ਚੰਡੀਗੜ , 28 ਮਈ – ( ਪੰਜਾਬ ਡਾਇਰੀ ) ਆਮ ਆਦਮੀ ਪਾਰਟੀ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸੀਚੇਵਾਲ ਨੂੰ ਰਾਜ ਸਭਾ ਭੇਜ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਪਿੰਡ ਸੀਚੇਵਾਲ ਪਹੁੰਚੇ ਅਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਪੰਜਾਬ ਦੀਆਂ ਦੋ ਰਾਜ ਸਭਾ ਸੀਟਾਂ ਲਈ 24 ਤੋਂ 31 ਮਈ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। ਪਰ ਅਜੇ ਤੱਕ ਆਪ ਨੇ ਉਮੀਦਵਾਰਾਂ ਦਾ ਐਲਾਨ ਨਹੀਂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜ ਸਭਾ ਦੀਆਂ ਚੋਣਾਂ ਜੂਨ ਦੇ ਵਿਚ ਹੋਣਗੀਆਂ।
ਦੋਵੇਂ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ ਜਾਣਗੀਆਂ
ਰਾਜ ਸਭਾ ਦੀਆਂ ਦੋਵੇਂ ਸੀਟਾਂ ਆਮ ਆਦਮੀ ਪਾਰਟੀ ਦੇ ਖਾਤੇ ਵਿਚ ਹਨ, ਜਿਸ ਨੇ ਹਾਲ ਹੀ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿੱਤ ਦਰਜ ਕੀਤੀ ਹੈ। ਪੰਜਾਬ ਵਿੱਚ ਮਾਰਚ ਵਿੱਚ ਵੀ ਰਾਜ ਸਭਾ ਦੀਆਂ ਪੰਜ ਸੀਟਾਂ ਉੱਤੇ ਚੋਣਾਂ ਹੋਈਆਂ ਸਨ। ਇਨ੍ਹਾਂ ਪੰਜਾਂ ਸੀਟਾਂ ‘ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਿੱਤ ਦਰਜ ਕਰਨ ‘ਚ ਸਫਲ ਰਹੇ। ਇਸ ਸਮੇਂ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰਾਂ ਦੀ ਗਿਣਤੀ ਪੰਜ ਹੈ। ਪਰ ਹੁਣ ਇਹ ਵਧ ਕੇ ਸੱਤ ਹੋ ਜਾਵੇਗੀ। ਇਸ ਨਾਲ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ ਦੇ ਕੁੱਲ 10 ਮੈਂਬਰ ਹੋਣਗੇ।
ਪਿਛਲੀ ਵਾਰ ਰਾਜ ਸਭਾ ਮੈਂਬਰਾਂ ਦੀ ਚੋਣ ‘ਤੇ ਹੋਇਆ ਸੀ ਵਿਵਾਦ
ਪਿਛਲੀ ਵਾਰ ਆਮ ਆਦਮੀ ਪਾਰਟੀ ਦੇ ਰਾਜ ਸਭਾ ਉਮੀਦਵਾਰ ਨੂੰ ਲੈ ਕੇ ਵਿਵਾਦ ਹੋਇਆ ਸੀ। ਪੰਜਾਬ ਤੋਂ ਰਾਘਵ ਚੱਢਾ, ਡਾ. ਸੰਦੀਪ ਪਾਠਕ ਨੂੰ ਰਾਜ ਸਭਾ ‘ਚ ਭੇਜਣ ‘ਤੇ ਵਿਰੋਧੀਆਂ ਨੇ ਸਵਾਲ ਚੁੱਕੇ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਲੁਧਿਆਣਾ ਦੇ ਕਾਰੋਬਾਰੀ ਸੰਜੀਵ ਅਰੋੜਾ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਅਸ਼ੋਕ ਮਿੱਤਲ ਨੂੰ ਰਾਜ ਸਭਾ ਭੇਜਿਆ ਗਿਆ ਹੈ।
ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ
ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਕਾਲੀ ਬੇਈ ਨਦੀ ਦੀ ਸਫਾਈ ਦਾ ਸਿਹਰਾ ਸੰਤ ਸੀਚੇਵਾਲ ਨੂੰ ਜਾਂਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦਾ ‘ਸੀਚੇਵਾਲ ਮਾਡਲ’ ਪੰਜਾਬ ਦੇ ਕਈ ਪਿੰਡਾਂ ਵਿੱਚ ਸੀਵਰੇਜ ਦੇ ਪਾਣੀ ਨੂੰ ਟਰੀਟ ਕਰਕੇ ਖੇਤੀ ਲਈ ਵਰਤਣ ਲਈ ਬਹੁਤ ਕਾਰਗਰ ਸਾਬਤ ਹੋਇਆ ਹੈ। ਦੇਸ਼-ਵਿਦੇਸ਼ ਵਿੱਚ ਇਸ ਦੀ ਚਰਚਾ ਹੈ। ਉਨ੍ਹਾਂ ਦੇ ਜਲ ਪ੍ਰਵਾਹ ਕਰਨ ਦੇ ਢੰਗ ਨੂੰ ਦੇਖਣ ਲਈ ਹੋਰਨਾਂ ਦੇਸ਼ਾਂ ਅਤੇ ਦੇਸ਼ ਦੇ ਹੋਰ ਸੂਬਿਆਂ ਤੋਂ ਵੀ ਲੋਕ ਇੱਥੇ ਆਉਂਦੇ ਰਹਿੰਦੇ ਹਨ। ਉਨ੍ਹਾਂ ਦੇ ਸ਼ਾਨਦਾਰ ਕੰਮ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਸਮੇਤ ਕਈ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ ਹੈ।