454 ਫਾਰਮੇਸੀ ਅਫਸਰਾਂ ਦੀ ਭਰਤੀ ’ਤੇ ਅਦਾਲਤੀ ਬ੍ਰੇਕ, ਪੰਜਾਬ ਸਰਕਾਰ ਨੂੰ ਜਵਾਬ ਲਈ ਮਿਲਿਆ ਸਮਾਂ
ਅਦਾਲਤ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਅਗਲੀ ਸੁਣਵਾਈ ਤੱਕ ਰੋਕ ਦਿੱਤਾ ਹੈ।

ਫ਼ਰੀਦਕੋਟ
ਪੰਜਾਬ ਵਿੱਚ 454 ਫਾਰਮੇਸੀ ਅਫਸਰਾਂ ਦੀ ਭਰਤੀ ਨਾਲ ਜੁੜੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵੱਡਾ ਫ਼ੈਸਲਾ ਲਿਆ ਹੈ। ਅਦਾਲਤ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼, ਫ਼ਰੀਦਕੋਟ ਵੱਲੋਂ ਕੀਤੀ ਜਾ ਰਹੀ ਭਰਤੀ ਪ੍ਰਕਿਰਿਆ ਨੂੰ ਅਗਲੀ ਸੁਣਵਾਈ ਤੱਕ ਰੋਕ ਦਿੱਤਾ ਹੈ।
ਹਾਈਕੋਰਟ ਨੇ ਸਪੱਸ਼ਟ ਕੀਤਾ ਹੈ ਕਿ 11 ਜੂਨ 2026 ਨੂੰ ਜਾਰੀ ਕੀਤੇ ਗਏ ਇਸ਼ਤਿਹਾਰ ਤਹਿਤ ਫਾਰਮੇਸੀ ਅਫਸਰਾਂ ਦੀ ਨਿਯੁਕਤੀ ਦੀ ਪ੍ਰਕਿਰਿਆ ਫਿਲਹਾਲ ਅੱਗੇ ਨਹੀਂ ਵਧੇਗੀ। ਇਸ ਇਸ਼ਤਿਹਾਰ ਰਾਹੀਂ 454 ਅਹੁਦਿਆਂ ’ਤੇ ਭਰਤੀ ਕੀਤੀ ਜਾਣੀ ਸੀ।
ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾਵਾਂ ਵੱਲੋਂ ਵਕੀਲ ਅਦਾਲਤ ਵਿੱਚ ਪੇਸ਼ ਹੋਏ, ਜਦਕਿ ਪੰਜਾਬ ਸਰਕਾਰ ਦੀ ਤਰਫੋਂ ਐਡਵੋਕੇਟ ਜਨਰਲ ਵੀ ਹਾਜ਼ਰ ਰਹੇ। ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਮਾਮਲਾ ਹਾਈਕੋਰਟ ਵਿੱਚ ਪੈਂਡਿੰਗ ਹੋਣ ਕਾਰਨ ਫਾਰਮੇਸੀ ਅਫਸਰਾਂ ਦੀਆਂ ਨਿਯੁਕਤੀਆਂ ਦੀ ਪ੍ਰਕਿਰਿਆ ਵੀ ਰੁਕੀ ਹੋਈ ਹੈ।
ਇਸ ਮਾਮਲੇ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਪੇਪਰ ਲੀਕ ਦੇ ਦੋਸ਼ ਵੀ ਲਗਾਏ ਗਏ ਹਨ। ਵਿਰੋਧੀ ਆਗੂਆਂ ਦਾ ਦਾਅਵਾ ਹੈ ਕਿ ਕਥਿਤ ਪੇਪਰ ਲੀਕ ਕਾਰਨ ਹੀ ਭਰਤੀ ਪ੍ਰਕਿਰਿਆ ਵਿਵਾਦਾਂ ਵਿੱਚ ਆਈ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਮਾਮਲੇ ’ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ।
ਉੱਧਰ ਪੰਜਾਬ ਸਰਕਾਰ ਨੇ ਹਾਈਕੋਰਟ ਵਿੱਚ ਆਪਣਾ ਜਵਾਬ ਦਾਖ਼ਲ ਕਰਨ ਲਈ ਹੋਰ ਸਮਾਂ ਮੰਗਿਆ। ਅਦਾਲਤ ਨੇ ਸਰਕਾਰ ਦੀ ਇਹ ਮੰਗ ਮਨਜ਼ੂਰ ਕਰ ਲਈ ਹੈ।
ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 17 ਸਤੰਬਰ 2026 ਨੂੰ ਹੋਵੇਗੀ। ਹਾਈਕੋਰਟ ਨੇ ਨਿਰਦੇਸ਼ ਦਿੱਤਾ ਹੈ ਕਿ ਜੇਕਰ ਮਾਮਲੇ ਵਿੱਚ ਕੋਈ ਜਵਾਬ ਦਾਖ਼ਲ ਕੀਤਾ ਜਾਣਾ ਹੈ ਤਾਂ ਉਹ ਅਗਲੀ ਸੁਣਵਾਈ ਤੋਂ ਘੱਟੋ-ਘੱਟ ਇੱਕ ਹਫ਼ਤਾ ਪਹਿਲਾਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਇਸ ਦੇ ਨਾਲ ਹੀ ਜਵਾਬ ਦੀ ਇੱਕ ਕਾਪੀ ਪਟੀਸ਼ਨਕਰਤਾਵਾਂ ਦੇ ਵਕੀਲਾਂ ਨੂੰ ਵੀ ਦੇਣੀ ਹੋਵੇਗੀ।
ਫਿਲਹਾਲ ਅਦਾਲਤੀ ਹੁਕਮਾਂ ਕਾਰਨ 454 ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰਕਿਰਿਆ ਰੁਕੀ ਰਹੇਗੀ ਅਤੇ ਅਗਲਾ ਫ਼ੈਸਲਾ 17 ਸਤੰਬਰ ਦੀ ਸੁਣਵਾਈ ਤੋਂ ਬਾਅਦ ਸਪੱਸ਼ਟ ਹੋਵੇਗਾ।
-(ਪੰਜਾਬੀ ਜਾਗਰਣ)
ਨੋਟ– ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


