ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਵੀਡੀਓ ਮਗਰੋਂ AAP ਦਾ ਪਲਟਵਾਰ, ਬਲਤੇਜ ਪੰਨੂ ਨੇ ਕਿਹਾ- “CM ਮਾਨ ਦਾ ਪੱਖ ਸਹੀ ਸਾਬਤ ਹੋਇਆ”
ਪੰਨੂ ਨੇ ਇਹ ਵੀ ਕਿਹਾ ਕਿ ਹੁਣ ਇਹ ਵੀ ਸਾਹਮਣੇ ਲਿਆਂਦਾ ਜਾਵੇ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਕੌਣ ਹੈ।

ਚੰਡੀਗੜ੍ਹ-
ਪੰਜਾਬ ਦੀ ਸਿਆਸਤ ਅਤੇ ਧਾਰਮਿਕ ਮੰਚਾਂ ਵਿੱਚ ਅੱਜ ਇੱਕ ਨਵੀਂ ਚਰਚਾ ਛਿੜ ਗਈ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ 15 ਜਨਵਰੀ 2026 ਨੂੰ ਹੋਈ ਪੇਸ਼ੀ ਦੀ ਇੱਕ ਅਹਿਮ ਵੀਡੀਓ ਰਿਕਾਰਡਿੰਗ ਜਨਤਕ ਕੀਤੀ ਗਈ। ਵੀਡੀਓ ਸਾਹਮਣੇ ਆਉਣ ਤੋਂ ਕੁਝ ਹੀ ਸਮੇਂ ਬਾਅਦ ਆਮ ਆਦਮੀ ਪਾਰਟੀ (AAP) ਨੇ ਵੀ ਇਸ ਮਾਮਲੇ ‘ਤੇ ਆਪਣਾ ਅਧਿਕਾਰਤ ਪੱਖ ਰੱਖਿਆ।
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਜਾਰੀ ਬਿਆਨ ਵਿੱਚ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ੁਰੂ ਤੋਂ ਹੀ ਇਹ ਕਹਿੰਦੇ ਆ ਰਹੇ ਹਨ ਕਿ ਸੰਬੰਧਿਤ ਵੀਡੀਓ ਫਰਜ਼ੀ ਹੈ। ਉਨ੍ਹਾਂ ਜਥੇਦਾਰ ਸਾਹਿਬ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਜਾਰੀ ਕੀਤੀ ਗਈ ਰਿਕਾਰਡਿੰਗ ਤੋਂ ਇਹ ਗੱਲ ਵੀ ਸਪੱਸ਼ਟ ਹੋ ਗਈ ਹੈ ਕਿ ਮੁੱਖ ਮੰਤਰੀ ਨੇ ਕਦੇ ਇਹ ਨਹੀਂ ਕਿਹਾ ਸੀ ਕਿ ਉਨ੍ਹਾਂ ਨੇ ਖੁਦ AI ਨਾਲ ਵੀਡੀਓ ਬਣਾਈ ਹੈ। ਪੰਨੂ ਨੇ ਇਹ ਵੀ ਕਿਹਾ ਕਿ ਹੁਣ ਇਹ ਵੀ ਸਾਹਮਣੇ ਲਿਆਂਦਾ ਜਾਵੇ ਕਿ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਕੌਣ ਹੈ।
ਜਥੇਦਾਰ ਅਤੇ ਮੁੱਖ ਮੰਤਰੀ ਵਿਚਾਲੇ ਹੋਈ ਗੱਲਬਾਤ ਦੇ ਵੇਰਵੇ ਆਏ ਸਾਹਮਣੇ
ਜਾਰੀ ਕੀਤੀ ਗਈ ਰਿਕਾਰਡਿੰਗ ਅਨੁਸਾਰ, ਪੇਸ਼ੀ ਦੌਰਾਨ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਮੁੱਖ ਮੰਤਰੀ ਨੂੰ ਕਿਹਾ ਸੀ ਕਿ ਵੀਡੀਓ ਦੀ ਅਸਲੀਅਤ ਬਾਰੇ ਉਹ ਖੁਦ ਕੋਈ ਦਾਅਵਾ ਨਹੀਂ ਕਰ ਰਹੇ ਅਤੇ ਇਹ ਪੂਰੀ ਤਰ੍ਹਾਂ ਜਾਂਚ ਦਾ ਵਿਸ਼ਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਦੋ ਅਜਿਹੀਆਂ ਲੈਬਾਂ ਦੇ ਨਾਮ ਸੁਝਾਉਣ ਲਈ ਕਿਹਾ ਸੀ ਜਿੱਥੇ ਇਸ ਦੀ ਨਿਰਪੱਖ ਜਾਂਚ ਹੋ ਸਕੇ।
ਇਸ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਸੰਬੰਧਿਤ ਵੀਡੀਓ ਪੂਰੀ ਤਰ੍ਹਾਂ ਨਕਲੀ ਹੈ। ਉਨ੍ਹਾਂ ਇਹ ਵੀ ਆਖਿਆ ਕਿ ਉਹ ਖੁਦ ਚਾਹੁੰਦੇ ਹਨ ਕਿ ਇਸ ਦੀ ਵਿਸਥਾਰਪੂਰਵਕ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਤਾਂ ਜੋ ਅਸਲੀ ਸੱਚਾਈ ਲੋਕਾਂ ਦੇ ਸਾਹਮਣੇ ਆ ਸਕੇ ਅਤੇ ਸਾਰੇ ਸੰਦੇਹ ਦੂਰ ਹੋ ਸਕਣ।
-(ਬਾਬੂਸ਼ਾਹੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


