2027 ਦੀਆਂ ਚੋਣਾਂ ਤੋਂ ਪਹਿਲਾਂ ਅਕਾਲੀ-ਭਾਜਪਾ ਸੀਟਾਂ ਦੀ ਵੰਡ ਬਾਰੇ ਫੈਲਿਆ ਭੰਬਲਭੂਸਾ
ਉਮੀਦਵਾਰਾਂ ਦੇ ਨਾਵਾਂ ਅਤੇ ਹਲਕਿਆਂ ਵਾਲੀ ਸੂਚੀ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਦੱਸਿਆ ਜਾਅਲੀ; ਪਾਰਟੀ ਬੋਲੀ- ਅਧਿਕਾਰਤ ਫੈਸਲੇ ਤੋਂ ਪਹਿਲਾਂ ਫੈਲਾਈਆਂ ਜਾ ਰਹੀਆਂ ਪੋਸਟਾਂ ਤੋਂ ਬਚੋ

ਚੰਡੀਗੜ੍ਹ : ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸ ਦੌਰਾਨ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰਾਂ ਦੀਆਂ ਸੀਟਾਂ ਸਬੰਧੀ ਇੱਕ ਸੂਚੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਇਸ ਸੂਚੀ ਵਿੱਚ ਦੋਵਾਂ ਪਾਰਟੀਆਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਹਲਕਿਆਂ ਦਾ ਵੇਰਵਾ ਦਿੱਤਾ ਗਿਆ ਹੈ। ਪਰ ਅਕਾਲੀ ਦਲ ਨੇ ਇਸ ਨੂੰ ਫਰਜ਼ੀ ਕਰਾਰ ਦਿੰਦਿਆਂ ਸਿਰੇ ਤੋਂ ਖਾਰਜ ਕਰ ਦਿੱਤਾ ਹੈ।
ਪਾਰਟੀ ਨੇ ਕਿਹਾ ਕਿ ਕੁਝ ਸਿਆਸੀ ਪਾਰਟੀਆਂ ਅਤੇ ਸ਼ਰਾਰਤੀ ਅਨਸਰ ਸੰਭਾਵਿਤ ਸੀਟਾਂ ਦੀ ਵੰਡ ਬਾਰੇ ਗਲਤ ਜਾਣਕਾਰੀ ਫੈਲਾ ਰਹੇ ਹਨ। ਅਕਾਲੀ ਦਲ ਅਨੁਸਾਰ, ਵਾਇਰਲ ਹੋ ਰਹੀ ਸੂਚੀ ਦਾ ਕੋਈ ਅਧਿਕਾਰਤ ਆਧਾਰ ਨਹੀਂ ਹੈ। ਪਾਰਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀਆਂ ਜਾਅਲੀ ਪੋਸਟਾਂ ’ਤੇ ਭਰੋਸਾ ਨਾ ਕਰਨ ਅਤੇ ਬਿਨਾਂ ਪੁਸ਼ਟੀ ਕੀਤੀ ਜਾਣਕਾਰੀ ਨੂੰ ਅੱਗੇ ਸਾਂਝਾ ਕਰਨ ਤੋਂ ਗੁਰੇਜ਼ ਕਰਨ।
ਅਕਾਲੀ ਦਲ ਨੇ ਸਪੱਸ਼ਟ ਕੀਤਾ ਕਿ ਭਾਜਪਾ ਨਾਲ ਸੀਟਾਂ ਦੀ ਵੰਡ ਬਾਰੇ ਜਦੋਂ ਵੀ ਕੋਈ ਸਮਝੌਤਾ ਅੰਤਿਮ ਰੂਪ ਵਿੱਚ ਤੈਅ ਹੋਵੇਗਾ, ਉਸ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ।
ਛੇ ਸਾਲਾਂ ਦੀ ਦੂਰੀ ਮਗਰੋਂ ਮੁੜ ਜੁੜੇ ਅਕਾਲੀ ਦਲ ਅਤੇ ਭਾਜਪਾ ਦੇ ਸਿਆਸੀ ਰਾਹ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੀ ਸਿਆਸਤ ਵਿੱਚ ਵੱਡਾ ਸਿਆਸੀ ਬਦਲਾਅ ਸਾਹਮਣੇ ਆਇਆ। ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਨੇ ਕਰੀਬ ਛੇ ਸਾਲਾਂ ਬਾਅਦ ਮੁੜ ਗੱਠਜੋੜ ਕਰਨ ਦਾ ਐਲਾਨ ਕੀਤਾ। 24 ਨਵੰਬਰ 2026 ਨੂੰ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਿਆਸੀ ਸਾਂਝ ਦਾ ਐਲਾਨ ਕੀਤਾ।
ਪੰਜਾਬ ਵਿੱਚ ਅਕਾਲੀ ਦਲ ਦੀ ਅਗਵਾਈ ਹੇਠ ਚੋਣਾਂ ਲੜਨ ਦਾ ਸੰਕੇਤ
ਗੱਠਜੋੜ ਦੇ ਐਲਾਨ ਦੌਰਾਨ ਅਮਿਤ ਸ਼ਾਹ ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਵੱਡੇ ਭਾਈਵਾਲ ਦੀ ਭੂਮਿਕਾ ਨਿਭਾਏਗਾ ਅਤੇ ਮੁੱਖ ਮੰਤਰੀ ਦਾ ਚਿਹਰਾ ਵੀ ਅਕਾਲੀ ਦਲ ਵੱਲੋਂ ਹੋਵੇਗਾ। ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਨੂੰ ਸਿਰਫ਼ ਸਿਆਸੀ ਸਮਝੌਤਾ ਨਹੀਂ, ਸਗੋਂ ਭਾਵਨਾਤਮਕ ਰਿਸ਼ਤਾ ਦੱਸਿਆ।
ਕਿਸਾਨ ਅੰਦੋਲਨ ਦੌਰਾਨ ਸਾਲ 2020 ਵਿੱਚ ਟੁੱਟਿਆ ਇਹ ਗੱਠਜੋੜ ਹੁਣ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਜੁੜ ਗਿਆ ਹੈ। ਦੋਵਾਂ ਪਾਰਟੀਆਂ ਦੀ ਇਸ ਸਾਂਝ ਨਾਲ ਸੂਬੇ ਦੀ ਸਿਆਸਤ ਵਿੱਚ ਨਵੇਂ ਸਮੀਕਰਨ ਬਣਨ ਦੀ ਸੰਭਾਵਨਾ ਹੈ।
-(ਟੀਵੀ 9 ਪੰਜਾਬੀ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


