ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਜ਼ਮਾਨਤ ਦੇ ਹੱਕਦਾਰ ਨਹੀਂ, ਚੰਡੀਗੜ SIT ਨੇ ਅਦਾਲਤ ਵਿਚ ਦਿੱਤਾ ਜਵਾਬ
ਚੰਡੀਗੜ੍ਹ, 14 ਸਤੰਬਰ (ਰੋਜਾਨਾ ਸਪੋਕਸਮੈਨ)- ਚੰਡੀਗੜ੍ਹ ਪੁਲਿਸ ਦੀ ਐਸਆਈਟੀ ਨੇ ਹਰਿਆਣਾ ਦੀ ਜੂਨੀਅਰ ਮਹਿਲਾ ਕੋਚ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਸ਼ਾਮਲ ਹਰਿਆਣਾ ਦੇ ਮੰਤਰੀ ਸੰਦੀਪ ਸਿੰਘ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਅਦਾਲਤ ਵਿਚ ਜਵਾਬ ਦਾਖ਼ਲ ਕੀਤਾ ਹੈ। ਐਸਆਈਟੀ ਨੇ ਕਿਹਾ ਹੈ ਕਿ ਸੰਦੀਪ ਸਿੰਘ ਦੀ ਜ਼ਮਾਨਤ ਦਾ ਕੋਈ ਆਧਾਰ ਨਹੀਂ ਹੈ, ਇਸ ਲਈ ਜ਼ਮਾਨਤ ਪਟੀਸ਼ਨ ਰੱਦ ਕੀਤੀ ਜਾਵੇ। ਇਸ ਸਬੰਧੀ ਕੋਚ ਪੱਖ ਦੇ ਵਕੀਲਾਂ ਨੇ ਵੀ ਸੰਦੀਪ ਸਿੰਘ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਵਿਚ ਰੋਸ ਪ੍ਰਦਰਸ਼ਨ ਕੀਤਾ।
ਇਸ ਮਾਮਲੇ ਸਬੰਧੀ ਅੱਜ ਅਦਾਲਤ ਵਿਚ ਫਿਰ ਸੁਣਵਾਈ ਹੋਵੇਗੀ। ਸੁਣਵਾਈ ਦੌਰਾਨ ਮਹਿਲਾ ਕੋਚ ਦੇ ਵਕੀਲ ਨੇ ਦੱਸਿਆ ਕਿ ਮੁਲਜ਼ਮ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਉਪਲਬਧ ਨਹੀਂ ਕਰਵਾਈ ਗਈ, ਜਿਸ ਸਬੰਧੀ ਉਸ ਵੱਲੋਂ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਗਈ ਸੀ। ਜਿਸ ‘ਤੇ ਅਦਾਲਤ ਨੇ ਜ਼ਮਾਨਤ ਪਟੀਸ਼ਨ ਦੀ ਕਾਪੀ ਸ਼ਿਕਾਇਤਕਰਤਾ ਨੂੰ ਦੇਣ ਦੇ ਹੁਕਮ ਦਿੱਤੇ ਹਨ। ਸੁਣਵਾਈ ਦੌਰਾਨ ਚੰਡੀਗੜ੍ਹ ਦੀ ਐੱਸਆਈਟੀ ਨੇ ਜਵਾਬ ਦਿੱਤਾ ਹੈ ਕਿ ਸੰਦੀਪ ਸਿੰਘ ਜ਼ਮਾਨਤ ਦੇ ਹੱਕਦਾਰ ਨਹੀਂ ਹਨ।