ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ
ਗਿਣਤੀ ਕੇਂਦਰ ਅੰਦਰ ਕਿਸੇ ਨੂੰ ਵੀ ਫੋਨ ਲਿਜਾਣ ਦੀ ਆਗਿਆ ਨਹੀਂ ਹੋਵੇਗੀ
ਜੰਡਿਆਲਾ ਗੁਰੂ, 7 ਮਾਰਚ (ਪਿੰਕੂ ਆਨੰਦ, ਸੰਜੀਵ ਸੂਰੀ) – ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ ਜਿਲ੍ਹਾ ਤਰਨ ਤਾਰਨ ਦੇ ਚਾਰ ਵਿਧਾਨ ਸਭਾ ਹਲਕਿਆਂ ਦੀਆਂ 20 ਫਰਵਰੀ ਨੂੰ ਪਈਆਂ ਵੋਟਾਂ ਦੀ 10 ਮਾਰਚ ਨੂੰ ਹੋਣ ਵਾਲੀ ਗਿਣਤੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਜਾਇਜ਼ਾ ਲਿਆ ਗਿਆ।ਉਹਨਾਂ ਦੱਸਿਆ ਕਿ ਜਿਲ੍ਹਾ ਤਰਨ ਤਾਰਨ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਤਰਨ ਤਾਰਨ, ਖੇਮਕਰਨ, ਪੱਟੀ ਅਤੇ ਖਡੂਰ ਸਾਹਿਬ ਲਈ ਗਿਣਤੀ 10 ਮਾਰਚ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ, ਜਿਸ ਲਈ ਹਰੇਕ ਵਿਧਾਨ ਸਭਾ ਹਲਕੇ ਲਈ ਵੱਖਰਾ ਗਿਣਤੀ ਕੇਂਦਰ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਤਰਨ ਤਾਰਨ ਤੇ ਖੇਮਕਰਨ ਲਈ ਮਹਾਰਾਜਾ ਰਣਜੀਤ ਸਿੰਘ ਪਬਲਿਕ ਸਕੂਲ ਨੂੁਰਦੀ ਰੋਡ ਤਰਨ ਤਾਰਨ ਵਿਖੇ ਗਿਣਤੀ ਕੇਂਦਰ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕਾ ਪੱਟੀ ਦਾ ਗਿਣਤੀ ਕੇਂਦਰ ਪੰਜਾਬ ਲਾਅ ਕਾਲਜ ਉਸਮਾ ਵਿਖੇ ਅਤੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦਾ ਗਿਣਤੀ ਕੇਂਦਰ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਵਿਖੇ ਸਥਾਪਿਤ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਵੋਟਾਂ ਦੀ ਸੁਚਾਰੂ ਤਰੀਕੇ ਨਾਲ ਗਿਣਤੀ ਲਈ 400 ਤੋਂ ਵੱਧ ਅਧਿਕਾਰੀ ਤੇ ਕਰਮਚਾਰੀ ਤਾਇਨਾਤ ਕੀਤੇ ਜਾ ਰਹੇ ਹਨ, ਜਿਸ ਵਿੱਚ ਹਰੇਕ ਗਿਣਤੀ ਟੇਬਲ ਉੱਪਰ ਗਿਣਤੀ ਸਹਾਇਕ, ਗਿਣਤੀ ਸੁਪਰਵਾਈਜ਼ਰ, ਮਾਈਕ੍ਰੋ ਅਬਜ਼ਰਵਰ ਤੇ ਅਟੈਂਡੈਂਟ ਤਾਇਨਾਤ ਕੀਤੇ ਜਾਣਗੇ।ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਿਸੇ ਨੂੰ ਵੀ ਮੋਬਾਇਲ ਲੈ ਕੇ ਗਿਣਤੀ ਕੇਂਦਰ ਦੇ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਕਰਮਚਾਰੀਆਂ ਲਈ ਜਾਰੀ ਕੀਤੇ ਗਏ ਪਾਸ ਅਤੇ ਗਿਣਤੀ ਦੀ ਕਵਰੇਜ਼ ਲਈ ਪੱਤਰਕਾਰਾਂ ਕੋਲ ਭਾਰਤੀ ਚੋਣ ਕਮਿਸ਼ਨ ਦੁਆਰਾ ਜਾਰੀ ਕੀਤਾ ਗਿਆ “ਕਾਊਂਟਿੰਗ ਪਾਸ” ਹੋਣਾ ਲਾਜ਼ਮੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗਿਣਤੀ ਸਟਾਫ ਵਲੋਂ ਹਰੇਕ ਰਾਊਂਡ ਦੀ ਗਿਣਤੀ ਤੋਂ ਬਾਅਦ ਰਿਟਰਨਿੰਗ ਅਫਸਰ ਨੂੰ ਰਿਪੋਰਟ ਸੌਂਪੀ ਜਾਵੇਗੀ, ਜਿਸਨੂੰ ਅੱਗੋਂ ਭਾਰਤੀ ਚੋਣ ਕਮਿਸ਼ਨ ਤੇ ਮੁੱਖ ਚੋਣ ਅਧਿਕਾਰੀ ਪੰਜਾਬ ਨੂੰ ਭੇਜਿਆ ਜਾਵੇਗਾ।