ਹਰਿਆਣਾ ਨੂੰ ਪਹਿਲਾਂ ਹੀ ਮਿਲ ਰਿਹਾ ਪੰਜਾਬ ਤੋਂ ਜ਼ਿਆਦਾ ਪਾਣੀ, ਸੁਨੀਲ ਜਾਖੜ ਨੇ ਕੀਤਾ SYL ਨੂੰ ਲੈ ਕੇ ਟਵੀਟ
ਚੰਡੀਗੜ੍ਹ, 19 ਅਕਤੂਬਰ (ਰੋਜਾਨਾ ਸਪੋਕਸਮੈਨ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਕ ਵਾਰ ਫਿਰ ਟਵੀਟ ਕਰ ਕੇ ਐੱਸਵਾਈਐੱਲ ਨੂੰ ਲੈ ਕੇ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਪੋਸਟ ਪਾ ਕੇ ਕਿਹਾ ਕਿ ”ਪੰਜਾਬ ਨੂੰ ਅੱਜ ਸਿਰਫ਼ 12.24 MAF ਹੀ ਪਾਣੀ ਮਿਲ ਰਿਹਾ ਹੈ। ਜਦੋਂ ਕਿ ਹਰਿਆਣਾ ਨੂੰ SYL ਤੋਂ ਬਿਨਾਂ ਪਹਿਲਾਂ ਹੀ ਪੰਜਾਬ ਤੋਂ ਜ਼ਿਆਦਾ, 13.30 MAF ਪਾਣੀ ਮਿਲ ਰਿਹਾ ਹੈ। ਫਿਰ ਕਿਹੜਾ ਪਾਣੀ ਹਰਿਆਣੇ ਨੂੰ ਦੇਣ ਦੀ ਗੱਲ ਕਰ ਰਹੇ ਹਨ? ਤੁਹਾਡੇ ਪੰਜਾਬ ਦੀਆਂ ਵੋਟਾਂ ਨਾਲ ਬਣੇ ਸਾਂਸਦ ਸੰਦੀਪ ਪਾਠਕ ਜੀ ? ਅੰਕੜੇ ਪਹਿਲਾਂ ਖ਼ੁਦ ਵੀ ਪੜ੍ਹ ਲਿਆ ਕਰੋ ਤੇ ਇਨ੍ਹਾਂ ਨੂੰ ਵੀ ਪੜ੍ਹਾਓ।”
ਇਹ ਟਵੀਟ ਕਰਨ ਤੋਂ ਬਾਅਦ ਸੁਨੀਲ ਜਾਖੜ ਨੇ ਪ੍ਰੈਸ ਕਾਨਫਰੰਸ ਵੀ ਕੀਤੀ। ਪ੍ਰੈਸ ਕਾਨਫਰੰਸ ਦੌਰਾਨ ਵੀ ਉਹਨਾਂ ਨੇ ਸਰਕਾਰ ਨੂੰ ਕਈ ਸਵਾਲ ਕੀਤੇ।
ਸੁਨੀਲ ਜਾਖੜ ਨੇ ਕਿਹਾ ਕਿ ਹਰਿਆਣਾ ਬਿਨਾਂ ਐਸਵਾਈਐਲ ਤੋਂ ਵੱਧ ਪਾਣੀ ਦੀ ਵਰਤੋਂ ਕਰ ਰਿਹਾ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਲਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਹੈ ਇਸ ਸੈਸ਼ਨ ਵਿਚ ਐੱਸਵਾਈਐੱਲ ਦੇ ਮੁੱਦੇ ਨੂੰ ਲੈ ਕੇ ਵਿਚਾਰ ਚਰਚਾ ਹੋਵੇਗੀ।
ਮੁੱਖ ਮੰਤਰੀ ਨੇ ਸਾਨੂੰ ਐਸਵਾਈਐਲ ਦੇ ਮੁੱਦੇ ਉੱਤੇ ਚਰਚਾ ਕਰਨ ਲਈ ਸੱਦਾ ਦਿੱਤਾ ਸੀ ਪਰ ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਕਹਿਣਾ ਹੈ ਕਿ ਹਰਿਆਣਾ ਨੂੰ ਉਸ ਦੇ ਹਿੱਸੇ ਦਾ ਪਾਣੀ ਮਿਲੇਗਾ। ਜਾਖੜ ਨੇ ਕਿਹਾ ਕਿ ਐਸ.ਵਾਈ.ਐਲ ਤੋਂ ਬਿਨਾਂ ਹਰਿਆਣਾ ਨੂੰ ਇਸ ਵੇਲੇ 13.3 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 12.24 ਐਮ.ਏ.ਐਫ ਪਾਣੀ ਮਿਲ ਰਿਹਾ ਹੈ ਜਦਕਿ ਪੰਜਾਬ ਨੂੰ 60 ਫੀਸਦੀ ਦੇ ਅਨੁਪਾਤ ਵਿਚ ਉਸ ਦਾ ਹੱਕ ਮਿਲਣਾ ਚਾਹੀਦਾ ਹੈ। ਜਾਖੜ ਨੇ ਕਿਹਾ ਕਿ ਹਰਿਆਣਾ ਨੂੰ ਐਸਵਾਈਐਲ ਤੋਂ ਬਿਨਾਂ ਵੀ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ।
ਪੰਜਾਬ ਭਾਜਪਾ ਪ੍ਰਧਾਨ ਨੇ ਕਿਹਾ ਕਿ ਇਸ ਮੁੱਦੇ ਉੱਤੇ ਸਿਆਸਤ ਕਰਨ ਦੀ ਬਜਾਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦਾ ਪਾਣੀ ਕਿਵੇਂ ਬਚਾਇਆ ਜਾ ਸਕਦਾ ਹੈ, ਇਸ ਬਾਰੇ ਡੂੰਘਾਈ ਨਾਲ ਅਧਿਐਨ ਕਰਨ ਦੀ ਲੋੜ ਹੈ।