ ਦੇ 12 ਸੇਵਾ ਕੇਂਦਰ ਜ਼ਿਲ੍ਹੇ ਦੇ ਵਸਨੀਕਾਂ ਨੂੰ 425 ਪ੍ਰਕਾਰ ਦੀਆਂ ਸੇਵਾਵਾਂ ਪ੍ਰਦਾਨ ਕਰਨ ਲਈ ਕੰਮ ਕਰ ਰਹੇ ਹਨ ਅਤੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਸਮਾਂ ਬੱਧ ਸੇਵਾਵਾਂ ਦਾ ਲਾਭ ਉਠਾਉਂਦੇ ਹਨ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਜਨਤਕ ਸੇਵਾਵਾਂ ਦਾ ਹੱਲ ਸਰਕਾਰ ਵੱਲੋ ਮਿੱਥੇ ਗਏ ਸਮੇ ਵਿੱਚ ਕੀਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ 12 ਸੇਵਾ ਕੇਂਦਰਾਂ ਵਿੱਚ 1 ਜਨਵਰੀ ਤੋਂ ਲੈ ਕੇ ਹੁਣ ਤੱਕ 29320 ਤੋਂ ਵੱਧ ਨਾਗਰਿਕ ਸੇਵਾਵਾਂ ਮੁਹੱਈਆ ਕਰਾਈਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਕੁੱਲ ਪ੍ਰਾਪਤ ਹੋਈਆ 29257 ਅਰਜ਼ੀਆਂ ਵਿੱਚੋਂ 27233 ਅਰਜ਼ੀਆਂ ਮਨਜ਼ੂਰ ਹੋ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ 1082 ਅਰਜ਼ੀਆਂ ਵਿਚਾਰ ਅਧੀਨ ਹਨ ਜਦਕਿ 523 ਵੱਖ-ਵੱਖ ਕਮੀਆਂ ਕਾਰਨ ਰੱਦ ਹੋ ਚੁੱਕੀਆਂ ਹਨ ਅਤੇ 419 ਤੇ ਇਤਰਾਜ਼ ਲੱਗੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿੱਚ ਅਰਜ਼ੀਆਂ ਨੂੰ ਇੱਕ ਸਿਸਟਮ ਰਾਹੀਂ ਪਾਰਦਰਸ਼ਤਾ ਐਕਟ-2018 ਤਹਿਤ ਵਿਚਾਰਦਿਆਂ ਸਮਾਬੱਧ ਤਰੀਕੇ ਨਾਲ ਸੇਵਾਵਾਂ ਮੁਹੱਈਆਂ ਕਰਾਈਆਂ ਜਾ ਰਹੀਆਂ ਹਨ।
ਇਸੇ ਦੌਰਾਨ ਜ਼ਿਲ੍ਹਾ ਤਕਨੀਕ ਕੋਆਰਡੀਨੇਟਰ ਨਿਰਮਲਪ੍ਰੀਤ ਕੌਰ ਅਤੇ ਜ਼ਿਲ੍ਹਾ ਮੈਨੇਜਰ ਸੇਵਾ ਕੇਂਦਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ 425 ਸੇਵਾ ਕੇਂਦਰਾਂ ਵਿੱਚ ਲੋੜੀਂਦੀਆਂ ਨਾਗਰਿਕ ਸੇਵਾਵਾਂ ਬਿਨਾਂ ਕਿਸੇ ਦੇਰੀ ਅਤੇ ਪਾਰਦਰਸ਼ੀ ਢੰਗ ਨਾਲ ਦਿੱਤੀਆਂ ਜਾਂਦੀਆਂ ਹਨ।