ਹਾਈ ਕੋਰਟ ‘ਚ ਪੰਜਾਬ ਪੁਲਿਸ ਦਾ ਹਲਫ਼ਨਾਮਾ, ਪੁਰਾਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਦਾ ਦਾਅਵਾ; ਲੋਕਾਂ ਲਈ ‘ਸੰਵਾਦ ਕੈਂਪ’ ਵੀ ਹੋਣਗੇ
13 ਜੁਲਾਈ 2026 ਤੱਕ ਦਰਜ ਹੋਈਆਂ ਸਾਰੀਆਂ ਸ਼ਿਕਾਇਤਾਂ ਦਾ 27 ਜੁਲਾਈ 2026 ਤੱਕ ਨਿਪਟਾਰਾ ਕਰ ਦਿੱਤਾ ਗਿਆ।

ਚੰਡੀਗੜ੍ਹ
ਬਿਊਰੋ ਰਿਪੋਰਟ
ਪੰਜਾਬ ਪੁਲਿਸ ਨੇ ਸੂਬੇ ਵਿੱਚ ਲੰਬੇ ਸਮੇਂ ਤੋਂ ਬਕਾਇਆ ਪਈਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਖ਼ਲ ਕਰਕੇ ਅਹਿਮ ਜਾਣਕਾਰੀ ਦਿੱਤੀ ਹੈ। ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਵੱਲੋਂ ਦਾਇਰ ਹਲਫ਼ਨਾਮੇ ਵਿੱਚ ਕਿਹਾ ਗਿਆ ਕਿ ਲੰਬਿਤ ਸ਼ਿਕਾਇਤਾਂ ਅਤੇ ਜਾਂਚਾਂ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਅਭਿਆਨ ਚਲਾਇਆ ਗਿਆ, ਜਿਸ ਦੇ ਨਤੀਜੇ ਵਜੋਂ 13 ਜੁਲਾਈ 2026 ਤੱਕ ਦਰਜ ਹੋਈਆਂ ਸਾਰੀਆਂ ਸ਼ਿਕਾਇਤਾਂ ਦਾ 27 ਜੁਲਾਈ 2026 ਤੱਕ ਨਿਪਟਾਰਾ ਕਰ ਦਿੱਤਾ ਗਿਆ। ਇਸ ਭਰੋਸੇ ਨੂੰ ਰਿਕਾਰਡ ‘ਤੇ ਲੈਂਦਿਆਂ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਅਤੇ ਹੋਰ ਕਿਸੇ ਹੁਕਮ ਦੀ ਲੋੜ ਨਹੀਂ ਸਮਝੀ।
ਜਸਟਿਸ ਐਨ.ਐਸ. ਸ਼ੇਖਾਵਤ ਦੀ ਬੈਂਚ ਅੱਗੇ ਸੁਣਵਾਈ ਦੌਰਾਨ ਸੂਬਾ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਧੀਕ ਐਡਵੋਕੇਟ ਜਨਰਲ ਨੇ ਦੱਸਿਆ ਕਿ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਕਾਨੂੰਨ ਵਿਵਸਥਾ) ਦੀਆਂ ਹਦਾਇਤਾਂ ‘ਤੇ ਸੂਬੇ ਭਰ ਵਿੱਚ ਲੰਬਿਤ ਸ਼ਿਕਾਇਤਾਂ ਅਤੇ ਜਾਂਚਾਂ ਦੇ ਸਮੇਂ ਸਿਰ ਨਿਪਟਾਰੇ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਅਭਿਆਨ ਤਹਿਤ ਪੁਰਾਣੇ ਮਾਮਲਿਆਂ ਦੀ ਲਗਾਤਾਰ ਸਮੀਖਿਆ ਕੀਤੀ ਗਈ ਅਤੇ ਉਨ੍ਹਾਂ ਨੂੰ ਜਲਦੀ ਨਿਪਟਾਉਣ ਦੀ ਪ੍ਰਕਿਰਿਆ ਨੂੰ ਹੋਰ ਤੇਜ਼ ਕੀਤਾ ਗਿਆ।
ਸੂਬਾ ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਡੀਜੀਪੀ ਪੰਜਾਬ ਨੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਸ਼ਿਕਾਇਤਾਂ ਦੀ ਜਾਂਚ ਦੌਰਾਨ ਕਾਨੂੰਨੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ। ਜਾਂਚ ਨਿਰਪੱਖ, ਪਾਰਦਰਸ਼ੀ ਅਤੇ ਕਾਨੂੰਨ ਮੁਤਾਬਕ ਹੋਣੀ ਚਾਹੀਦੀ ਹੈ ਤਾਂ ਜੋ ਸ਼ਿਕਾਇਤਕਰਤਾਵਾਂ ਦਾ ਵਿਸ਼ਵਾਸ ਬਣਿਆ ਰਹੇ ਅਤੇ ਕਿਸੇ ਵੀ ਤਰ੍ਹਾਂ ਦੀ ਕਾਨੂੰਨੀ ਖਾਮੀ ਦੀ ਸੰਭਾਵਨਾ ਨਾ ਰਹੇ।
ਅਦਾਲਤ ਨੂੰ ਇਹ ਵੀ ਦੱਸਿਆ ਗਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਨਿਪਟਾਰੇ ਲਈ ਪੰਜਾਬ ਪੁਲਿਸ ਵੱਲੋਂ “ਪਬਲਿਕ ਸ਼ਿਕਾਇਤ ਨਿਵਾਰਨ ਪੋਰਟਲ” ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਲੋਕ ਇੱਕੋ ਥਾਂ ‘ਤੇ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਣਗੇ ਅਤੇ ਉਨ੍ਹਾਂ ਦੀ ਪ੍ਰਗਤੀ ਬਾਰੇ ਜਾਣਕਾਰੀ ਵੀ ਪ੍ਰਾਪਤ ਕਰ ਸਕਣਗੇ। ਇਸ ਤੋਂ ਇਲਾਵਾ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ “ਸੰਵਾਦ ਕੈਂਪ” ਲਗਾਏ ਜਾਣਗੇ, ਜਿੱਥੇ ਲੋਕ ਆਪਣੀਆਂ ਸਮੱਸਿਆਵਾਂ ਸਿੱਧੇ ਅਧਿਕਾਰੀਆਂ ਸਾਹਮਣੇ ਰੱਖ ਸਕਣਗੇ ਅਤੇ ਮੌਕੇ ‘ਤੇ ਹੀ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
ਡੀਜੀਪੀ ਪੰਜਾਬ ਦੇ ਹਲਫ਼ਨਾਮੇ ਅਤੇ ਸੂਬਾ ਸਰਕਾਰ ਵੱਲੋਂ ਅਦਾਲਤ ਵਿੱਚ ਦਿੱਤੇ ਭਰੋਸੇ ਨੂੰ ਰਿਕਾਰਡ ‘ਤੇ ਦਰਜ ਕਰਦਿਆਂ ਜਸਟਿਸ ਐਨ.ਐਸ. ਸ਼ੇਖਾਵਤ ਨੇ ਕਿਹਾ ਕਿ ਹੁਣ ਇਸ ਮਾਮਲੇ ਵਿੱਚ ਹੋਰ ਕਿਸੇ ਦਖ਼ਲ ਜਾਂ ਹੁਕਮ ਦੀ ਲੋੜ ਨਹੀਂ ਹੈ। ਇਸ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


