ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਦਾ ਸੈਲਾਬ, ਫੁੱਲਾਂ ਤੇ ਰੌਸ਼ਨੀਆਂ ਨਾਲ ਸਜਿਆ ਗੁਰੂ ਘਰ
ਇਸ ਪਵਿੱਤਰ ਦਿਹਾੜੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਦੀ ਵੱਡੀ ਆਮਦ ਹੋ ਰਹੀ ਹੈ।

ਅੰਮ੍ਰਿਤਸਰ
ਅੰਮ੍ਰਿਤਸਰ ਸ਼ਹਿਰ ਦੇ ਬਾਨੀ ਅਤੇ ਸਿੱਖ ਧਰਮ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਸੰਗਤਾਂ ਦੀ ਵੱਡੀ ਆਮਦ ਹੋ ਰਹੀ ਹੈ। ਗੁਰੂ ਘਰ ਨੂੰ ਫੁੱਲਾਂ ਅਤੇ ਮਨਮੋਹਕ ਰੌਸ਼ਨੀਆਂ ਨਾਲ ਸਜਾਇਆ ਗਿਆ ਹੈ, ਜਿਸ ਨਾਲ ਪਵਿੱਤਰ ਅਸਥਾਨ ਦੀ ਸੁੰਦਰਤਾ ਹੋਰ ਵੀ ਵਧ ਗਈ ਹੈ।
ਗੁਰਪੁਰਬ ਦੇ ਮੱਦੇਨਜ਼ਰ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਗੁਰਦੁਆਰਾ ਸਾਹਿਬਾਨ ਵਿੱਚ ਗੁਰਬਾਣੀ ਕੀਰਤਨ, ਕਥਾ-ਵਿਚਾਰ ਅਤੇ ਹੋਰ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਪਾਵਨ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਸੂਬਿਆਂ ਅਤੇ ਵਿਦੇਸ਼ਾਂ ਤੋਂ ਵੀ ਸੰਗਤਾਂ ਅੰਮ੍ਰਿਤਸਰ ਪਹੁੰਚ ਰਹੀਆਂ ਹਨ। ਸ਼ਰਧਾਲੂ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਰਹੇ ਹਨ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਤਿਆਰੀ, ਮੰਜੀ ਸਾਹਿਬ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਦੇ ਇੱਛੁਕ ਸ਼ਰਧਾਲੂਆਂ ਨੂੰ ਕੇਸੀ ਇਸ਼ਨਾਨ ਕਰਕੇ ਪੰਜ ਕਕਾਰਾਂ ਸਮੇਤ ਨਿਰਧਾਰਤ ਸਮੇਂ ’ਤੇ ਪਹੁੰਚਣ ਲਈ ਕਿਹਾ ਗਿਆ ਹੈ।
ਦੂਜੇ ਪਾਸੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਵੇਰ ਦੀ ਕਥਾ ਤੋਂ ਬਾਅਦ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਜਾਣਗੇ। ਇਨ੍ਹਾਂ ਦੌਰਾਨ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬ ਦੇ ਜੀਵਨ ਨਾਲ ਸਬੰਧਤ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਤੋਂ ਇਲਾਵਾ ਸ਼ਾਮ 7 ਵਜੇ ਤੋਂ ਰਾਤ 9 ਵਜੇ ਤੱਕ ਗਿਆਨੀ ਭਾਈ ਦਵਿੰਦਰ ਸਿੰਘ ਖੰਨੇ ਵਾਲੇ ਅਤੇ ਗਿਆਨੀ ਭਾਈ ਪਿੰਦਰਪਾਲ ਸਿੰਘ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ। ਇਸ ਉਪਰੰਤ ਕਵੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪੰਥ ਦੇ ਪ੍ਰਸਿੱਧ ਕਵੀ ਗੁਰੂ ਸਾਹਿਬ ਦੀ ਮਹਿਮਾ ਅਤੇ ਗੁਰਮਤਿ ਵਿਚਾਰਧਾਰਾ ਨਾਲ ਸਬੰਧਤ ਰਚਨਾਵਾਂ ਪੇਸ਼ ਕਰਨਗੇ।
ਰਾਤ ਨੂੰ ਦੀਵਿਆਂ ਦੀ ਰੌਸ਼ਨੀ ਨਾਲ ਨਿਖਰੇਗੀ ਗੁਰੂ ਨਗਰੀ, ਆਤਿਸ਼ਬਾਜ਼ੀ ਹੋਵੇਗੀ ਖਿੱਚ ਦਾ ਕੇਂਦਰ
ਪ੍ਰਕਾਸ਼ ਪੁਰਬ ਦੀ ਰਾਤ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਦੀਪਮਾਲਾ ਕੀਤੀ ਜਾਵੇਗੀ। ਰਹਿਰਾਸ ਸਾਹਿਬ ਦੇ ਪਾਠ ਤੋਂ ਬਾਅਦ ਅਲੌਕਿਕ ਆਤਿਸ਼ਬਾਜ਼ੀ ਕੀਤੀ ਜਾਵੇਗੀ। ਇਸ ਮੌਕੇ ਗੁਰੂ ਨਗਰੀ ਅੰਮ੍ਰਿਤਸਰ ਵਿੱਚ ਸ਼ਰਧਾ ਅਤੇ ਅਧਿਆਤਮਕਤਾ ਦਾ ਵਿਸ਼ੇਸ਼ ਮਾਹੌਲ ਬਣੇਗਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਕਰਨ ਅਤੇ ਗੁਰੂ ਘਰ ਦੀ ਮਰਿਆਦਾ ਦਾ ਪੂਰਾ ਸਤਿਕਾਰ ਕਰਨ ਦੀ ਅਪੀਲ ਕੀਤੀ ਗਈ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਪੁਰਬ ਦੀ ਵਧਾਈ, ਗੁਰੂ ਸਾਹਿਬ ਦੇ ਜੀਵਨ ਤੋਂ ਸੇਵਾ ਦੀ ਪ੍ਰੇਰਨਾ ਲੈਣ ਦਾ ਸੱਦਾ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਨਿਸ਼ਕਾਮ ਸੇਵਾ, ਨਿਮਰਤਾ, ਸਹਿਣਸ਼ੀਲਤਾ ਅਤੇ ਪ੍ਰੇਮਾ-ਭਗਤੀ ਦੀ ਅਦੁੱਤੀ ਮਿਸਾਲ ਹੈ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਆਪਣਾ ਸਾਰਾ ਜੀਵਨ ਗੁਰੂ ਦੀ ਭਗਤੀ, ਮਨੁੱਖਤਾ ਦੀ ਸੇਵਾ ਅਤੇ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤਾ। ਗੁਰੂ ਸਾਹਿਬ ਵੱਲੋਂ ਦਰਸਾਇਆ ਗਿਆ ਮਾਰਗ ਅੱਜ ਵੀ ਮਨੁੱਖਤਾ ਨੂੰ ਸੇਵਾ, ਸਮਰਪਣ ਅਤੇ ਪਰਉਪਕਾਰ ਦੀ ਸਿੱਖਿਆ ਦਿੰਦਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਨੇ ਸਿੱਖੀ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਅਤੇ ਗੁਰਮਤਿ ਵਿਚਾਰਧਾਰਾ ਦਾ ਪ੍ਰਚਾਰ ਕਰਨ ਲਈ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਿੱਖਿਆਵਾਂ ਮਨੁੱਖ ਨੂੰ ਨਿਮਰਤਾ, ਨਾਮ ਸਿਮਰਨ, ਨਿਸ਼ਕਾਮ ਸੇਵਾ ਅਤੇ ਦੂਜਿਆਂ ਦੀ ਮਦਦ ਕਰਨ ਲਈ ਪ੍ਰੇਰਿਤ ਕਰਦੀਆਂ ਹਨ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦੇ ਉਪਦੇਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਇਆ ਜਾਵੇ ਅਤੇ ਸਮਾਜ ਵਿੱਚ ਆਪਸੀ ਪਿਆਰ, ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਯਤਨ ਕੀਤੇ ਜਾਣ।
-(ਪੀਟੀਸੀ ਨਿਊਜ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


