ਹਲਕੇ ਦੇ ਲੋਕਾਂ ਨੇ ਮੇਰਾ ਕੰਮ ਪਸੰਦ ਨਹੀਂ ਕੀਤਾ : ਕੁਸ਼ਲਦੀਪ ਸਿੰਘ ਢਿੱਲੋਂ
ਫ਼ਰੀਦਕੋਟ 19 ਮਾਰਚ – (ਪ੍ਰਸ਼ੋਤਮ ਕੁਮਾਰ) – ਫ਼ਰੀਦਕੋਟ ਜ਼ਿਲ੍ਹੇ ਦੇ ਸੀਨੀਅਰ ਕਾਂਗਰਸੀ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਨੇ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਕਰਾਰੀ ਹਾਰ ਤੋਂ ਬਾਅਦ ਇੱਥੇ ਪਾਰਟੀ ਦੇ ਵਰਕਰਾਂ ਤੇ ਆਗੂਆਂ ਦੀ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਧਾਨ ਸਭਾ ਹਲਕਾ ਫਰੀਦਕੋਟ ਦੇ ਲੋਕਾਂ ਨੇ ਉਨ੍ਹਾਂ ਦੇ ਕੰਮ ਨੂੰ ਪਸੰਦ ਨਹੀਂ ਕੀਤਾ। ਇਸ ਲਈ ਉਹ ਆਪਣੇ ਕੀਤੇ ਕੰਮਾਂ ਬਾਰੇ ਪੁਨਰ-ਵਿਚਾਰ ਕਰਨਗੇ ਅਤੇ ਭਵਿੱਖ ਵਿੱਚ ਹੋਈਆਂ ਗਲਤੀਆਂ ਨੂੰ ਸੁਧਾਰਨ ਦੀ ਕੋਸ਼ਿਸ਼ ਕਰਨਗੇ। ਕਾਂਗਰਸੀ ਆਗੂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣੇ ਪੰਜ ਸਾਲ ਦੇ ਕਾਰਜਕਾਲ ਦੌਰਾਨ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਉੱਪਰ 765 ਕਰੋੜਾਂ ਰੁਪਏ ਖਰਚੇ। ਇਸ ਦੇ ਬਾਵਜੂਦ ਉਹ 20 ਹਜ਼ਾਰ ਵੋਟਾਂ ਦੇ ਫਰਕ ਨਾਲ ਹਾਰ ਗਏ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੁਸ਼ਲਦੀਪ ਸਿੰਘ ਢਿੱਲੋਂ ਸਖ਼ਤ ਮੁਕਾਬਲੇ ਦੇ ਬਾਵਜੂਦ 11 ਹਜ਼ਾਰ ਵੋਟਾਂ ਦੇ ਫਰਕ ਨਾਲ ਜਿੱਤੇ ਸਨ। ਕੁਸ਼ਲਦੀਪ ਸਿੰਘ ਢਿੱਲੋਂ ਨੇ ਇਸ ਮੀਟਿੰਗ ਵਿੱਚ ਫ਼ਰੀਦਕੋਟ ਜ਼ਿਲ੍ਹੇ ਦੀਆਂ ਤਿੰਨਾਂ ਸੀਟਾਂ ਉਪਰ ਪਾਰਟੀ ਦੀ ਹੋਈ ਹਾਰ ਬਾਰੇ ਵੀ ਵਿਚਾਰ ਚਰਚਾ ਕੀਤੀ। ਇਸ ਮੀਟਿੰਗ ਵਿਚ ਬਲਜਿੰਦਰ ਸਿੰਘ ਔਲਖ, ਗਿੰਦਰਜੀਤ ਸਿੰਘ ਮਚਾਕੀ, ਬਲਵੰਤ ਭਾਣਾ, ਕਰਮਜੀਤ ਸਿੰਘ ਟਹਿਣਾ ਆਦਿ ਵੀ ਹਾਜ਼ਰ ਸਨ।
ਕੈਪਸ਼ਨ: 19ਐਫਡੀਕੇ02- ਪਾਰਟੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ।