ਹਮਲੇ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ, ਕਿਹਾ- ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇਣ ਨੂੰ ਤਿਆਰ
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਪਹਿਲਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਹੁਣ ਡਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ।

ਨਾਂਦੇੜ
ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਮਾਤਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਤੋਂ ਬਾਅਦ ਉਨ੍ਹਾਂ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਹਮਲੇ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਮਿਲਣ ਉਪਰੰਤ ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਕੀਤੀ।
ਸੁਖਬੀਰ ਬਾਦਲ ਨੇ ਕਿਹਾ ਕਿ ਉਹ ਨਾ ਪਹਿਲਾਂ ਕਦੇ ਕਿਸੇ ਤੋਂ ਡਰੇ ਹਨ ਅਤੇ ਨਾ ਹੀ ਹੁਣ ਡਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਧਰਮ ਦੀ ਰੱਖਿਆ ਅਤੇ ਪੰਜਾਬ ਦੀ ਸ਼ਾਂਤੀ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਪਹਿਲਾਂ ਵੀ ਹਮਲਾ ਹੋ ਚੁੱਕਾ ਹੈ ਅਤੇ ਹੁਣ ਇੱਕ ਵਾਰ ਫਿਰ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਦੋਵੇਂ ਘਟਨਾਵਾਂ ਧਾਰਮਿਕ ਅਸਥਾਨਾਂ ’ਤੇ ਵਾਪਰੀਆਂ ਹਨ।
ਪੰਜਾਬ ਦੀ ਸ਼ਾਂਤੀ ਸਭ ਤੋਂ ਉੱਪਰ: ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਕਿਹਾ ਕਿ ਕੁਝ ਲੋਕ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਮੇਸ਼ਾ ਪੰਜਾਬ ਦੀ ਸ਼ਾਂਤੀ ਲਈ ਵਚਨਬੱਧ ਰਹੇ ਅਤੇ ਉਨ੍ਹਾਂ ਲਈ ਵੀ ਪੰਜਾਬ ਸਭ ਤੋਂ ਉੱਪਰ ਹੈ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸੇ ਵੀ ਹਾਲਤ ਵਿੱਚ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਹੋਣ ਦੇਵੇਗਾ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਹਮੇਸ਼ਾ ਪਹਿਲ ਦਿੱਤੀ ਜਾਵੇਗੀ।
ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸਿਰ ’ਤੇ ਗੁਰੂ ਸਾਹਿਬ ਦੀ ਮੇਹਰ ਹੈ ਅਤੇ ਕੋਈ ਵੀ ਤਾਕਤ ਉਨ੍ਹਾਂ ਨੂੰ ਡਰਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦਿੱਤੀਆਂ ਜਾਣਗੀਆਂ।
ਹਮਲੇ ਤੋਂ ਬਾਅਦ ਹਸਪਤਾਲ ’ਚ ਲੱਗੇ ਟਾਂਕੇ
ਦੱਸਿਆ ਜਾ ਰਿਹਾ ਹੈ ਕਿ ਨਾਂਦੇੜ ਦੇ ਗੁਰਦੁਆਰਾ ਮਾਤਾ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਨਿਹੰਗ ਸਿੰਘ ਜਸਪਾਲ ਸਿੰਘ ਵੱਲੋਂ ਕਥਿਤ ਤੌਰ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਮੌਕੇ ’ਤੇ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ ਤੁਰੰਤ ਹਮਲਾਵਰ ਨੂੰ ਕਾਬੂ ਕਰ ਲਿਆ।
ਘਟਨਾ ਤੋਂ ਬਾਅਦ ਸੁਖਬੀਰ ਬਾਦਲ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਹੱਥ ’ਤੇ 8 ਤੋਂ 9 ਟਾਂਕੇ ਲੱਗੇ। ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਤੋਂ ਬਾਅਦ ਉਹ ਆਪਣੇ ਪਰਿਵਾਰ ਸਮੇਤ ਪੰਜਾਬ ਲਈ ਰਵਾਨਾ ਹੋ ਗਏ।
ਪੁਲਿਸ ਅਤੇ ATS ਕਰ ਰਹੀ ਜਾਂਚ
ਹਮਲੇ ਦੇ ਮਾਮਲੇ ਵਿੱਚ ਨਾਂਦੇੜ ਪੁਲਿਸ ਅਤੇ ATS ਵੱਲੋਂ ਜਸਪਾਲ ਸਿੰਘ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫਿਲਹਾਲ ਜਾਂਚ ਏਜੰਸੀਆਂ ਉਸਦੇ ਪਿਛੋਕੜ, ਸੰਪਰਕਾਂ ਅਤੇ ਹਮਲੇ ਦੇ ਸੰਭਾਵਿਤ ਕਾਰਨਾਂ ਦੀ ਜਾਂਚ ਕਰ ਰਹੀਆਂ ਹਨ।
ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਮੁਲਜ਼ਮ ਦੇ ਕਿਸੇ ਹੋਰ ਸ਼ੱਕੀ ਗਰੁੱਪ ਜਾਂ ਜਥੇਬੰਦੀ ਨਾਲ ਸਬੰਧ ਹਨ। ਹਮਲੇ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਕੀ ਇਸ ਦੇ ਪਿੱਛੇ ਕੋਈ ਸਾਜ਼ਿਸ਼ ਸੀ, ਇਸ ਬਾਰੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


